ਸੂਬੇ ਲਈ ਵੱਧ ਮਾਲੀਆ ਇਕੱਤਰ ਕਰਨ ਤੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਕਰੱਸ਼ਰ ਨੀਤੀ ਨੂੰ ਤਰਕਸੰਗਤ ਬਣਾਉਣ ਦੀ ਸਹਿਮਤੀ

ਚੰਡੀਗੜ੍ਹ, 11 ਅਗਸਤ 2022 – ਮੀਲ ਦਾ ਪੱਥਰ ਸਾਬਤ ਹੋਣ ਵਾਲੇ ਇਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਖਪਤਕਾਰਾਂ ਨੂੰ ਰਾਹਤ ਦੇਣ ਅਤੇ ਸੂਬੇ ਦੇ ਖ਼ਜ਼ਾਨੇ ਲਈ ਵਾਧੂ ਮਾਲੀਆ ਜੁਟਾਉਣ ਵਾਸਤੇ ਕਰੱਸ਼ਰ ਨੀਤੀ ਨੂੰ ਤਰਕਸੰਗਤ ਬਣਾਉਣ ਦੀ ਸਹਿਮਤੀ ਦਿੱਤੀ। ਨਵੀਂ ਨੀਤੀ ਮੁਤਾਬਕ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਕਰੱਸ਼ਰਾਂ ਨੂੰ ਪੰਜ ਹੈਕਟੇਅਰ ਜਾਂ ਪੰਜ ਹੈਕਟੇਅਰ ਦੇ ਗੁਣਾਂਕ ਨਾਲ ਮਾਈਨਿੰਗ ਸਾਈਟ ਅਲਾਟ ਕੀਤੀ ਜਾਵੇਗੀ ਪਰ ਹਰੇਕ ਕਰੱਸ਼ਰ ਲਈ ਇਹ ਲਾਜ਼ਮੀ ਨਹੀਂ ਕੀਤਾ ਗਿਆ ਕਿ ਉਹ ਜ਼ਰੂਰੀ ਤੌਰ ਉਤੇ ਇਨ੍ਹਾਂ ਸਾਈਟਾਂ ਨੂੰ ਲੈਣ। ਸੂਬੇ ਦੇ ਖ਼ਜ਼ਾਨੇ ਵਿੱਚ ਤਕਰੀਬਨ 225 ਕਰੋੜ ਰੁਪਏ ਦਾ ਮਾਲੀਆ ਵਧਾਉਣ ਵਾਸਤੇ ਕਰੱਸ਼ਰ ਤੋਂ ਨਿਕਲਣ ਵਾਲੇ ਮਾਲ ਉਤੇ ਇਕ ਰੁਪਏ ਪ੍ਰਤੀ ਘਣ ਫੁੱਟ ਦੀ ਦਰ ਨਾਲ ਵਾਤਾਵਰਨ ਫੰਡ ਲਗਾਇਆ ਗਿਆ ਹੈ। ਗੈਰ ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਮਾਈਨਿੰਗ ਸਾਈਟ ਦੇ ਨਾਲ-ਨਾਲ ਕਰੱਸ਼ਰਾਂ ਉਤੇ ਸੀ.ਸੀ.ਟੀ.ਵੀ. ਕੈਮਰਿਆਂ ਤੋਂ ਇਲਾਵਾ ਵਜ਼ਨ ਬ੍ਰਿਜ ਲਾਉਣਾ ਲਾਜ਼ਮੀ ਕੀਤਾ ਗਿਆ ਹੈ।

ਕਰੱਸ਼ਰ ਤੋਂ ਮਾਲ ਦੀ ਵਿਕਰੀ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਆਨਲਾਈਨ ਪੋਰਟਲ ਜ਼ਰੀਏ ਕੀਤੀ ਜਾਵੇਗੀ। ਕਰੱਸ਼ਰ ਰਜਿਸਟਰੇਸ਼ਨ ਫੀਸ ਵਰਤਮਾਨ 10 ਹਜ਼ਾਰ ਰੁਪਏ ਤੋਂ ਵਧਾ ਕੇ ਇਕ ਲੱਖ ਰੁਪਏ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੱਸ਼ਰ ਯੂਨਿਟਾਂ ਦੀ ਸਕਿਉਰਿਟੀ ਵੀ ਤਿੰਨ ਲੱਖ ਤੋਂ ਵਧਾ ਕੇ ਪੰਜ ਲੱਖ ਰੁਪਏ ਕੀਤੀ ਜਾਵੇਗੀ। ਕਰੱਸ਼ਿੰਗ ਇਕਾਈਆਂ ਨੂੰ ਪੰਜ ਹੈਕਟੇਅਰ ਤੱਕ ਦੀਆਂ ਮਾਈਨਿੰਗ ਸਾਇਟਾਂ ਅਲਾਟ ਕੀਤੀਆਂ ਜਾਣਗੀਆਂ ਤਾਂ ਕਿ ਉਨ੍ਹਾਂ ਨੂੰ ਮਾਲ ਲਈ ਜਾਇਜ਼ ਸਰੋਤ ਮੁਹੱਈਆ ਹੋਵੇ। ਇਨ੍ਹਾਂ ਮਾਈਨਿੰਗ ਸਾਇਟਾਂ ਦੀ ਅਲਾਟਮੈਂਟ ਈ-ਨਿਲਾਮੀ ਰਾਹੀਂ ਅਤੇ ਪੀ.ਐਮ.ਐਮ.ਆਰ. 2013 ਮੁਤਾਬਕ ਕੀਤੀ ਜਾਵੇਗੀ। ਇਹ ਕੰਟਰੈਕਟ ਤਿੰਨ ਸਾਲਾਂ ਲਈ ਹੋਵੇਗਾ, ਜਿਸ ਨੂੰ ਚਾਰ ਸਾਲ ਤੱਕ ਵਧਾਇਆ ਜਾ ਸਕਦਾ ਹੈ, ਬਸ਼ਰਤੇ ਕਿ ਸਾਈਟ ਉਤੇ ਸਮੱਗਰੀ ਉਲਪਬਧ ਹੋਵੇ।

ਕਰੱਸ਼ਰ ਮਾਲਕਾਂ ਵੱਲੋਂ ਨਿਕਾਸੀ ਕੀਤੀ ਸਮੱਗਰੀ ਦੀ ਮਹੀਨੇਵਾਰ ਰਿਟਰਨ ਭਰਨੀ ਜ਼ਰੂਰੀ ਹੋਵੇਗੀ। ਕਰੱਸ਼ਰ ਮਾਲਕਾਂ ਨੂੰ ਉਨ੍ਹਾਂ ਦੁਆਰਾ ਪ੍ਰਮਾਣਿਤ ਸਰੋਤਾਂ ਤੋਂ ਪ੍ਰਾਪਤ ਕੀਤੀ ਗਈ ਸਮੱਗਰੀ ਤੋਂ ਵੱਧ ਆਈ ਸਮੱਗਰੀ ਉਤੇ ਜੁਰਮਾਨੇ ਦਾ ਭੁਗਤਾਨ ਕਰਨਾ ਪਵੇਗਾ। ਭੁਗਤਾਨ ਵਿੱਚ ਹੋਰ ਦੇਰੀ ਹੋਣ ਦੀ ਸੂਰਤ ਵਿੱਚ ਇਹ ਜੁਰਮਾਨਾ ਹੋਰ ਵਧਾਇਆ ਜਾਵੇਗਾ। ਇਸ ਨੀਤੀ ਵਿੱਚ ਇਹ ਵੀ ਤਜਵੀਜ਼ ਹੈ ਕਿ ਕੋਈ ਉਲੰਘਣਾ ਹੋਣ ਉਤੇ ਰਜਿਸਟਰੇਸ਼ਨ ਨੂੰ ਰੱਦ ਜਾਂ ਮੁਅੱਤਲ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਾਜਬ ਦਰਾਂ ਉਤੇ ਨਿਰਮਾਣ ਸਮੱਗਰੀ ਮੁਹੱਈਆ ਕਰਨ ਲਈ ਪੰਜਾਬ ਕੈਬਨਿਟ ਵੱਲੋਂ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ ਵਿੱਚ ਸੋਧ

ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ‘ਸਿੱਖਿਆ-ਤੇ-ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ