ਨਵੀਂ ਦਿੱਲੀ, 5 ਜੁਲਾਈ 2024: ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਪਰਿਵਾਰ ਨੂੰ ਮਿਲਣ ਲਈ ਸੇਫ ਹਾਊਸ ਲਿਆਂਦਾ ਗਿਆ ਜਿਥੇ ਉਹਨਾਂ ਨੇ ਪਿਤਾ ਅਤੇ ਚਾਚੇ ਨਾਲ ਕਰੀਬ 50 ਮਿੰਟ ਤੱਕ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ।
ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਫਤਿਹ ਬੁਲਾ ਕੇ ਉਨ੍ਹਾਂ ਨੂੰ ਗਲੇ ਲਗਾਇਆ। ਉਨ੍ਹਾਂ ਸੰਗਤ ਦਾ ਧੰਨਵਾਦ ਕੀਤਾ। ਅੰਮ੍ਰਿਤਪਾਲ ਨੇ ਪੰਜਾਬ ਵਿੱਚ ਹੋਣ ਵਾਲੀਆਂ ਉਪ ਚੋਣਾਂ ਬਾਰੇ ਕੋਈ ਗੱਲ ਨਹੀਂ ਕੀਤੀ।
ਉਨ੍ਹਾਂ ਦੇ ਚਾਚਾ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਮਿਲ ਕੇ ਸਭ ਤੋਂ ਪਹਿਲਾਂ ਮੂੰਹ ਮਿੱਠਾ ਕਰਵਾਇਆ ਗਿਆ। ਅੰਮ੍ਰਿਤਪਾਲ ਨੇ ਸੰਗਤਾਂ ਨੂੰ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਵਾਉਣ ਲਈ ਕਿਹਾ ਹੈ।
ਪਰਿਵਾਰ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਹੁਣ ਸਿੱਧੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਨੇ ਪਰਿਵਾਰ ਨਾਲ 50 ਮਿੰਟ ਤੱਕ ਗੱਲਬਾਤ ਕੀਤੀ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਦਿੱਲੀ ਦੇ ਸਫਦਰਗੰਜ ਹਵਾਈ ਅੱਡੇ ‘ਤੇ ਲਿਜਾਇਆ ਗਿਆ। ਜਿੱਥੋਂ ਕਿ ਡਿਬਰੂਗੜ੍ਹ ਲਈ ਫਲਾਈਟ ਦਾ ਪ੍ਰਬੰਧ ਕੀਤਾ ਗਿਆ ਹੈ।