ਚੰਡੀਗੜ੍ਹ, 25 ਅਕਤੂਬਰ 2022 – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਭਾਜਪਾ ਵੱਲੋਂ ਰਾਹੁਲ ਗਾਂਧੀ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸੰਭਾਵਨਾ ਜਤਾਉਣ ਤੋਂ ਬਾਅਦ ਹੁਣ ਪੰਜਾਬ ਦੀ ‘ਆਪ’ ਸਰਕਾਰ ਨੇ ਵੀ ਭਾਜਪਾ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚੋਂ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਾਅਵੇ ਦਾ ਸਮਰਥਨ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਗ੍ਰਿਫ਼ਤਾਰੀ ਵੀ ਸੰਭਵ ਹੈ। ਕਿਉਂਕਿ ਭਾਜਪਾ ਦੇਸ਼ ਭਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦਿੱਲੀ ‘ਚ ‘ਆਪ’ ਨਾਲ ਵੀ ਅਜਿਹਾ ਹੀ ਹੋਇਆ।
ਮਾਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਭਾਜਪਾ ਨੇ ਪੰਜਾਬ ਵਿੱਚ ‘ਆਪਰੇਸ਼ਨ ਲੋਟਸ’ ਰਾਹੀਂ ‘ਆਪ’ ਨੂੰ ਤੋੜਨ ਦੀ ਸਾਜ਼ਿਸ਼ ਰਚੀ ਸੀ ਪਰ ‘ਆਪ’ ਨੇ ਇਸ ਸਾਜ਼ਿਸ਼ ਨੂੰ ਸਿਰੇ ਨਹੀਂ ਚੜ੍ਹਨ ਦਿੱਤਾ।
ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਵੀ ਭਾਜਪਾ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਦੀ ‘ਆਪ’ ਸਰਕਾਰ ਨੂੰ ਦਬਾਉਣ ਦੇ ਯਤਨ ਕੀਤੇ ਹਨ। ਕਿਉਂਕਿ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ‘ਆਪ’ ਸਰਕਾਰ ਦੇ ਕੰਮਕਾਜ ਵਿੱਚ ਅੜਿੱਕੇ ਡਾਹੁਣ ਦੀ ਕੋਸ਼ਿਸ਼ ਕੀਤੀ ਸੀ ਅਤੇ ਹੁਣ ਉਹ ਪੀਏਯੂ ਦੇ ਵੀਸੀ ਦੀ ਨਿਯੁਕਤੀ ਵਿੱਚ ਅੜਿੱਕੇ ਡਾਹ ਰਹੇ ਹਨ। ਭਾਜਪਾ ਲੋਕਤੰਤਰ ਨੂੰ ਖਤਮ ਕਰਨ ਦੀ ਹਰ ਕੋਸ਼ਿਸ਼ ਕਰ ਰਹੀ ਹੈ। ਵਿਰੋਧੀ ਧਿਰ ਨੂੰ ਕਮਜ਼ੋਰ ਕਰਨ ਲਈ ਈਡੀ ਅਤੇ ਸੀਬੀਆਈ ਵਰਗੀਆਂ ਜਾਂਚ ਏਜੰਸੀਆਂ ਦੀ ਲਗਾਤਾਰ ਵਰਤੋਂ ਕੀਤੀ ਜਾ ਰਹੀ ਹੈ।
ਪੀਏਯੂ ਦੇ ਵੀਸੀ ਦੀ ਨਿਯੁਕਤੀ ‘ਤੇ ਅਜੇ ਤੱਕ ਕੋਈ ਸਪੱਸ਼ਟ ਫੈਸਲਾ ਨਹੀਂ ਲਿਆ ਗਿਆ ਹੈ ਕਿਉਂਕਿ ਪੰਜਾਬ ਦੀ ‘ਆਪ’ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਹੀ ਖਿੱਚੋਤਾਣ ਕਾਰਨ ਇਸ ਮਾਮਲੇ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਪੰਜਾਬ ਸਰਕਾਰ ਨੇ ਰਾਜਪਾਲ ਦੀ ਸਹਿਮਤੀ ਲਏ ਬਿਨਾਂ ਡਾਕਟਰ ਐਸਐਸ ਗੋਸਲ ਨੂੰ ਵੀਸੀ ਦੇ ਅਹੁਦੇ ’ਤੇ ਨਿਯੁਕਤ ਕਰ ਦਿੱਤਾ ਹੈ। ਜਦੋਂ ਕਿ ਰਾਜਪਾਲ ਬੋਰਡ ਦੇ ਚੇਅਰਮੈਨ ਅਤੇ ਯੂਨੀਵਰਸਿਟੀ ਦੇ ਚਾਂਸਲਰ ਵੀ ਹੁੰਦੇ ਹਨ।
ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਵੀਸੀ ਦੀ ਨਿਯੁਕਤੀ ਲਈ ਰਾਜਪਾਲ ਦੀ ਅਗਾਊਂ ਸਹਿਮਤੀ ਨਹੀਂ ਲਈ। ਇਸ ਕਾਰਨ ਰਾਜਪਾਲ ਨੇ ਵੀਸੀ ਦੀ ਨਿਯੁਕਤੀ ਨਾਲ ਸਬੰਧਤ ਫਾਈਲ ਪੰਜਾਬ ਸਰਕਾਰ ਨੂੰ ਵਾਪਸ ਕਰਦੇ ਹੋਏ ਇਸ ਨਿਯੁਕਤੀ ਨੂੰ ਨਿਯਮਾਂ ਦੇ ਉਲਟ ਦੱਸਦਿਆਂ ਸਰਕਾਰ ਨੂੰ ਤਿੰਨ ਨਾਵਾਂ ਦਾ ਪੈਨਲ ਭੇਜਣ ਲਈ ਕਿਹਾ ਹੈ।