ਚੰਡੀਗੜ੍ਹ, 6 ਮਾਰਚ 2024 – ਵਿਧਾਨ ਸਭਾ ਵਿਚੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਸਦਨ ਦੀ ਕਾਰਵਾਈ ਵਿਚ ਵਿਗਨ ਪਾਉਣ ਦੇ ਦੋਸ਼ਾਂ ਤਹਿਤ ਸਪੀਕਰ ਕੁਲਤਾਰ ਸੰਧਵਾਂ ਵਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਪਹਿਲਾਂ ਇਨ੍ਹਾਂ ਕਾਂਗਰਸੀ ਵਿਧਾਇਕਾਂ ਨੂੰ ਸਦਨ ਵਿਚੋਂ ਬਾਹਰ ਕੱਢਿਆ ਅਤੇ ਫਿਰ ਸਸਪੈਂਡ ਕਰ ਦਿੱਤਾ ਗਿਆ।
ਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਸੈਸ਼ਨ ਦੇ ਚੌਥੇ ਦਿਨ ਦੀ ਕਾਰਵਾਈ ਚੱਲ ਰਹੀ ਸੀ। ਕੱਲ੍ਹ (5 ਮਾਰਚ) ਨੂੰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਬਹਿਸ ਹੋ ਰਹੀ ਸੀ। ਸਰਕਾਰ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇ ਰਹੀ ਸੀ। ਇਸ ਦੌਰਾਨ ਸਪੀਕਰ ਨੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਦਨ ਵਿੱਚ ਬੋਲਣ ਤੋਂ ਰੋਕ ਦਿੱਤਾ। ਸਪੀਕਰ ਨੇ ਕਿਹਾ ਕਿ ਤੁਹਾਡਾ ਸਮਾਂ ਪੂਰਾ ਹੋ ਗਿਆ ਹੈ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ।
ਜਿਸ ਤੋਂ ਬਾਅਦ ਸਪੀਕਰ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਲਈ ਮੁਅੱਤਲ ਕਰ ਦਿੱਤਾ ਗਿਆ। ਮਾਰਸ਼ਲਾਂ ਨੂੰ ਬੁਲਾਇਆ ਗਿਆ ਅਤੇ ਕਾਂਗਰਸੀ ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢ ਦਿੱਤਾ ਗਿਆ।