- ਹਰਚੰਦ ਸਿੰਘ ਬਰਸਟ ਦੀ ਅਗਵਾਈ ‘ਚ ‘ਆਪ’ ਪੰਜਾਬ ਸੰਗਠਨ ਦੀ ਮਜ਼ਬੂਤੀ ਜਾਰੀ
- ਆਗਾਮੀ ਮਿਉਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਆਮ ਆਦਮੀ ਪਾਰਟੀ ਨੂੰ ਲੁਧਿਆਣਾ ‘ਚ ਮਿਲਿਆ ਹੁਲਾਰਾ
ਚੰਡੀਗੜ੍ਹ, ਸਤੰਬਰ 29, 2022 – ਮਿਉਂਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਨੇ ਅੱਜ ਲੁਧਿਆਣਾ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਮਨਪ੍ਰੀਤ ਸਿੰਘ, ਜੋ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਦੇ ਮੌਜੂਦਾ ਰਾਸ਼ਟਰੀ ਪ੍ਰਧਾਨ ਸਨ, ਲੁਧਿਆਣਾ ਦੇ ਹਲਕਾ ਰਾਏਕੋਟ ਦੇ ਤਲਵੰਡੀ ਰਾਏ ਤੋਂ ਆਉਂਦੇ ਹਨ ਅਤੇ 2013-18 ਤੱਕ ਲੁਧਿਆਣਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਰਹੇ। ਕਾਲਜ ਤੋਂ ਹੀ ਰਾਜਨੀਤੀ ਨਾਲ ਜੁੜੇ ਹੋਣ ਕਾਰਨ ਮਨਪ੍ਰੀਤ ਸਿੰਘ ਦੀ ਆਪਣੇ ਇਲਾਕੇ ਦੇ ਨੌਜਵਾਨਾਂ ਅਤੇ ਲੁਧਿਆਣਾ ਸ਼ਹਿਰੀ ਵਿੱਚ ਚੰਗੀ ਪਹਿਚਾਣ ਹੈ ਅਤੇ ਆਮ ਆਦਮੀ ਪਾਰਟੀ ਨੂੰ ਲੁਧਿਆਣਾ ਮਿਉਂਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਵਿੱਚ ਇਸਦਾ ਫਾਇਦਾ ਹੋਵੇਗਾ।
ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਦਾ ਪਾਰਟੀ ਵਿੱਚ ਰਸਮੀ ਸਵਾਗਤ ਕੀਤਾ ਅਤੇ ਕਿਹਾ ਕਿ ਨੌਜਵਾਨਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਜਾਰੀ ਹੈ ਕਿਉਂਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨ ਪੀੜ੍ਹੀ ਦੇ ਭਵਿੱਖ ਪ੍ਰਤੀ ਸੰਜੀਦਾ ਹੋ ਕੇ ਨਿੱਤ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਗਾਮੀ ਐੱਮ ਸੀ ਚੋਣਾਂ ਵਿੱਚ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ ਅਤੇ ਵਿਧਾਨ ਸਭਾ ਚੋਣਾਂ ਵਾਂਗ ਹੂੰਝਾ ਫੇਰ ਜਿੱਤ ਦਰਜ ਕਰੇਗੀ।