ਆਮ ਆਦਮੀ ਪਾਰਟੀ 2022 ‘ਚ ਬਣਾਵੇਗੀ ਸਰਕਾਰ : ਰਾਘਵ ਚੱਢਾ

…ਕੈਪਟਨ ਅਮਰਿੰਦਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ, ਸਾਰੇ ਵਾਅਦਿਆਂ ਤੋਂ ਮੁਕਰੇ

ਅੰਮ੍ਰਿਤਸਰ, 1 ਜਨਵਰੀ 2021 – ਪੰਜਾਬ ‘ਚ 2022 ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ। ਪੰਜਾਬ ਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਵਾਰੀ-ਵਾਰੀ ਸੱਤਾ ਵਿੱਚ ਰਹਿੰਦੇ ਹੋਏ ਲੁੱਟਿਆ ਹੈ। ਹੁਣ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਨੂੰ ਤਰੱਕੀ ਦੇ ਰਾਹ ਉੱਤੇ ਸਿਰਫ ਇਕ ਪਾਰਟੀ ਹੀ ਲਿਜਾ ਸਕਦੀ ਹੈ, ਇਸ ਵਾਰ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਵ ਨਿਯੁਕਤ ਸਹਿ ਇੰਚਾਰਜ ਰਾਘਵ ਚੱਢਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਰਾਘਵ ਚੱਢਾ ਸਹਿ ਇੰਚਾਰਜ ਵਜੋਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ ਉੱਤੇ ਆਏ ਹੋਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ, ਘਰ-ਘਰ ਨੌਕਰੀ ਦੇਣ, 4 ਹਫਤਿਆਂ ‘ਚ ਨਸ਼ੇ ਖਤਮ ਕਰਨ ਤੋਂ ਇਲਾਵਾ ਹੋਰ ਅਨੇਕਾਂ ਵਾਅਦੇ ਕੀਤੇ ਸਨ, ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਕੈਪਟਨ ਸੱਤਾ ਦੇ ਨਸ਼ੇ ਵਿੱਚ ਆਪਣੇ ਲੋਕਾਂ ਨੂੰ ਹੀ ਭੁੱਲਕੇ ਸਾਰੇ ਵਾਅਦਿਆਂ ਤੋਂ ਮੁਕਰ ਗਏ। ਉਨ੍ਹਾਂ ਕਿਹਾ ਕਿ ਜਮੀਨ ਖੋਹਣ ਵਾਲੇ ਕਾਲੇ ਕਾਨੂੰਨ ਸਬੰਧੀ ਬਣੀ ਹਾਈਪਾਵਰ ਕਮੇਟੀ ਦਾ ਮੈਂਬਰ ਹੁੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗਦਾਰੀ ਕਰਦਿਆਂ ਇਸ ਕਾਨੂੰਨ ਨੂੰ ਸਹਿਮਤੀ ਦਿੱਤੀ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਖੇਤੀ ਪ੍ਰਧਾਨ ਸੂਬਾ ਦਾ ਮੁੱਖ ਮੰਤਰੀ ਹੁੰਦੇ ਹੋਏ ਵਿਰੋਧ ਕਰਦੇ ਅਤੇ ਕਮੇਟੀ ਦਾ ਬਾਈਕਾਟ ਕਰਕੇ ਲੋਕਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਦੱਸਦੇ।

ਬਾਦਲ ਦਲ ਉੱਤੇ ਵਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਇਹ ਕਾਲੇ ਕਾਨੂੰਨ ਆਏ ਤਾਂ ਕੁਰਸੀ ਦੇ ਲਾਲਚ ‘ਚ ਬਾਦਲ ਦਲ ਕੇਂਦਰ ਦੀ ਮੋਦੀ ਸਰਕਾਰ ਦਾ ਹਿੱਸਾ ਰਿਹਾ। ਬਿੱਲ ਆਉਣ ਤੋਂ ਬਾਅਦ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦਾ ਗੁਣਗਾਨ ਕਰਦਾ ਰਿਹਾ। ਜਦੋਂ ਇਹ ਸੰਸਦ ਵਿੱਚ ਪਾਸ ਹੋਣ ਤੋਂ ਬਾਅਦ ਕਾਨੂੰਨ ਬਣੇ ਤਾਂ ਵੀ ਬੀਬੀ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਬਣੀ ਰਹੀ। ਪ੍ਰੰਤੂ ਜਦੋਂ ਲੋਕਾਂ ‘ਚ ਗੁੱਸਾ ਦੇਖਿਆ ਤਾਂ ਮਜਬੂਰੀ ‘ਚ ਦੁੱਖੀ ਮਨ ਨਾਲ ਅਸਤੀਫਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਬਾਦਲ ਦਲ ਅਜਿਹੀ ਪਾਰਟੀ ਹੈ ਜਿਸ ਨੂੰ ਦੇਸ਼ ਭਰ ‘ਚੋਂ ਸਭ ਤੋਂ ਵੱਧ ਨਫਰਤ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ, ਬਾਦਲ ਦਲ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਉਣ ਲਈ, ਅੰਧਕਾਰ ‘ਚੋਂ ਕੱਢਣ ਲਈ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਤੋਂ ਹੀ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਸਰਕਾਰ ਸਮੇਂ ਕਿਸੇ ਵਿਸ਼ੇਸ਼ ਵਿਅਕਤੀ ਲਈ ਨਹੀਂ ਲੋਕਾਂ ਲਈ ਕੰਮ ਕੀਤਾ ਗਿਆ ਹੈ। ਖਾਸ ਕਰਕੇ ਕੇਜਰੀਵਾਲ ਸਰਕਾਰ ਨੇ ਸਿਹਤ ਅਤੇ ਸਿੱਖਿਆ ਖੇਤਰ ਵਿਚ ਜੋ ਕੰਮ ਕੀਤਾ ਹੈ ਉਸ ਤੋਂ ਲੋਕ ਬਹੁਤ ਪ੍ਰਭਾਵਿਤ ਹਨ।

ਉਨ੍ਹਾਂ ਕਿਹਾ ਕਿ ਅੱਜ ਦਿੱਲੀ ਦੀ ਸਰਹੱਦ ਉੱਤੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਕੇਜਰੀਵਾਲ ਸਰਕਾਰ ਇਕ ਸੇਵਾਦਾਰ ਵਜੋਂ ਕੰਮ ਕਰ ਰਹੀ ਹੈ। ਇਸਦੇ ਚਲਦੇ ਹੋਏ ਪਾਰਟੀ ਦੇ ਆਗੂਆਂ ਦੇ ਘਰ ਉੱਤੇ ਭਾਜਪਾ ਦੇ ਗੁੰਡਿਆਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰੰਤੂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿੱਧੇ ਤੌਰ ਉੱਤੇ ਕਹਿ ਦਿੱਤਾ ਹੈ ਕਿ ਆਖਰੀ ਸਾਹ ਤੱਕ ਕਿਸਾਨਾਂ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪੰਜਾਬ ਵਿੱਚ ਮੁੱਖ ਮੰਤਰੀ ਦਾ ਚੇਹਰਾ ਬਣਾਉਣ ਸਬੰਧੀ ਪੁੱਛੇ ਜਾਣ ਉੱਤੇ ਕਿਹਾ ਕਿ ਪਾਰਟੀ ਵੱਲੋਂ ਛੇਤੀ ਹੀ ਦੱਸ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਜਨਤਾ ਵਿੱਚੋਂ ਹੀ ਕੋਈ ਹੋਵੇਗਾ। ਅਜਿਹਾ ਵਿਅਕਤੀ ਦਾ ਨਾਮ ਮੁੱਖ ਮੰਤਰੀ ਦੇ ਅਹੁਦੇ ਲਈ ਹੋਵੇਗਾ ਜਿਸ ਉੱਤੇ ਪੰਜਾਬ ਦੀ ਜਨਤਾ ਨੂੰ ਮਾਣ ਹੋਵੇ।

ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਅੱਜ ਕੋਰੋਨੇ ਦੀ ਆੜ ਵਿੱਚ ਸਵਾਲਾਂ ਦੇ ਜਵਾਬ ਦੇਣ ਤੋਂ ਭਜਦੀ ਹੋਈ ਪਾਰਲੀਮੈਂਟ ਇਜਲਾਸ ਨਹੀਂ ਬੁਲਾ ਰਹੀ, ਜਦੋਂ ਕਿ ਦੂਜੇ ਪਾਸੇ ਭਾਜਪਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕੇਂਦਰੀ ਕਾਲੇ ਕਾਨੂੰਨਾਂ ਖਿਲਾਫ ਡੱਟਕੇ ਵਿਰੋਧ ਕਰ ਰਹੀ ਹੈ ਅਤੇ ਅੱਗੇ ਜਾਰੀ ਰਹੇਗਾ।

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 2017 ‘ਚ ਪਹਿਲੀ ਵਾਲੀ ਲੜੀ ਚੋਣ ”ਚ ਲੋਕਾਂ ਨੇ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਦਿੱਤੀ ਜਿਸ ਨੂੰ ਪਾਰਟੀ ਨੇ ਚੰਗੀ ਪੱਧਰ ਉੱਤੇ ਨਿਭਾਇਆ ਹੈ। ਉਨ੍ਹਾਂ ਕਿਹਾ ਕਿ 2022 ‘ਚ ‘ਆਪ’ ਪੰਜਾਬ ਵਿੱਚ ਸਰਕਾਰ ਬਣਾਏਗੀ।
ਇਸ ਮੌਕੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਰੁਪਿੰਦਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ, ਅਮਰਜੀਤ ਸਿੰਘ ਸੰਦੋਆ, ਜਗਤਾਰ ਸਿੰਘ ਜੱਗਾ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਘਵ ਚੱਢਾ ਪੰਜਾਬ ਦੇ 2 ਦਿਨਾਂ ਦੌਰੇ ‘ਤੇ, ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ‘ਚ ਹੋਏ ਨਤਮਸਤਕ

ਕੈਪਟਨ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ