ਜਲੰਧਰ, 10 ਜੁਲਾਈ 2025 – ਜਲੰਧਰ ਵਿਚ ਰੂਹ ਕੰਬਾਊ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦਿਹਾਤੀ ਅਤੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਸਥਿਤ ਅੱਡਾ ਰਾਏਪੁਰ ਰਸੂਲਪੁਰ ਵਿਖੇ ਬੇਕਾਬੂ ਹੋ ਕੇ ਵਰਨਾ ਦੇ ਪਲਟ ਜਾਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟ ਗਈ ਅਤੇ ਕਾਰ ਦੇ ਪਰਖੱਚੇ ਤੱਕ ਉੱਡ ਗਏ।
ਮ੍ਰਿਤਕ ਦੀ ਪਛਾਣ ਹਰਮਨਦੀਪ ਸਿੰਘ (33) ਪੁੱਤਰ ਸੁਰੇਂਦਰ ਸਿੰਘ ਵਾਸੀ ਬਾਂਸਲ ਗੈਸ ਏਜੰਸੀ, ਪਠਾਨਕੋਟ ਵਜੋਂ ਹੋਈ ਹੈ। ਇਸ ਭਿਆਨਕ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਹਰਮਨਦੀਪ ਸਿੰਘ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸਾ ਵੇਖ ਰਾਹਗੀਰਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਐੱਸ. ਆਈ. ਰਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾਇਆ। ਰਜਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

