ਚੰਡੀਗੜ੍ਹ, 6 ਨਵੰਬਰ 2022 – ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਕਾਗਜ਼ਾਂ ‘ਚ ਦਰਜ ਹੋ ਗਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਨੋਟੀਫਾਈ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਲਈ ਗੈਜੇਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਮੌਜੂਦਾ ਸਮੇਂ ‘ਚ ਚੰਡੀਗੜ੍ਹ ਦੇ ਹਵਾਈ ਅੱਡੇ ਨੂੰ ਇੰਟਰਨੈਸ਼ਨਲ ਏਅਰਪੋਰਟ ਦੇ ਨਾਂ ‘ਤੇ ਵੈੱਬਸਾਈਟ ‘ਤੇ ਦਿਖਾਇਆ ਜਾ ਰਿਹਾ ਹੈ।
28 ਸਤੰਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ‘ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ’ ਰੱਖਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਹ ਨਾਮਕਰਨ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਮੁਹਾਲੀ ਜ਼ਿਲ੍ਹੇ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਵਿੱਚ ਕੀਤਾ ਗਿਆ। ਇਸ ‘ਚ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਪਹੁੰਚੀ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਡਾ.ਵੀ.ਕੇ.ਸਿੰਘ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬੀ.ਐੱਲ. ਪੁਰੋਹਿਤ, ਚੰਡੀਗੜ੍ਹ ਦੇ ਸੰਸਦ ਮੈਂਬਰ ਕਿਰਨ ਖੇਰ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਗ੍ਰਹਿ ਮੰਤਰੀ ਅਨਿਲ ਵਿੱਜ, ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਹੋਰ ਕਈ ਆਗੂ ਪੁੱਜੇ ਹੋਏ ਸਨ।
ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਰੇਡੀਓ ਪ੍ਰਸਾਰਣ ‘ਮਨ ਕੀ ਬਾਤ’ ਵਿੱਚ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਗੱਲ ਵੀ ਕੀਤੀ ਸੀ।
ਇਸ ਤੋਂ ਪਹਿਲਾਂ 20 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਹਿਮਤੀ ਬਣੀ। ਇਸ ਤੋਂ ਪਹਿਲਾਂ ਹਰਿਆਣਾ ਨੇ ਸਿਫਾਰਿਸ਼ ਕੀਤੀ ਸੀ ਕਿ ਹਵਾਈ ਅੱਡੇ ਦੇ ਨਾਂ ਵਿਚ ਪੰਚਕੂਲਾ ਦਾ ਨਾਂ ਵੀ ਸ਼ਾਮਲ ਕੀਤਾ ਜਾਵੇ। ਇਸ ਹਵਾਈ ਅੱਡੇ ਦੇ ਨਿਰਮਾਣ ਵਿੱਚ ਹਰਿਆਣਾ ਦਾ ਵੀ ਬਰਾਬਰ ਦਾ ਹਿੱਸਾ ਰਿਹਾ ਹੈ।