- ਪੰਜਾਬ ’ਚ ਪ੍ਰਸ਼ਾਸਨ, ਕਾਨੂੰਨ ਤੇ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋਈ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 17 ਦਸੰਬਰ 2022: ਪੰਜਾਬ ਵਿਚ ਵਿਗੜ ਰਹੇ ਦੇ ਹਾਲਾਤਾਂ ਅਤੇ ਪ੍ਰਸ਼ਾਸਨ ਤੇ ਕਾਨੂੰਨ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋਣ ਨਾਲ ਬਣੇ ਖੌਫ ਦੇ ਮਾਹੌਲ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਰੇ ਜ਼ਿਲ੍ਹਿਆਂ ਦਾ “ਪੰਜਾਬ ਬਚਾਓ ਦੌਰਾ” ਕਰਨਗੇ ਤਾਂ ਜੋ ਲੋਕਾਂ ਵਿਚ ਵਿਸ਼ਵਾਸ ਮਜ਼ਬੂਤ ਕੀਤਾ ਜਾ ਸਕੇ। ਇਸ ਬਾਰੇ ਫੈਸਲਾ 16 ਦਸੰਬਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ।
ਸੁਖਬੀਰ ਬਾਦਲ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ, ਅਤੇ ਸੂਬੇ ਵਿਚ ਡਰ ਤੇ ਖੌਫ ਦੇ ਮਾਹੌਲ ਬਾਰੇ ਮੈਂਬਰਾਂ ਦੇ ਵਿਚਾਰ ਸਾਂਝੇ ਕੀਤੇ ਹਨ। ਉਹਨਾਂ ਦੱਸਿਆ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਪੰਜਾਬ ਦਾ ਹੁਣ ਕੋਈ ਵਾਲੀ ਵਾਰਸ ਨਹੀਂ ਲਿਆ। ਬਾਦਲ ਨੇ ਕਿਹਾ ਕਿ ਸੂਬੇ ਦੀ ਵਾਗੋਡਰ ਗੈਂਗਸਟਰਾਂ ਤੇ ਗੈਂਗਾਂ ਦੇ ਹੱਥ ਦੇ ਹੈ ਤੇ ਮੰਤਰੀ ਸਿਰਫ ਜਨਤਕ ਸਮਾਗਮਾਂ ਦੀਆਂ ਰਸਮਾਂ ਨਿਭਾਉਣ ਜੋਗੇ ਹੀ ਨਜ਼ਰ ਆ ਰਹੇ ਹਨ। ਪੁਲਿਸ ਤੇ ਅਫਸਰਸ਼ਾਹੀ ਵੱਖਰੇ ਹੀ ਵਹਿਣ ਵਿਚ ਹਨ।
ਉਹਨਾਂ ਕਿਹਾ ਕਿ ਸਾਰੇ ਪੰਜਾਬੀ ਆਪਣੀ ਜਾਨ ਮਾਲ ਦੀ ਰਾਖੀ ਲਈ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਸ਼ਹਿਰੀ ਲੋਕ ਤਾਂ ਅੱਧੀ ਰਾਤ ਨੂੰ ਫਿਰੌਤੀਆਂ ਤੇ ਵਸੂਲੀਆਂ ਲਈ ਬੂਹੇ ਖੜਕਾਉਣ ਜਾਣ ਦੇ ਡਰੋਂ ਦਹਿਸ਼ਤ ਵਿਚ ਹਨ। ਉਹਨਾਂ ਕਿਹਾਕਿ ਇਹ ਉਹ ਪੰਜਾਬ ਨਹੀਂ ਰਿਹਾ ਜਿਸ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਵੇਲੇ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੁੰਦੀ ਸੀ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘਚੀਮਾ ਨੇ ਕਿਹਾ ਕਿ ਮੀਟਿੰਗ ਵਿਚ ਚਾਰ ਸਾਹਿਬਜ਼ਾਦਿਆਂ ਅਤੇ ਇਤਿਹਾਸ ਦੇ ਹੋਰ ਬੇਖੌਫ ਜੰਗਜੂਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਮੀਟਿੰਗ ਵਿਚ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਹਰਭਜਨ ਸਿੰਘ ਮਸਾਣਾ (ਹਰਿਆਣਾ) ਦੇ ਸਤਿਕਾਰਯੋਗ ਪਿਤਾ ਸਰਦਾਰ ਦਲੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਅਤੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਵਾਸਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ।