ਚੰਡੀਗੜ੍ਹ, 29 ਮਈ 2022 – ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਤਰੀਆਂ ਅਤੇ ਵਿਧਾਇਕਾਂ ਦੇ ਭ੍ਰਿਸ਼ਟਾਚਾਰ ਦੀਆਂ ਫਾਈਲਾਂ ਅਤੇ ਸਬੂਤ ਮੰਗੇ ਹਨ। ਕੈਪਟਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸਾਬਕਾ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੇ ਭ੍ਰਿਸ਼ਟਾਚਾਰ ਦੇ ਸਬੂਤ ਹਨ। ਖਾਸ ਤੌਰ ‘ਤੇ ਜਿਨ੍ਹਾਂ ਨੇ ਨਾਜਾਇਜ਼ ਮਾਈਨਿੰਗ ਕਰਕੇ ਪੰਜਾਬ ਨੂੰ ਲੁੱਟਿਆ ਸੀ। ਜਲਦ ਹੀ ਕੈਪਟਨ ਇਸ ਸਬੰਧੀ ਸੀਐਮ ਭਗਵੰਤ ਮਾਨ ਨੂੰ ਮਿਲਣ ਜਾ ਰਹੇ ਹਨ। ਪਰ ਉਸ ਤੋਂ ਪਹਿਲਾਂ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੈਪਟਨ ਨੂੰ ਕਿਹਾ ਕਿ ਸਾਨੂੰ ਸਬੂਤ ਦਿਓ, ਅਸੀਂ ਸਾਰੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਾਂਗੇ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਹੈ ਕਿ ਉਨ੍ਹਾਂ ਦੀ ਸਰਕਾਰ ਵਿੱਚ ਖੁੱਲ੍ਹੇਆਮ ਭ੍ਰਿਸ਼ਟਾਚਾਰ ਹੋਇਆ ਹੈ। ਕਈ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ। ਉਸ ਸਮੇਂ ਕੈਪਟਨ ਨੇ ਕੋਈ ਕਾਰਵਾਈ ਨਹੀਂ ਕੀਤੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਕੋਲ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀਆਂ ਫਾਈਲਾਂ ਤੇ ਸਬੂਤ ਹਨ। ਮੈਂ ਕੈਪਟਨ ਸਾਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਬੂਤ ਅਤੇ ਫਾਈਲਾਂ ਸਰਕਾਰ ਨੂੰ ਸੌਂਪਣ।
ਭਗਵੰਤ ਮਾਨ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਹੈ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਪਟਨ ਸਰਕਾਰ ਨੂੰ ਜੋ ਵੀ ਸਬੂਤ ਦੇਣਗੇ, ਸਰਕਾਰ ਭ੍ਰਿਸ਼ਟਾਚਾਰੀਆਂ ਖਿਲਾਫ ਸਖਤ ਕਾਰਵਾਈ ਕਰੇਗੀ। ਚਾਹੇ ਉਹ ਮੰਤਰੀ ਹੋਵੇ, ਵਿਧਾਇਕ ਹੋਵੇ ਜਾਂ ਅਧਿਕਾਰੀ। ਅਜਿਹੇ ਭ੍ਰਿਸ਼ਟ ਲੋਕਾਂ ਦਾ ਟਿਕਾਣਾ ਜੇਲ੍ਹ ਹੈ ਨਾ ਖੁੱਲ੍ਹੇਆਮ ਘੁੰਮਣ ਦੀ ਆਜ਼ਾਦੀ। CM ਭਗਵੰਤ ਮਾਨ ਨੇ ਹਾਲ ਹੀ ਵਿੱਚ ਆਪਣੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ 1% ਕਮਿਸ਼ਨ ਦੀ ਮੰਗ ਨੂੰ ਲੈ ਕੇ ਬਰਖਾਸਤ ਕਰ ਦਿੱਤਾ ਹੈ।