ਮੋਗਾ, 15 ਨਵੰਬਰ 2023 – ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਤੀ ਪੂਰੀ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨਾਜ਼ੁਕ ਥਾਵਾਂ ’ਤੇ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਗਸ਼ਤ ਕੀਤੀ ਜਾ ਰਹੀ ਹੈ। ਪ੍ਰਸ਼ਾਸ਼ਨ ਦੇ ਸਖ਼ਤ ਆਦੇਸ਼ਾਂ ਤਹਿਤ ਸਾਰੇ ਐਸ.ਐਚ.ਓਜ਼ ਵਲੋਂ ਪੁਲਿਸ ਸਟੇਸ਼ਨਾਂ ਤੋਂ ਬਾਹਰ ਆ ਕੇ ਫੀਲਡ ਵਿੱਚ ਸਖਤ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹੇ ਵਿੱਚ ਪਰਾਲੀ ਨੂੰ ਸਾੜਨ ਵਾਲੇ 35 ਕਿਸਾਨਾਂ ਉਪਰ ਮਾਮਲੇ ਦਰਜ ਕਰ ਦਿੱਤੇ ਗਏ ਹਨ। ਇਹਨਾ ਕਿਸਾਨਾਂ ਵਿੱਚ ਰੌਲੀ, ਬੁੱਘੀਪੁਰਾ, ਕਪੂਰੇ, ਫ਼ਤਹਿਗੜ੍ਹ ਕੋਰੋਟਨਾ, ਜਲਾਲਾਬਾਦ ਪੂਰਬੀ, ਵਾਂਦਰ, ਮਾੜੀ ਮੁਤਸਫਾ, ਠੱਠੀ ਭਾਈ, ਬੁੱਟਰ, ਤਾਰੇਵਾਲਾ, ਰੌਂਤਾ ਤੇ ਹੋਰ ਪਿੰਡਾਂ ਦੇ ਕਿਸਾਨ ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਕਲੱਸਟਰ ਅਫ਼ਸਰਾਂ ਵਲੋਂ ਅਜਿਹੇ ਪਿੰਡਾਂ ਵਿੱਚ ਪੁਲਿਸ ਕਰਮੀਆਂ ਦੀ ਹਾਜ਼ਰੀ ਵਿੱਚ ਪਹਿਲਾਂ ਹੀ ਦੌਰੇ ਕੀਤੇ ਜਾ ਰਹੇ ਹਨ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਸੁਨੇਹਾ ਦਿੱਤਾ ਜਾ ਰਿਹਾ ਹੈ। ਪਰ ਹਲੇ ਵੀ ਕਈ ਸਮਾਜ ਵਿਰੋਧੀ ਅਨਸਰ ਕੁਦਰਤ ਨਾਲ ਖਿਲਵਾੜ ਕਰਨ ਤੋਂ ਬਾਜ਼ ਨਹੀਂ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੇ ਤੌਰ ’ਤੇ ਗਸ਼ਤ ਲੋਕਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਅਸਰਦਾਰ ਢੰਗ ਨਾਲ ਰੋਕੇਗੀ। ਉਨ੍ਹਾਂ ਸਪਸ਼ਟ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਅਜੇ ਫ਼ਸਲ ਦੀ ਕਟਾਈ ਕੀਤੀ ਜਾਣੀ ਹੈ ਦੇ ਪਿੰਡਾਂ ਦੇ ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਜਾਣ । ਇਸ ਤੋਂ ਇਲਾਵਾ ਗੁਰਦੁਆਰਿਆਂ, ਮੰਦਿਰਾਂ ਤੇ ਹੋਰ ਧਾਰਮਿਕ ਸਥਾਨਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਅਨਾਊਂਮੈਂਟ ਵੀ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਇਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਿੱਚ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਉੱਚ ਅਦਾਲਤ ਦੇ ਆਦੇਸ਼ਾਂ ਅਨੁਸਾਰ ਸਬੰਧਿਤ ਐਸ.ਐਚ.ਓਜ਼ ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਦੀ ਘਟਨਾ ਲਈ ਜਿੰਮੇਵਾਰ ਹੋਣਗੇ ਅਤੇ ਉਨ੍ਹਾਂ ਨੂੰ ਅੱਗ ਲੱਗਣ ਦੇ ਕੇਸਾਂ ਨੂੰ ਰੋਕਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਸ.ਐਚ.ਓਜ਼ ਨੂੰ ਖੇਤਾਂ ਵਿੱਚ ਫਸ਼ਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ “ਜ਼ੀਰੋ ਟੋਲਰੈਂਸ “ ਨੀਤੀ ਨੂੰ ਲਾਗੂ ਕਰਨਾ ਚਾਹੀਦਾ ਹੈ।