- ਨਾਜਾਇਜ਼ ਹਥਿਆਰ ਤੇ 6 ਮੋਬਾਈਲ ਵੀ ਬਰਾਮਦ
ਅੰਮ੍ਰਿਤਸਰ, 29 ਸਤੰਬਰ 2024 – ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ 6 ਕਿਲੋ ਹੈਰੋਇਨ, 67 ਕਾਰਤੂਸ, 2 ਮੈਗਜ਼ੀਨ, 6 ਮੋਬਾਈਲ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਕਾਊਂਟਰ ਇੰਟੈਲੀਜੈਂਸ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪਿੰਡ ਜਾਫਰਪੁਰ ਜ਼ਿਲਾ ਗੁਰਦਾਸਪੁਰ ‘ਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਮੁਲਜ਼ਮ ਆਪਣਾ ਬੈਗ ਸੁੱਟ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਤਲਾਸ਼ੀ ਦੌਰਾਨ ਮੌਕੇ ਤੋਂ 6 ਕਿਲੋ ਹੈਰੋਇਨ ਸਮੇਤ .30 ਬੋਰ ਦੇ 67 ਜਿੰਦਾ ਕਾਰਤੂਸ, 2 ਮੈਗਜ਼ੀਨ ਅਤੇ 6 ਮੋਬਾਈਲ ਫੋਨ ਸਮੇਤ ਟੁੱਟਿਆ ਹੋਇਆ ਆਈਫੋਨ ਅਤੇ ਜੀਓ ਡੌਂਗਲ ਬਰਾਮਦ ਕੀਤਾ ਗਿਆ। ਪੁਲੀਸ ਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਫ਼ਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੀ ਪੁਲਿਸ ਨੇ ਨਸ਼ਾ ਤਸਕਰ ਇਕਬਾਲ ਸਿੰਘ ਵਾਸੀ ਪਿੰਡ ਜਾਫਰਪੁਰ ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਧਾਰਾ 21, 25, 29 ਐਨਡੀਪੀਐਸ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਹੈ।