ਅੰਮ੍ਰਿਤਸਰ, 7 ਮਾਰਚ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰਮੇਸ਼ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਹੁਣ ਉਨ੍ਹਾਂ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰਮੇਸ਼ ਸਿੰਘ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਘੱਟਗਿਣਤੀ ਮਾਮਲਿਆਂ ਦਾ ਮੰਤਰੀ ਬਣਾਉਣਾ ਸਰਕਾਰ ਅਤੇ ਘੱਟਗਿਣਤੀ ਸਿੱਖਾਂ ਵਿਚ ਪੁੱਲ ਵਜੋਂ ਕੰਮ ਕਰੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਸ. ਰਮੇਸ਼ ਸਿੰਘ ਅਰੋੜਾ ਜਿਥੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਪੰਥਕ ਭਾਵਨਾਵਾਂ ਅਨੁਸਾਰ ਸੇਵਾਵਾਂ ਨਿਭਾਉਣਗੇ, ਉਥੇ ਹੀ ਘਟਗਿਣਤੀਆਂ ਬਾਰੇ ਮੰਤਰੀ ਬਣ ਕੇ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ ਸਿੱਖ ਗੁਰਧਾਮਾਂ ਅਤੇ ਸਿੱਖ ਹਿੱਤਾਂ ਦੀ ਸੁਰੱਖਿਆ ਲਈ ਵੀ ਯਤਨਸ਼ੀਲ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਆਸ ਪ੍ਰਗਟਾਈ ਕਿ ਇਨ੍ਹਾਂ ਦੇ ਸਰਕਾਰ ਵਿਚ ਸ਼ਾਮਲ ਹੋਣ ਨਾਲ ਜਿਥੇ ਸਰਕਾਰ ਸਿੱਖਾਂ ਪ੍ਰਤੀ ਵਧੇਰੇ ਉਦਾਰ ਹੋਵੇਗੀ, ਉਥੇ ਘਟਗਿਣਤੀਆਂ ਨੂੰ ਵੀ ਪਾਕਿਸਤਾਨ ਅੰਦਰ ਸੁਰੱਖਿਅਤ ਮਹਿਸੂਸ ਕਰਵਾਇਆ ਜਾਵੇਗਾ।