- ਅਰਧ ਸੈਨਿਕ ਬਲ ਦੀਆਂ 60 ਅਤੇ ਪੁਲਿਸ ਦੀਆਂ 50 ਟੁਕੜੀਆਂ ਤਾਇਨਾਤ
ਸ਼ੰਭੂ ਬਾਰਡਰ, 14 ਫਰਵਰੀ 2024 – ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਰੋਕ ਦਿੱਤਾ ਹੈ। ਪੁਲਿਸ ਵੱਲੋਂ ਮੰਗਲਵਾਰ ਨੂੰ ਕਿਸਾਨਾਂ ਨੂੰ ਰੋਕਣ ਅਤੇ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਸਿੰਘੂ ਬਾਰਡਰ, ਟਿੱਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਹਨ। ਇਨ੍ਹਾਂ ਸਰਹੱਦਾਂ ‘ਤੇ ਸੀਮਿੰਟ ਅਤੇ ਲੋਹੇ ਦੀ ਬੈਰੀਕੇਡਿੰਗ ਵੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਰੋਕਣ ਲਈ ਕੰਟੇਨਰ ਅਤੇ ਕੰਡੇ ਵਾਲੀਆਂ ਤਾਰਾਂ ਲਾਈਆਂ ਗਈਆਂ ਹਨ। ਕਿਸਾਨਾਂ ਨੇ ਮੰਗਲਵਾਰ ਸ਼ਾਮ ਨੂੰ ਫਿਰ ਕਿਹਾ ਕਿ ਉਹ ਸਵੇਰੇ ਮੁੜ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੇ ਕਿਸਾਨਾਂ ‘ਤੇ ਪੁਲਿਸ ਕਾਰਵਾਈ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਮੰਗਲਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਹਰਿਆਣਾ ਪੁਲਿਸ ਦੇ ਜਵਾਨਾਂ ‘ਤੇ ਪਥਰਾਅ ਵੀ ਕੀਤਾ, ਜਿਸ ਦੇ ਜਵਾਬ ਵਿਚ ਪੁਲਿਸ ਨੇ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੀ ਵਰਤੋਂ ਕਰਕੇ ਸਥਿਤੀ ਨੂੰ ਕਾਬੂ ਕੀਤਾ। ਹਰਿਆਣਾ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਪ੍ਰਦਰਸ਼ਨ ਦੀ ਆੜ ਵਿੱਚ ਅਸ਼ਾਂਤੀ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਉਹ ਬੱਸ, ਰੇਲ ਜਾਂ ਪੈਦਲ ਹੀ ਜਾਣ, ਅਸੀਂ ਉਨ੍ਹਾਂ ਨੂੰ ਟਰੈਕਟਰਾਂ ਰਾਹੀਂ ਦਿੱਲੀ ਨਹੀਂ ਜਾਣ ਦੇਵਾਂਗੇ।
ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅਰਧ ਸੈਨਿਕ ਬਲ ਦੀਆਂ 60 ਕੰਪਨੀਆਂ ਤਾਇਨਾਤ ਹਨ। ਇਸ ਤੋਂ ਇਲਾਵਾ ਪੁਲਿਸ ਦੀਆਂ 50 ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਇੱਕ ਪਾਸੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਦਿੱਲੀ ਵੱਲ ਮਾਰਚ ਕਰਨ ਲਈ ਅੱਗੇ ਵਧਣਗੇ, ਜਦਕਿ ਦੂਜੇ ਪਾਸੇ ਸੁਰੱਖਿਆ ਬਲ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕਰਨਗੇ।
ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੀ ਅਗਵਾਈ ਕਰ ਰਹੇ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੀਡੀਆ ਵਿੱਚ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਵਾਲਾ ਕਾਨੂੰਨ ਇੰਨੀ ਜਲਦੀ ਨਹੀਂ ਬਣਾਇਆ ਜਾ ਸਕਦਾ। ਅਸੀਂ ਸਿਰਫ ਇਹੀ ਕਹਿ ਰਹੇ ਹਾਂ ਕਿ ਸਾਨੂੰ ਇਸ ‘ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਤਾਂ ਜੋ ਅਸੀਂ ਉਸ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਫਸਲ ਨਾ ਵੇਚੀਏ। ਇਸ ਲਈ ਕਮੇਟੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਅਸੀਂ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਅੱਗੇ ਵਧ ਕੇ ਕਿਸਾਨਾਂ ਨਾਲ ਗੱਲ ਕਰਨ।