ਚੰਡੀਗੜ੍ਹ, 16 ਅਕਤੂਬਰ 2024 – ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸੀ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਕੱਢ ਦੇਣ ਅਤੇ 10 ਸਾਲ ਤਕ ਉਸ ਨੂੰ ਪਾਰਟੀ ਵਿਚ ਮੁੜ ਸ਼ਾਮਲ ਨਾ ਕੀਤਾ ਜਾਵੇ। ਇਸ ਮਗਰੋਂ ਵਲਟੋਹਾ ਵੱਲੋਂ ਆਪ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਲਟੋਹਾ ਦਾ ਅਸਤੀਫ਼ਾ ਵੀ ਜਨਤਕ ਕੀਤਾ ਗਿਆ ਹੈ। ਇਸ ਵਿਚ ਵਿਰਸਾ ਸਿੰਘ ਵਲਟੋਹਾ ਨੇ ਪਾਰਟੀ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨ ਨੂੰ ਲਿਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਮਗਰੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਆਦੇਸ਼ ਸਬੰਧੀ ਉਹ ਖ਼ੁਦ ਹੀ ਗੁਰੂ ਦਾ ਇਕ ਨਿਮਾਣਾ ਸਿੱਖ ਹੋਣ ਦੇ ਨਾਤੇ ਸਿਰ ਝੁਕਾ ਕੇ ਪ੍ਰਵਾਨ ਕਰਦਾ ਹੋਇਆ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦੇ ਹਨ। ਉਨ੍ਹਾਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਅਪੀਲ ਕੀਤੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ-ਉੱਚਤਾ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਜਾਵੇ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਹੋ ਸਕੇ।