ਚੰਡੀਗੜ੍ਹ, 18 ਸਤੰਬਰ 2022 – ਆਸਾਮ ਪੁਲਿਸ ਨੇ ਇੱਕ ਵਿਅਕਤੀ ਨੂੰ 850 ਕਿਲੋ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਭਾਜਪਾ ਦਾ ਦੋਸ਼ ਹੈ ਕਿ ਗ੍ਰਿਫਤਾਰ ਵਿਅਕਤੀ ਪੰਜਾਬ ਦੀ ‘ਆਪ’ ਸਰਕਾਰ ‘ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਕਰੀਬੀ ਹੈ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਬੱਬੂ ਗਰੀਬ ਵਜੋਂ ਹੋਈ ਹੈ, ਜਿਸ ਦੇ ਕਬਜ਼ੇ ਵਿੱਚੋਂ 850 ਕਿਲੋ ਗਾਂਜਾ ਬਰਾਮਦ ਹੋਇਆ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਜਸਵਿੰਦਰ ਸਿੰਘ ਉਰਫ਼ ਬੱਬੂ ਗਰੀਬ ਨੂੰ ਆਸਾਮ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ 850 ਕਿਲੋ ਗਾਂਜੇ ਦੀ ਤਸਕਰੀ ਕਰਨ ਦਾ ਦੋਸ਼ ਹੈ। ਜਸਵਿੰਦਰ ਬੱਬੂ ਨੂੰ ਗ੍ਰਿਫ਼ਤਾਰ ਕਰਕੇ ਆਸਾਮ ਦੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 7 ਜੁਲਾਈ 2022 ਨੂੰ ਆਸਾਮ ਦੇ ਕੋਕਰਾਝਾਰ ਜ਼ਿਲ੍ਹੇ ਦੇ ਥਾਣਾ ਗੋਸਾਈਗਾਂਵ ਦੀ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕੀਤੀ ਸੀ। ਇਸ ਨਾਕਾਬੰਦੀ ਦੌਰਾਨ ਚੌਕੀ ਸ੍ਰੀਰਾਮਪੁਰਾ ਵਿਖੇ ਇੱਕ ਟਰੱਕ ਨੂੰ ਰੋਕਿਆ ਗਿਆ। ਤਲਾਸ਼ੀ ਲੈਣ ‘ਤੇ ਟਰੱਕ ‘ਚੋਂ 850 ਕਿਲੋ ਗਾਂਜਾ ਬਰਾਮਦ ਹੋਇਆ ਹੈ।
ਦੱਸ ਦੇਈਏ ਕਿ ਪੰਜਾਬ ਪੁਲਿਸ ਸੂਬੇ ਵਿੱਚ ਨਸ਼ਾ ਤਸਕਰੀ ਦੀ ਲੜੀ ਨੂੰ ਤੋੜਨ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਇਸੇ ਕੜੀ ਵਿੱਚ ਸ਼ਨੀਵਾਰ ਨੂੰ ਹਰ ਜ਼ਿਲ੍ਹੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਸਰਚ ਆਪਰੇਸ਼ਨ ਏਡੀਜੀਪੀ ਅਤੇ ਆਈਜੀਪੀ ਦੀ ਨਿਗਰਾਨੀ ਵਿੱਚ ਪੂਰਾ ਕੀਤਾ ਗਿਆ। ਸ਼ਨੀਵਾਰ ਸਵੇਰੇ ਕਰੀਬ 11 ਵਜੇ ਸ਼ੁਰੂ ਹੋਇਆ ਸਰਚ ਆਪਰੇਸ਼ਨ ਦੁਪਹਿਰ 3 ਵਜੇ ਤੱਕ ਜਾਰੀ ਰਿਹਾ। ਇਸ ਵਿੱਚ ਐਸਐਸਪੀ ਸਮੇਤ ਹਰ ਅਹੁਦੇ ’ਤੇ ਕਾਬਜ਼ ਅਧਿਕਾਰੀ ਸ਼ਾਮਲ ਸਨ। ਕਈ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਗਈ।