ਮੋਹਾਲੀ, 26 ਜਨਵਰੀ 2025 – ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨ, ਲਾਲੜੂ, ਬੱਲੋਪੁਰ ਵਿਖੇ 76ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਕਾਲਜ ਦੇ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਲੋਕਾਂ ਨੂੰ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਫੌਜ ਵਿੱਚੋਂ ਸੇਵਾਮੁਕਤ ਸੂਬੇਦਾਰ ਮੰਗਤ ਰਾਮ ਨੇ ਕਾਲਜ ਦੇ ਸਹਾਇਕ ਪ੍ਰੋਫੈਸਰ ਉਰੂਜ਼ ਨਾਲ ਮਿਲ ਕੇ ਝੰਡਾ ਲਹਿਰਾਇਆ ਅਤੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ।
ਇਸ ਮੌਕੇ ਸੰਸਥਾ ਦੀ ਕਾਰਜਕਾਰੀ ਡਾਇਰੈਕਟਰ ਕੰਵਲਜੀਤ ਕੌਰ ਨੇ ਸਾਰਿਆਂ ਨੂੰ ਸੰਦੇਸ਼ ਦਿੱਤਾ ਕਿ ਗਣਤੰਤਰ ਦਿਵਸ ਸਾਨੂੰ ਦੇਸ਼ ਭਗਤੀ ਅਤੇ ਦੇਸ਼ ਪ੍ਰੇਮ ਦਾ ਸੰਦੇਸ਼ ਦਿੰਦਾ ਹੈ। ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਸਾਰਿਆਂ ਨੇ ਅੱਗੇ ਆ ਕੇ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਲੋਕਾਂ ਦਾ ਮਨ ਮੋਹ ਲਿਆ।
ਸੰਸਥਾ ਦੇ ਚੇਅਰਮੈਨ ਡਾ: ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਦੇਸ਼ ਭਗਤੀ ਦੇ ਗੀਤ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ |
ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਪ੍ਰੋਗਰਾਮ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੇ ਸਟਾਫ਼ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਸਾਰਿਆਂ ਨੂੰ ਸਿੱਖਿਆ ਪ੍ਰਤੀ ਗੰਭੀਰ ਹੋਣ ਦਾ ਸੱਦਾ ਦਿੱਤਾ ਤਾਂ ਜੋ ਇਲਾਕੇ ਨੂੰ ਤਰੱਕੀ ਦੀਆਂ ਲੀਹਾਂ ‘ਤੇ ਤੋਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਪ੍ਰਤੀ ਆਪਣਾ ਫਰਜ਼ ਹਰ ਹਾਲਤ ਵਿੱਚ ਨਿਭਾਉਣਾ ਚਾਹੀਦਾ ਹੈ।
ਅੰਤ ‘ਚ ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਹਾਜ਼ਰ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀ ਕੁਰਬਾਨੀ ਦੇ ਬਲ ‘ਤੇ ਆਜ਼ਾਦੀ ਮਿਲੀ ਹੈ | ਸਾਨੂੰ ਉਨ੍ਹਾਂ ਦੀ ਕੁਰਬਾਨੀ ਨੂੰ ਨਹੀਂ ਭੁੱਲਣਾ ਚਾਹੀਦਾ, ਜਿਸ ਦੀ ਸਾਨੂੰ ਸਾਰਿਆਂ ਨੂੰ ਕਦਰ ਕਰਨੀ ਚਾਹੀਦੀ ਹੈ, ਇਸ ਕੰਮ ਵਿੱਚ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।