ਫਿਰੋਜ਼ਪੁਰ, 18 ਫਰਵਰੀ 2024 – ਫਾਜ਼ਿਲਕਾ – ਫਿਰੋਜ਼ਪੁਰ ਹਾਈਵੇ ‘ਤੇ ਫਲਾਈਓਵਰ ਨੇੜੇ ਕੈਸ਼ ਲੈ ਕੇ ਜਾ ਰਹੇ ਗੈਸ ਏਜੰਸੀ ਦੇ ਕਰਮਚਾਰੀਆਂ ਤੋਂ ਲੱਖਾਂ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁਝ ਵਿਅਕਤੀਆਂ ਵੱਲੋਂ ਅੱਖਾਂ ਵਿੱਚ ਮਿਰਚਾਂ ਪਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੌਰਾਨ ਦੋ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।
ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਫਾਜ਼ਿਲਕਾ ‘ਚ ਜ਼ੇਰੇ ਇਲਾਜ ਸੁਖਦੀਪ ਨੇ ਦੱਸਿਆ ਕਿ ਉਹ ਆਪਣੇ ਇਕ ਹੋਰ ਸਾਥੀ ਨਾਲ ਕਾਰ ‘ਚ 12-13 ਲੱਖ ਰੁਪਏ ਦੀ ਨਕਦੀ ਲੈ ਕੇ ਜਾ ਰਿਹਾ ਸੀ। ਜਦੋਂ ਉਹ ਫਲਾਈਓਵਰ ਨੇੜੇ ਪਹੁੰਚਿਆ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ। ਜਿਸ ਤੋਂ ਬਾਅਦ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 7 ਲੱਖ ਰੁਪਏ ਦੀ ਨਕਦੀ ਲੁੱਟ ਲਈ, ਜਦਕਿ 5 ਲੱਖ ਰੁਪਏ ਦੀ ਨਕਦੀ ਬਚ ਗਈ। ਨਕਦੀ ਲੁੱਟਣ ਤੋਂ ਬਾਅਦ ਅਣਪਛਾਤੇ ਵਿਅਕਤੀ ਫਰਾਰ ਹੋਣ ‘ਚ ਕਾਮਯਾਬ ਹੋ ਗਏ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।