ਚੰਡੀਗੜ੍ਹ, 16 ਦਸੰਬਰ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਮੀਟਿੰਗ ਵਿੱਚ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਆਉਣ ਵਾਲੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਨਾਲ ਸਬੰਧਤ ਹੋਰ ਮਾਮਲੇ ਵੀ ਵਿਚਾਰੇ ਜਾਣਗੇ। ਵਰਣਨਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਗੱਲ ਕਹੀ ਹੈ। ਬਾਦਲ ਮੁਤਾਬਕ ਉਨ੍ਹਾਂ ਨੂੰ ਮੰਤਰੀ ਭੁੱਲਰ ਨੇ ਟਰਾਂਸਪੋਰਟ ਮਾਫੀਆ ਕਿਹਾ ਹੈ। ਜਦਕਿ ਇਸ ਮਾਮਲੇ ‘ਚ ਮੰਤਰੀ ਭੁੱਲਰ ਨੇ ਕਿਹਾ ਹੈ ਕਿ ਉਨ੍ਹਾਂ ਅਜਿਹਾ ਕੁਝ ਨਹੀਂ ਕਿਹਾ।
ਮਾਨ ਸਰਕਾਰ ਨੇ ਬਾਦਲ ਪਰਿਵਾਰ ਦੀਆਂ ਬੱਸਾਂ ਦੇ ਚੰਡੀਗੜ੍ਹ ਵਿੱਚ ਦਾਖ਼ਲੇ ‘ਤੇ ਪਾਬੰਦੀ ਲਾ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਬੈਠਕ ‘ਚ ਇਸ ਮਾਮਲੇ ‘ਤੇ ਵੀ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਟੋਲ ਪਲਾਜ਼ਿਆਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਵੀ ਕੀਤੀ ਗਈ ਹੈ, ਇਸ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।