- ਅਰਸ਼ਦੀਪ ਸਿੰਘ ਕਲੇਰ ਨੇ ਆਪ ਦੇ ਅਹੁਦੇਦਾਰਾਂ ਖਿਲਾਫ ਕਾਰਵਾਈ ਮੰਗੀ ਜਿਹਨਾਂ ਨੇ ਸ਼ੰਭੂ ਵਿਖੇ ਧਰਨੇ ਵਾਲੀ ਥਾਂ ਤੋਂ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕੀਤੀਆਂ
ਚੰਡੀਗੜ੍ਹ, 25 ਮਾਰਚ 2025: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪੁਲਿਸ ਦੇ ਉਸ ਏ ਐਸ ਆਈ ਦੇ ਵੀਡੀਓ ਸਬੂਤ ਜਾਰੀ ਕੀਤੇ ਜੋ ਆਪ ਦੀ ਸਰਪੰਚ ਦਾ ਪਤੀ ਹੈ, ਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹੈ ਅਤੇ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਿਆਸਤਦਾਨ-ਪੁਲਿਸ ਗਠਜੋੜ ਦੇ ਕਾਰਣ ਹੀ ਨਸ਼ਾ ਤਸਕਰੀ ਪੰਜਾਬ ਵਿਚ ਇਸ ਹੱਦ ਤੱਕ ਵੱਧ ਗਈ ਹੈ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਵੀਡੀਓ ਸਬੂਤ ਪੇਸ਼ ਕੀਤੇ ਅਤੇ ਦੱਸਿਆ ਕਿ ਕਿਵੇਂ ਏ ਐਸ ਆਈ ਗੁਰਪ੍ਰੀਤ ਸਿੰਘ ਜੋ ਫਤਿਹਗੜ੍ਹ ਚੂੜੀਆਂ ਤੋਂ ਆਪ ਦੀ ਸਰਪੰਚ ਰਾਜਬੀਰ ਕੌਰ ਦਾ ਪਤੀ ਹੈ, ਰਸਾਇਣ ਨਸ਼ਿਆਂ ਦਾ ਸੇਵਨ ਕਰਦਾ ਹਨ। ਉਹਨਾਂ ਕਿਹਾ ਕਿ ਇਸ ਵੀਡੀਓ ਦੇ ਜਨਤਕ ਹੋਣ ਦੇ ਬਾਵਜੂਦ ਵੀ ਏ ਐਸ ਆਈ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਆਪ ਸਰਕਾਰ ਦੀ ਆਪਣੇ ਅਹੁਦੇਦਾਰਾਂ ਤੇ ਪੁਲਿਸ ਅਫਸਰਾਂ ਜੋ ਸੂਬੇ ਵਿਚ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਹਨ ਤੇ ਲੋਕਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਹੇ ਹਨ, ਦੇ ਖਿਲਾਫ ਕਾਰਵਾਈ ਕਰਨ ਦਾ ਕੋਈ ਇਰਾਦਾ ਨਹੀਂ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜਿਹਨਾਂ ਦੇ ਕੋਲ ਗ੍ਰਹਿ ਵਿਭਾਗ ਹੈ, ਨੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦਾ ਆਪਣਾ ਫਰਜ਼ ਭੁਲਾ ਦਿੱਤਾ ਹੈ। ਉਹਨਾਂ ਕਿਹਾ ਕਿ ਹੁਣ ਨਸ਼ਿਆਂ ਦੇ ਮਸਲੇ ਦੇ ਹੱਲ ਵਾਸਤੇ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦਾ ਸੂਬੇ ਵਿਚੋਂ ਨਸ਼ੇ ਖ਼ਤਮ ਕਰਨ ਦੇ ਸਰਕਾਰ ਦੇ ਇਰਾਦੇ ਵਿਚੋਂ ਵਿਸ਼ਵਾਸ ਉਠ ਗਿਆ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨਸ਼ਿਆਂ ਦੇ ਖਿਲਾਫ ਇਸ਼ਤਿਹਾਰਬਾਜ਼ੀ ਵਿਚ ਲੱਗੀ ਹੈ ਜਦੋਂ ਕਿ ਰੋਜ਼ਾਨਾ ਨੌਜਵਾਨਾ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ।
ਕਲੇਰ ਨੇ ਮੰਗ ਕੀਤੀ ਕਿ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀਆਂ ਟਰਾਲੀਆਂ ਤੇ ਹੋਰ ਸਮਾਨ ਚੋਰੀ ਕਰਨ ਵਾਲੇ ਆਪ ਆਗੂਆਂ ਤੇ ਅਹੁਦੇਦਾਰਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਐਲਾਨ ਕਰ ਰਹੀ ਹੈ ਕਿ ਕਿਸਾਨਾਂ ਨੂੰ ਉਹਨਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਦੋਂ ਕਿ ਟਰਾਲੀਆਂ ਤੇ ਹੋਰ ਸਮਾਨ ਚੋਰੀ ਕਰਨ ਲਈ ਜ਼ਿੰਮੇਵਾਰ ਆਪ ਆਗੂਆਂ ਦੇ ਖਿਲਾਫ ਕੋਈ ਪਰਚਾ ਦਰਜ ਨਹੀਂ ਕੀਤਾ ਗਿਆ।
ਉਹਨਾਂ ਮੰਗ ਕੀਤੀ ਕਿ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਵਿਚ ਗੱਲਬਾਤ ਵਾਸਤੇ ਸੱਦ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਲਈ ਮੁਆਫੀ ਮੰਗਣ।
