ਚੰਡੀਗੜ੍ਹ, 2 ਮਈ 2025 – ਪੰਜਾਬ ਦੇ ਪਾਣੀ ਹੱਕਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਲ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜੋ ਕਿ ਅੱਜ ਸਵੇਰੇ ਪੰਜਾਬ ਭਵਨ ਵਿੱਚ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਸਾਰੀਆਂ ਵੱਡੀਆਂ ਸਿਆਸੀ ਧਿਰਾਂ ਦੇ ਆਗੂ ਹਿੱਸਾ ਲੈ ਰਹੇ ਹਨ।
ਆਮ ਆਦਮੀ ਪਾਰਟੀ ਵਲੋਂ CM ਭਗਵੰਤ ਮਾਨ ਅਤੇ ਅਮਨ ਅਰੋੜਾ, ਅਕਾਲੀ ਦਲ ਵਲੋਂ ਬਲਵਿੰਦਰ ਸਿੰਘ ਭੁੰਦਰ ਅਤੇ ਡਾ. ਦਲਜੀਤ ਸਿੰਘ ਚੀਮਾ, ਕਾਂਗਰਸ ਵਲੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਰਾਣਾ ਕੇ.ਪੀ. ਸਿੰਘ, ਭਾਜਪਾ ਵਲੋਂ ਸੁਨੀਲ ਜਾਖੜ ਅਤੇ ਮਨੋਰੰਜਨ ਕਾਲੀਆ, ਜਦਕਿ ਬੀ.ਐਸ.ਪੀ. ਵਲੋਂ ਡਾ. ਨਛੱਤਰ ਪਾਲ ਮੀਟਿੰਗ ਵਿੱਚ ਸ਼ਾਮਲ ਹੋਏ ਹਨ।
ਮੀਟਿੰਗ ਵਿੱਚ BBMB ਦੇ ਗਲਤ ਇਸਤੇਮਾਲ ਅਤੇ ਪੰਜਾਬ ਦੇ ਹੱਕਾਂ ਦੇ ਪਾਣੀ ਨੂੰ ਹਰਿਆਣਾ ਨੂੰ ਦਿੱਤੇ ਜਾਣ ਸਬੰਧੀ ਚਰਚਾ ਕੀਤੀ ਜਾ ਰਹੀ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਬੁਲਾਇਆ ਗਿਆ ਹੈ, ਜਿੱਥੇ ਇੱਕ ਮਹੱਤਵਪੂਰਨ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸਾਰੀਆਂ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ, ਤਾਂ ਜੋ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਮਿਲਜੁਲ ਕੇ ਆਵਾਜ਼ ਉਠਾਈ ਜਾ ਸਕੇ।
