ਨਵੀਂ ਦਿੱਲੀ, 20 ਜੁਲਾਈ 2022 – ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਅਤੇ ਐਮ ਪੀ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਹ ਮੁੱਦਾ ਸੰਸਦ ਦੇ ਬਾਹਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਇਆ। ਇਸ ਦੇ ਨਾਲ ਹੀ ਅਕਾਲੀ ਦਲ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਮਾਰਚ ਵੀ ਕੱਢ ਰਿਹਾ ਹੈ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਕਈ ਬੰਦੀ ਸਿੱਖ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।
ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਦੀ ਸਿੱਖਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ। ਅਜੇ ਤੱਕ ਉਨ੍ਹਾਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਕਿਹਾ ਸੀ ਕਿ ਤੁਸੀਂ ਬੰਦੀ ਸਿੱਖਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ। ਉਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ। ਜਵਾਬ ਵਿੱਚ ਗ੍ਰਹਿ ਮੰਤਰੀ ਸ਼ਾਹ ਨੇ ‘ਹਾਂ’ ਵਿੱਚ ਸਿਰ ਹਿਲਾ ਦਿੱਤਾ।
ਪੰਜਾਬ ਵਿੱਚ ਅਕਾਲੀ ਦਲ ਦੀ ਸਿਆਸੀ ਹਾਲਤ ਬਹੁਤ ਕਮਜ਼ੋਰ ਹੋ ਚੁੱਕੀ ਹੈ। ਉਹ ਲਗਾਤਾਰ 2 ਵਾਰ ਵਿਧਾਨ ਸਭਾ ਚੋਣਾਂ ਬੁਰੀ ਤਰ੍ਹਾਂ ਹਾਰ ਚੁੱਕੇ ਹਨ। ਉਸ ਨੇ ਐਨਡੀਏ ਨਾਲੋਂ ਵੀ ਨਾਤਾ ਤੋੜ ਲਿਆ ਹੈ। ਅਜਿਹੇ ‘ਚ ਪੰਜਾਬ ‘ਚ ਉਨ੍ਹਾਂ ਦੀ ਸਿਆਸੀ ਪਕੜ ਕਾਫੀ ਢਿੱਲੀ ਹੋ ਗਈ ਹੈ। ਜਿਸ ਤੋਂ ਬਾਅਦ ਅਕਾਲੀ ਦਲ ਮੁੜ ਬੰਦੀ ਸਿੱਖਾਂ ਦੀ ਰਿਹਾਈ ਰਾਹੀਂ ਪੰਥਕ ਅਕਸ ਨੂੰ ਮਜ਼ਬੂਤ ਕਰਨ ਵਿੱਚ ਲੱਗਾ ਹੋਇਆ ਹੈ। ਅਕਾਲੀ ਦਲ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵੀ ਬੰਦੀ ਸਿੱਖਾਂ ਦੇ ਨਾਂ ’ਤੇ ਲੜੀ ਪਰ ਚੌਥੇ ਨੰਬਰ ’ਤੇ ਰਹੀ।