ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮਾਸਟਰ ਕਲੋਨੀ ਦਾ ਵਿਵਾਦ ਸੁਲਝਾਇਆ

  • ਮੌਕੇ ਦਾ ਲਿਆ ਜਾਇਜ਼ਾ, ਦੋਵੇਂ ਧਿਰਾਂ ਨੂੰ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਕੀਤੀ ਅਪੀਲ
  • ਮੇਰਾ ਕੰਮ ਲੋਕਾਂ ਨੂੰ ਜੋੜਨਾ ਹੈ: ਕੈਬਨਿਟ ਮੰਤਰੀ ਅਮਨ ਅਰੋੜਾ
  • ਸਮੱਸਿਆ ਦੇ ਸਥਾਈ ਹੱਲ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਜਾਰੀ: ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 14 ਮਈ, 2023: ਸੁਨਾਮ ਸ਼ਹਿਰ ਦੀ ਮਾਸਟਰ ਕਲੋਨੀ ਵਿੱਚ ਦੋ ਧਿਰਾਂ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਖਿੱਚੋਤਾਣ ਨੂੰ ਅੱਜ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਸੁਲਝਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਜਲੰਧਰ ਦੀ ਜ਼ਿਮਨੀ ਚੋਣ ਕਾਰਨ ਵਿਅਸਤ ਸਨ ਅਤੇ ਉਨ੍ਹਾਂ ਦੇ ਧਿਆਨ ਵਿੱਚ ਇਹ ਮਸਲਾ ਲਿਆਂਦਾ ਗਿਆ ਸੀ ਕਿ ਮਾਸਟਰ ਕਲੋਨੀ ਵਿੱਚ ਦੋ ਧਿਰਾਂ ਵਿਚਕਾਰ ਮਤਭੇਦ ਪੈਦਾ ਹੋਣ ਕਾਰਨ ਸਥਿਤੀ ਤਣਾਅਪੂਰਨ ਚੱਲ ਰਹੀ ਹੈ।

ਸ੍ਰੀ ਅਰੋੜਾ, ਜੋ ਕਿ ਅੱਜ ਮਾਸਟਰ ਕਲੋਨੀ ਵਿਖੇ ਦੋਵਾਂ ਧਿਰਾਂ ਦੇ ਨੁਮਾਇੰਦਿਆਂ ਨਾਲ ਮਸਲੇ ਸਬੰਧੀ ਗੱਲਬਾਤ ਕਰਨ ਪੁੱਜੇ ਸਨ, ਨੇ ਕਿਹਾ ਕਿ ਪੰਜਾਬ ਦੇ ਲੋਕ ਭਾਈਚਾਰਕ ਸਾਂਝ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ ਇਸ ਲਈ ਆਪਸੀ ਮਤਭੇਦ ਭੁਲਾ ਕੇ ਸਮੱਸਿਆ ਦੇ ਸਥਾਈ ਹੱਲ ਕਰਨ ਜ਼ਰੂਰੀ ਹਨ। ਕੈਬਨਿਟ ਮੰਤਰੀ ਨੇ ਦੋਹਾਂ ਧਿਰਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਧਿਆਨ ਨਾਲ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕਲੋਨੀ ਵਿੱਚ ਟਕਰਾਅ ਦਾ ਕਾਰਨ ਬਣ ਰਹੇ ਸਰਕਾਰੀ ਰਸਤੇ ਨੂੰ ਲੋਕਾਂ ਦੀ ਲੋੜ ਮੁਤਾਬਿਕ ਦਰੁਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਕਲੋਨੀ ਵਿੱਚ ਗੈਰ ਸਮਾਜਿਕ ਗਤੀਵਿਧੀਆਂ ਨੂੰ ਮੁਕੰਮਲ ਠੱਲ੍ਹ ਪਾਈ ਜਾਵੇ ਅਤੇ ਈਓ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਫ ਸਫਾਈ, ਆਵਾਰਾ ਪਸ਼ੂਆਂ ਦੀ ਰੋਕਥਾਮ ਜਿਹੇ ਮੁੱਦਿਆਂ ਤੇ ਢੁਕਵੇਂ ਕਦਮ ਚੁੱਕੇ ਜਾਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਉਸ ਕੰਧ ਨੂੰ ਵੀ ਤੁੜਵਾ ਦਿੱਤਾ ਗਿਆ ਹੈ ਜੋ ਕਿ ਸਰਕਾਰੀ ਰਾਹ ਵਿੱਚ ਬਣਵਾਈ ਗਈ ਸੀ।

ਸ੍ਰੀ ਅਰੋੜਾ ਨੇ ਕਿਹਾ ਕਿ ਸਾਰਾ ਸ਼ਹਿਰ ਹੀ ਉਨ੍ਹਾਂ ਦਾ ਆਪਣਾ ਹੈ ਅਤੇ ਉਹ ਲੋਕਾਂ ਨੂੰ ਜੋੜਨ ਲਈ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦੇ ਨਿੱਜੀ ਮੁਫਾਦਾਂ ਕਰਕੇ ਇਹ ਮਸਲਾ ਉਲਝ ਗਿਆ ਸੀ ਜਿਸ ਕਰਕੇ ਉਨ੍ਹਾਂ ਨੇ ਅੱਜ ਮੌਕੇ ਦਾ ਜਾਇਜ਼ਾ ਲਿਆ ਅਤੇ ਦੋਵਾਂ ਧਿਰਾਂ ਨਾਲ ਬੈਠ ਕੇ ਆਪਸੀ ਵੈਰ ਵਿਰੋਧ ਨੂੰ ਖਤਮ ਕਰਵਾ ਦਿੱਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਦੋਵੇਂ ਧਿਰਾਂ ਨੂੰ ਇਹ ਵੀ ਸਮਝਾਇਆ ਗਿਆ ਹੈ ਕਿ ਭਵਿੱਖ ਵਿੱਚ ਅਜਿਹੇ ਮਸਲਿਆਂ ਨੂੰ ਬਿਲਕੁਲ ਵੀ ਤੂਲ ਨਾ ਦਿੱਤੀ ਜਾਵੇ ਅਤੇ ਇਕ ਦੂਜੇ ਨਾਲ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾਵੇ। ਦੋਵਾਂ ਧਿਰਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਉਹ ਇੱਕ ਦੂਜੇ ਨਾਲ ਮਿਲਜੁਲ ਕੇ ਰਹਿਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ: ਟੈਂਡਰ ਪ੍ਰਕਿਰਿਆ ਸ਼ੁਰੂ, ਪ੍ਰਾਜੈਕਟ 6 ਮਹੀਨਿਆਂ ‘ਚ ਮੁਕੰਮਲ ਕਰਨ ਦਾ ਟੀਚਾ

ਲਾਲਜੀਤ ਭੁੱਲਰ ਵਲੋਂ ਸਰਕਾਰੀ ਆਈ.ਟੀ.ਆਈ ਰੂਪਨਗਰ ਵਿਖੇ ਇੰਸਟੀਚਿਊਟ ਆਫ਼ ਆਟੋਮੋਟਿਵ ਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ