ਪੰਜਾਬ ਵਿੱਚ 3300 ਕਰੋੜ ਰੁਪਏ ਦੇ ਖੇਤੀ ਪ੍ਰੋਜੈਕਟਾਂ ਦੀ ਹੋਈ ਸ਼ੁਰੂਆਤ: ਚੇਤਨ ਜੌੜਾਮਾਜਰਾ

  • ਏ.ਆਈ.ਐਫ. ਸਕੀਮ ਤਹਿਤ 5500 ਪ੍ਰੋਜੈਕਟਾਂ ਨਾਲ ਪੰਜਾਬ ਵਿੱਚ ਖੇਤੀ ਨੂੰ ਵੱਡਾ ਹੁਲਾਰਾ ਮਿਲਿਆ: ਬਾਗਬਾਨੀ ਮੰਤਰੀ

ਚੰਡੀਗੜ੍ਹ, 2 ਜੂਨ 2023 – ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਨੇ ਪਿਛਲੇ ਵਿੱਤੀ ਸਾਲ 2022-23 ਦੌਰਾਨ ਸੂਬੇ ਵੱਲੋਂ ਕੀਤੀ ਪ੍ਰਗਤੀ ਨੂੰ ਸਾਂਝਾ ਕਰਨ ਅਤੇ ਪੰਜਾਬ ਵਿੱਚ ਏ.ਆਈ.ਐਫ. ਸਕੀਮ ਦੇ ਪ੍ਰਚਾਰ ਲਈ ਸਰਕਾਰ ਦੇ ਨਾਲ-ਨਾਲ ਨਿੱਜੀ ਖੇਤਰ ਦੇ ਭਾਈਵਾਲਾਂ ਵੱਲੋਂ ਪਾਏ ਯੋਗਦਾਨ ਨੂੰ ਮਾਨਤਾ ਦੇਣ ਲਈ ਮਗਸੀਪਾ, ਸੈਕਟਰ-26 ਚੰਡੀਗੜ੍ਹ ਵਿਖੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸੰਮੇਲਨ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਲਾਂਚ ਕੀਤੀ ਇਹ ਏਆਈਐਫ ਸਕੀਮ ਜੁਲਾਈ 2020 ਵਿੱਚ ਸ਼ੁਰੂ ਕੀਤੀ ਗਈ ਸੀ। ਏਆਈਐਫ ਸਕੀਮ ਦਾ ਉਦੇਸ਼ ਖੇਤੀਬਾੜੀ ਅਤੇ ਬਾਗਬਾਨੀ ਵੈਲਯੂ ਚੇਨਾਂ ਵਿੱਚ ਵਾਢੀ ਉਪਰੰਤ ਪ੍ਰਬੰਧਨ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ। ਸੂਬੇ ਵਿੱਚ ਏਆਈਐਫ ਸਕੀਮ ਨੂੰ ਲਾਗੂ ਕਰਨ ਵਾਸਤੇ ਬਾਗਬਾਨੀ ਵਿਭਾਗ ਸੂਬੇ ਦੀ ਨੋਡਲ ਏਜੰਸੀ ਹੈ।

ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਨੇ ਏ.ਆਈ.ਐਫ ਸਕੀਮ ਤਹਿਤ ਬਹੁਤ ਤਰੱਕੀ ਕੀਤੀ ਹੈ। ਪਿਛਲੇ ਵਿੱਤੀ ਸਾਲ 2022-23 ਦੌਰਾਨ 3480 ਪ੍ਰੋਜੈਕਟਾਂ ਤੋਂ 2877 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਆਕਰਸ਼ਿਤ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ 720 ਕਰੋੜ ਰੁਪਏ ਦੇ ਕਰਜ਼ੇ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 591 ਕਰੋੜ ਰੁਪਏ ਦੇ ਕਰਜ਼ੇ ਪਹਿਲਾਂ ਹੀ ਵੱਖ-ਵੱਖ ਕਰਜ਼ਾ ਦੇਣ ਵਾਲੀਆਂ ਸੰਸਥਾਵਾਂ ਵੱਲੋਂ ਵੰਡੇ ਜਾ ਚੁੱਕੇ ਹਨ। ਪੰਜਾਬ ਵਿੱਚੋਂ ਇਸ ਸਕੀਮ ਦਾ ਲਾਭ ਲੈਣ ਵਿੱਚ ਮੋਹਰੀ ਜ਼ਿਲ੍ਹੇ ਬਠਿੰਡਾ (326), ਸੰਗਰੂਰ (326), ਪਟਿਆਲਾ (315), ਸ੍ਰੀ ਮੁਕਤਸਰ ਸਾਹਿਬ (294) ਅਤੇ ਫਾਜ਼ਿਲਕਾ (283) ਹਨ।

ਜੌੜਾਮਾਜਰਾ ਨੇ ਦੱਸਿਆ ਕਿ ਇਸ ਸਕੀਮ ਰਾਹੀਂ ਸੂਬੇ ਵਿੱਚ ਬਣਾਏ ਗਏ ਪ੍ਰਮੁੱਖ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਕੋਲਡ ਰੂਮ ਅਤੇ ਕੋਲਡ ਸਟੋਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਕਸਟਮ ਹਾਇਰਿੰਗ ਸੈਂਟਰ, ਵੇਅਰਹਾਊਸ, ਸੋਰਟਿੰਗ ਅਤੇ ਗਰੇਡਿੰਗ ਯੂਨਿਟ ਅਤੇ ਮੌਜੂਦਾ ਖੇਤੀਬਾੜੀ ਬੁਨਿਆਦੀ ਢਾਂਚੇ ‘ਤੇ ਸੋਲਰ ਪੈਨਲ ਸ਼ਾਮਲ ਹਨ। ਇਸ ਸਕੀਮ ਨੂੰ ਲਾਗੂ ਕਰਨ ਵਿੱਚ ਹਿੱਸਾ ਲੈਣ ਵਾਲੇ 35 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪੰਜਾਬ ਇਸ ਸਮੇਂ (31 ਮਾਰਚ 2023 ਅਨੁਸਾਰ) 11ਵੇਂ ਸਥਾਨ ‘ਤੇ ਹੈ।

ਮੌਜੂਦਾ ਵਰ੍ਹੇ ਦੌਰਾਨ ਪੰਜਾਬ ਵਿੱਚ ਏ.ਆਈ.ਐਫ. ਸਕੀਮ ਤਹਿਤ ਹੋਈ ਪ੍ਰਗਤੀ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਤੋਂ ਲਗਾਤਾਰ ਵਿਕਾਸ ਵੱਲ ਵੱਧ ਰਿਹਾ ਹੈ। ਪੰਜਾਬ ਤੋਂ ਏ.ਆਈ.ਐਫ. ਪੋਰਟਲ ‘ਤੇ ਅੱਪਲੋਡ ਕੀਤੀਆਂ ਕੁੱਲ ਅਰਜ਼ੀਆਂ ਦੀ ਗਿਣਤੀ 5500 ਤੋਂ ਵੱਧ ਹੈ ਅਤੇ 3300 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਆਕਰਸ਼ਿਤ ਕੀਤਾ ਗਿਆ ਹੈ। ਉਹਨਾਂ ਅੱਗੇ ਕਿ ਇਸ ਸਕੀਮ ਰਾਹੀਂ ਲਘੂ, ਛੋਟੇ ਅਤੇ ਦਰਮਿਆਨੇ ਉੱਦਮੀਆਂ ਨੂੰ ਉਤਪਾਦਨ ਖੇਤਰਾਂ ਦੇ ਨੇੜੇ ਪ੍ਰੋਜੈਕਟ ਸਥਾਪਤ ਕਰਨ ਵਿੱਚ ਮਦਦ ਮਿਲੀ ਹੈ।

ਏ.ਆਈ.ਐਫ. ਸੰਮੇਲਨ ਦੌਰਾਨ, ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਅਤੇ ਬੈਂਕਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪਟਿਆਲਾ ਨੂੰ ਏਆਈਐਫ ਸਕੀਮ ਅਧੀਨ ਪ੍ਰੋਜੈਕਟਾਂ ਸਬੰਧੀ ਸਭ ਤੋਂ ਵੱਧ ਮਨਜ਼ੂਰਸ਼ੁਦਾ ਕਰਜ਼ੇ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਸਟੇਟ ਬੈਂਕ ਆਫ਼ ਇੰਡੀਆ ਨੇ 60 ਦਿਨਾਂ ਦੀ ਨਿਰਧਾਰਤ ਮਿਆਦ ਦੇ ਅੰਦਰ ਨੂੰ ਸਭ ਤੋਂ ਵੱਧ ਮਨਜ਼ੂਰਸ਼ੁਦਾ ਕਰਜ਼ੇ ਦੇਣ ਅਤੇ ਵੱਧ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਨਿਰਧਾਰਤ ਸਮੇਂ ਦੀ ਸ਼੍ਰੇਣੀ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਅਤੇ ਪੰਜਾਬ ਗ੍ਰਾਮੀਣ ਬੈਂਕ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ। ਬਠਿੰਡਾ ਅਤੇ ਸੰਗਰੂਰ ਦੇ ਬਾਗਬਾਨੀ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਨੂੰ ਜਾਗਰੂਕਤਾ ਪੈਦਾ ਕਰਨ ਅਤੇ ਏਆਈਐਫ ਪੋਰਟਲ ‘ਤੇ ਵੱਧ ਤੋਂ ਵੱਧ ਐਪਲੀਕੇਸ਼ਨਾਂ ਅਪਲੋਡ ਕਰਨ ਲਈ ਕੀਤੇ ਅਣਥੱਕ ਯਤਨਾਂ ਲਈ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਨੈਸ਼ਨਲ ਬੈਂਕ ਨੂੰ ਏਆਈਐਫ ਸਕੀਮ ਅਧੀਨ ਪ੍ਰੋਜੈਕਟਾਂ ਦੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਮੋਗਾ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਡੀਡੀਐਮ ਨਾਬਾਰਡ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਸਹਿਕਾਰੀ ਸਭਾਵਾਂ ਦਾ ਸਮਰਥਨ ਕਰਨ ਲਈ ਮਾਨਤਾ ਦਿੱਤੀ ਗਈ ਹੈ।

ਉਪਰੋਕਤ ਸ਼੍ਰੇਣੀਆਂ ਤੋਂ ਇਲਾਵਾ, ਹੋਰ ਸਕੀਮਾਂ ਜਿਵੇਂ ਕਿ ਪੀਐਮਐਫਐਮਈ, ਐਨਐਚਐਮ, ਪੀਐਮਕੇਐਸਵਾਈ ਅਤੇ ਐਮਓਐਨਆਰਈ ਦੇ ਨੋਡਲ ਅਫਸਰਾਂ ਕ੍ਰਮਵਾਰ ਸ੍ਰੀ ਰਜਨੀਸ਼ ਤੁਲੀ, ਸ੍ਰੀ ਐਸ.ਕੇ. ਦੁਬੇ, ਸ੍ਰੀਮਤੀ ਸ਼ੈਲੇਂਦਰ ਕੌਰ, ਸ੍ਰੀ ਐਮ.ਕੇ. ਸਿੰਘ ਨੂੰ ਉਨ੍ਹਾਂ ਦੇ ਯੋਗਦਾਨ ਲਈ ਮਾਨਤਾ ਦਿੱਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ 17 ਮਾਰਚ 2023 ਨੂੰ ਸ਼ੁਰੂ ਕੀਤੇ ਪ੍ਰੋਜੈਕਟ ਫੇਜ਼ ਅਧੀਨ ਫ਼ਿਰੋਜ਼ਪੁਰ ਦੇ ਪ੍ਰਮੁੱਖ ਕਿਸਾਨਾਂ ਨੂੰ ਚਿੱਲੀ ਕਲੱਸਟਰ ਦੇ ਵਿਕਾਸ ਵਿੱਚ ਕੀਤੇ ਯਤਨਾਂ ਲਈ ਸਨਮਾਨਿਤ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨੀ ਅਤੇ ਉੱਦਮੀ ਭਾਈਚਾਰੇ ਨੂੰ ਵਧੇਰੇ ਲਾਭ ਪਹੁੰਚਾਉਣ ਲਈ ਮਿਲ ਕੇ ਕੰਮ ਕਰਨ ਦੀ ਫੌਰੀ ਲੋੜ ਜ਼ਾਹਰ ਕੀਤੀ।

ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਾਰੇ ਭਾਈਵਾਲਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਖੇਤੀ ਵਿਭਿੰਨਤਾ ਦੇ ਏਜੰਡੇ ਨੂੰ ਅੱਗੇ ਲਿਜਾਣ ਅਤੇ ਕਿਸਾਨਾਂ ਲਈ ਸਥਾਈ ਤਾਲਮੇਲ ਸਥਾਪਿਤ ਕਰਨ ਲਈ ਬਾਗਬਾਨੀ ਵਿਭਾਗ ਦੀ ਵਚਨਬੱਧਤਾ ਦਾ ਮੁੜ ਭਰੋਸਾ ਦਿਵਾਇਆ।

ਇਸ ਮੌਕੇ ਬੋਲਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਾਗਬਾਨੀ ਵਿਭਾਗ ਨੂੰ ਏਆਈਐਫ ਸਕੀਮ ਤਹਿਤ ਪਿਛਲੇ ਵਿੱਤੀ ਸਾਲ ਦੌਰਾਨ ਸ਼ਾਨਦਾਰ ਸਫ਼ਲਤਾ ਹਾਸਲ ਕਰਨ ਲਈ ਵਧਾਈ ਦਿੱਤੀ ਅਤੇ ਮੌਜੂਦਾ ਵਿੱਤੀ ਸਾਲ ਵਿੱਚ ਪ੍ਰਗਤੀ ਦੀ ਨੇੜਿਓਂ ਨਿਗਰਾਨੀ ਕਰਨ ਦੀ ਇੱਛਾ ਜ਼ਾਹਰ ਕੀਤੀ।

ਵਧੀਕ ਮੁੱਖ ਸਕੱਤਰ (ਏਸੀਐਸ) ਕੇ.ਏ.ਪੀ. ਸਿਨਹਾ (ਆਈਏਐਸ) ਨੇ ਸੂਬੇ ਦੀ ਨੋਡਲ ਏਜੰਸੀ ਬਾਗਬਾਨੀ ਵਿਭਾਗ ਵੱਲੋਂ ਕੀਤੇ ਗਏ ਯਤਨਾਂ ਨੂੰ ਮਾਨਤਾ ਦਿੱਤੀ ਅਤੇ ਵੈਲਯੂ ਚੇਨ ਵਿਚਲੇ ਪਾੜੇ ਨੂੰ ਪੂਰਨ ਲਈ ਕਲੱਸਟਰ ਵਿਕਾਸ ਪਹੁੰਚ ਅਪਣਾਉਣ ਦਾ ਸੁਝਾਅ ਦਿੱਤਾ। ਬੁਲਾਰਿਆਂ ਨੇ ਹੋਰ ਸਕੀਮਾਂ ਨਾਲ ਤਾਲਮੇਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੇਂਦਰੀ ਅਤੇ ਸੂਬਾ ਪੱਧਰੀ ਸਕੀਮਾਂ ਦਾ ਲਾਭ ਉਠਾਇਆ ਜਾ ਸਕੇ।

ਪ੍ਰੋਜੈਕਟ ਫੇਜ਼ (ਪੰਜਾਬ ਹਾਰਟੀਕਲਚਰ ਐਡਵਾਂਸਮੈਂਟ ਐਂਡ ਸਸਟੇਨੇਬਲ ਐਂਟਰਪ੍ਰੀਨਿਓਰਸ਼ਿਪ) ਵਰਗੀਆਂ ਪਹਿਲਕਦਮੀਆਂ ਨੂੰ ਸ਼ੁਰੂ ਕਰਨ ਲਈ ਸੂਬਾ ਸਰਕਾਰ ਵੱਲੋਂ ਬਹੁਤ ਉਤਸ਼ਾਹ ਪ੍ਰਾਪਤ ਹੋਇਆ ਜਿਸ ਨਾਲ ਪੰਜਾਬ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੇ ਏਆਈਐਫ ਸਕੀਮ ਦਾ ਲਾਭ ਲਿਆ ਅਤੇ ਵਿਸ਼ੇਸ਼ ਫਸਲ ਕਲੱਸਟਰ ਬਣਾਉਣ ਵਿੱਚ ਵੀ ਮਦਦ ਕੀਤੀ।

ਪ੍ਰਾਜੈਕਟ ਫੇਜ਼ ਦੀ ਸ਼ੁਰੂਆਤ ਨਵੰਬਰ 2022 ਵਿੱਚ ਸੂਬਾ ਪੱਧਰੀ ਏਆਈਐਫ ਕਾਨਫਰੰਸ ਦੌਰਾਨ ਕੀਤੀ ਗਈ ਸੀ, ਜਿੱਥੇ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਪ੍ਰਗਤੀਸ਼ੀਲ ਵਿਕਾਸ ਵਿੱਚ ਬਾਗਬਾਨੀ ਖੇਤਰ ਦੀ ਅਹਿਮ ਭੂਮਿਕਾ ਦੀ ਕਲਪਨਾ ਕੀਤੀ ਸੀ। ਬਾਗਬਾਨੀ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਪੰਜਾਬ ਫਸਲ ਸਬੰਧੀ ਵੈਲਯੂ ਚੇਨ ਵਿੱਚ ਵਿਭਿੰਨਤਾਵਾਂ ਅਤੇ ਖੇਤੀ ਧੰਦਿਆਂ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰਨ ਲਈ ਤਿਆਰ ਹੈ।

ਇਸ ਏ.ਆਈ.ਐਫ ਸੰਮੇਲਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਅਧਿਕਾਰੀ, ਕੇ.ਏ.ਪੀ. ਸਿਨਹਾ, ਆਈ.ਏ.ਐਸ., ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ, ਬਾਗਬਾਨੀ, ਅਨੁਰਾਗ ਅਗਰਵਾਲ, ਆਈ.ਏ.ਐਸ., ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤੀ ਕਮਿਸ਼ਨਰ ਸਹਿਕਾਰਤਾ, ਅਰਸ਼ਦੀਪ ਸਿੰਘ ਥਿੰਦ, ਸਕੱਤਰ-ਬਾਗਬਾਨੀ, ਕਰਨੈਲ ਸਿੰਘ, ਆਈ.ਏ.ਐਸ., ਐਮ.ਡੀ. ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ, ਗਿਰੀਸ਼ ਦਿਆਲਨ, ਆਈ.ਏ.ਐਸ., ਐਮ.ਡੀ. ਮਾਰਕਫੈੱਡ, ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਕਮਿਸ਼ਨ ਅਤੇ ਸੈਮੂਅਲ ਪ੍ਰਵੀਨ ਕੁਮਾਰ, ਸੰਯੁਕਤ ਸਕੱਤਰ, ਖੇਤੀਬਾੜੀ ਮੰਤਰਾਲੇ, ਭਾਰਤ ਸਰਕਾਰ ਸ਼ਾਮਲ ਸਨ। ਇਸ ਤੋਂ ਇਲਾਵਾ ਇਸ ਸਮਾਗਮ ਦੌਰਾਨ ਬੈਂਕਿੰਗ ਅਤੇ ਹੋਰ ਕਰਜ਼ਾ ਦੇਣ ਵਾਲੀਆਂ ਸੰਸਥਾਵਾਂ ਦੇ ਰਾਜ ਪੱਧਰੀ ਨੁਮਾਇੰਦੇ ਅਤੇ ਨਿੱਜੀ ਤੇ ਗੈਰ-ਸਰਕਾਰੀ ਖੇਤਰ ਨਾਲ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ