ਮਾਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ

  • ਸੰਗਰੂਰ ਵਿਖੇ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
  • ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵੱਡੀ ਕਾਰਜ ਯੋਜਨਾ ਦਾ ਐਲਾਨ

ਸੰਗਰੂਰ, 22 ਮਈ,2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀਜੀਐਸ ਸਕੂਲ ਦੇ ਗਰਾਊਂਡ ਤੋਂ ਇੱਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ।

ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਅੱਜ ਇੱਕ ਵਾਰ ਫਿਰ ਸੰਗਰੂਰ ਦੇ ਲੋਕ ਇੱਕ ਨੇਕ ਕੰਮ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਨਸ਼ਿਆਂ ਵਿਰੁੱਧ ਵਿਆਪਕ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨਾ ਅਤੇ ਅਣਜਾਣੇ ਵਿੱਚ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਇਸ ਖਤਰੇ ਤੋਂ ਦੂਰ ਕਰਨਾ ਹੈ। ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ’ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਮੌਕੇ ਹੋਣ ਨਾਲ ਸਮਾਜ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ ਬਚੇਗੀ।

ਮੁੱਖ ਮੰਤਰੀ ਨੇ ਕਿਹਾ “ਸਾਡੀ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਧਰਤੀ ‘ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ‘ਤੇ ਨਹੀਂ ਫੁੱਟੇਗਾ। ਜੇਕਰ ਸਾਡੀ ਸਿਹਤ ਅਤੇ ਦਿਮਾਗ ਫਿੱਟ ਰਹੇਗਾ ਤਾਂ ਅਸੀਂ ਮਿਲ ਕੇ ਸੂਬੇ ਨੂੰ ਉੱਚ ਵਿਕਾਸ ਦੇ ਰਾਹ ‘ਤੇ ਲਿਆਵਾਂਗੇ।”

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਜਾਗਰੂਕ ਪਹਿਲਕਦਮੀਆਂ ਨੂੰ ਵੱਡੇ ਪੱਧਰ ‘ਤੇ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਈ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ ਅਤੇ ਨਸ਼ਾ ਪੀੜਤ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਹੋਰ ਮੁੜ ਵਸੇਬਾ ਕੇਂਦਰ ਅਤੇ ਕਲੀਨਿਕ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ‘ਤੇ ਵੀ ਜ਼ੋਰ ਦਿੱਤਾ ਜਾਵੇਗਾ ਜਿਸ ਨਾਲ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਵਿੱਚ ਮਦਦ ਮਿਲੇਗੀ। ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕੀਮਤੀ ਕੁਦਰਤੀ ਸਰੋਤ ਪਾਣੀ ਅਤੇ ਹਵਾ ਦੋਵੇਂ ਹੀ ਪ੍ਰਦੂਸ਼ਿਤ ਹੋ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਰਤ ਸਰਕਾਰ ਨੇ ਹਾੜੀ ਦੇ ਸੀਜ਼ਨ 2021-22 ਲਈ ਪੰਜਾਬ ਸਰਕਾਰ ਤੋਂ ਮੂੰਗੀ ਦੀ ਫਸਲ ਦੀ ਖਰੀਦ ਲਈ ਮੁੱਲ ਸਮਰਥਨ ਸਕੀਮ ਲਾਗੂ ਕਰਨ ਲਈ ਵੀ ਸਹਿਮਤੀ ਦਿੱਤੀ ਹੈ।

ਇਸ ਦੌਰਾਨ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕਰਨ ਲਈ ਇਸ ਉਪਰਾਲੇ ਦੀ ਅਗਵਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬੀ ਲੋਕ ਗਾਇਕ ਹਰਜੀਤ ਹਰਮਨ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ, ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ, ਅਰਜੁਨਾ ਐਵਾਰਡੀ ਪਲਵਿੰਦਰ ਸਿੰਘ ਚੀਮਾ ਅਤੇ ਰਾਜਪਾਲ ਸਿੰਘ, ਰਾਸ਼ਟਰਮੰਡਲ ਖੇਡਾਂ ਦੇ ਮੈਡਲ ਜੇਤੂ ਐਸਪੀ ਹਰਵੰਤ ਕੌਰ, ਪਦਮ ਸ੍ਰੀ ਸੁਨੀਤਾ ਰਾਣੀ, ਡੀਐਸਪੀ ਪ੍ਰਿਥਵੀ ਸਿੰਘ ਚਹਿਲ, ਸੁਖਵੀਰ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਦੇ ਹੁਕਮਾਂ ‘ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ

ਪੰਜਾਬ ਜੇਲ੍ਹ ਵਿਭਾਗ ਨੇ ਨਵਜੋਤ ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇੱਕੋ ਬੈਰਕ ’ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਖਾਰਜ