- ਭਾਈ ਅਮ੍ਰਿਤਪਾਲ ਸਿੰਘ ‘ਤੇ ਕਾਰਵਾਈ ਤੋਂ ਬਾਅਦ ਜਲੂਪੁਰ ਖੈੜਾ ਪਿੰਡ ਪੁਲਸ ਛਾਉਣੀ ਵਿੱਚ ਤਬਦੀਲ
- ਪਿੰਡ ਦੇ ਕਿਸੇ ਵੀ ਵਿਅਕਤੀ ਨੂੰ ਪਿੰਡ ਵਿੱਚ ਆ ਜਾਣ ਤੋਂ ਨਹੀਂ ਰੋਕਿਆ ਜਾ ਰਿਹਾ – ਪੁਲਸ ਅਧਿਕਾਰੀ
ਜਲੂਪੁਰ ਖੈੜਾ, 19 ਮਾਰਚ 2023 – ਬੀਤੇ ਦਿਨ ਅੰਮ੍ਰਿਤਪਾਲ ‘ਤੇ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ, ਸ਼ਾਮ ਵੇਲੇ ਪੁਲਿਸ ਵੱਲੋਂ ਵੀ ਸਾਫ ਕੀਤਾ ਗਿਆ ਕਿ ਉਸ ਦੀ ਗ੍ਰਿਫਤਾਰੀ ਨਹੀਂ ਹੋਈ।
ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲੀਸ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਲਗਾਤਾਰ ਹੀ ਸਿੱਖ ਜਥੇਬੰਦੀਆਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਿਚ ਰੋਸ ਦੀ ਲਹਿਰ ਸੀ ਅਤੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਸਨ, ਜਿਸ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜਲੂਪੁਰ ਖੈੜਾ ਵਿੱਚ ਪੁਲਸ ਪਹੁੰਚੀ ਅਤੇ ਪੁਲਸ ਵੱਲੋਂ ਪੂਰੇ ਪਿੰਡ ਨੂੰ ਪੁਲਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਅਤੇ ਕਿਸੇ ਵੀ ਵਿਅਕਤੀ ਨੂੰ ਪਿੰਡ ਵਿੱਚ ਨਹੀਂ ਜਾਣ ਦਿੱਤਾ ਜਾ ਰਿਹਾ ਸੀ ਅਤੇ ਪਿੰਡ ਦੇ ਰਹਿਣ ਵਾਲੇ ਵਿਅਕਤੀਆਂ ਕੋਲੋਂ ਉਹਨਾਂ ਦੀ ਪਹਿਚਾਣ ਪੱਤਰ ਦੇ ਹੀ ਪਿੰਡ ਵਿੱਚ ਜਾਣ ਦਿੱਤਾ ਜਾ ਰਿਹਾ ਸੀ।
ਦੇਰ ਸ਼ਾਮ ਜਦੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਹਨਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਹੋਈ ਹੈ ਜਾਂ ਨਹੀ ਉਹਨਾਂ ਕਿਹਾ ਕਿ ਰਾਜਨੀਤਿਕ ਲੀਡਰ ਨਹੀਂ ਚਾਹੁੰਦੇ ਕਿ ਪੰਜਾਬ ਵਿਚੋਂ ਨਸ਼ਾ ਖਤਮ ਹੋ ਇਸੇ ਲਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਬੋਲਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਪੁਲੀਸ ਵੱਲੋਂ ਇੰਟਰਨੈਟ ਬੰਦ ਕੀਤਾ ਗਿਆ ਹੈ ਇਹ ਸੰਗਤ ਨੂੰ ਅਤੇ ਪੰਜਾਬ ਵਾਸੀਆਂ ਨੂੰ ਡਰਾਉਣ ਦੀ ਕੋਸ਼ਿਸ਼ ਪੁਲਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਬੈਠ ਕੇ ਵਾਹਿਗੁਰੂ ਦਾ ਜਾਪ ਕਰਨ।
ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਪੁਲਸ ਦੇ ਆਲਾ ਅਧਿਕਾਰੀਆਂ ਦਾ ਉਹਨਾਂ ਨੂੰ ਫੋਨ ਆਇਆ ਸੀ ਤੇ ਉਹ ਅੰਮ੍ਰਿਤਪਾਲ ਸਿੰਘ ਦੇ ਪਿੰਡ ਪਹੁੰਚੇ ਹਨ ਕਿਸੇ ਵੀ ਵਿਅਕਤੀ ਨੂੰ ਰੋਕਿਆ ਨਹੀਂ ਜਾ ਰਿਹਾ, ਪਿੰਡ ਦੇ ਰਹਿਣ ਵਾਲੇ ਵਿਅਕਤੀਆਂ ਦੇ ਪਹਿਚਾਣ ਪੱਤਰ ਦੇ ਕੇ ਉਨ੍ਹਾਂ ਨੂੰ ਪਿੰਡ ਜਾਣ ਦੀ ਇਜਾਜ਼ਤ ਵੀ ਦਿੱਤੀ ਜਾ ਰਹੀ ਹੈ।