- ਹਾਈਕੋਰਟ ਨੇ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ
ਮੋਹਾਲੀ, 2 ਮਾਰਚ 2023 – ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੇ ਮਾਮਲੇ ਦੀ ਸਟੇਟਸ ਰਿਪੋਰਟ ਦਾਇਰ ਕੀਤੀ ਸੀ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਹੋਈ ਪਰ ਦੋਸ਼ੀਆਂ ਨੂੰ ਰਾਹਤ ਨਹੀਂ ਮਿਲ ਸਕੀ। ਜ਼ਿਕਰਯੋਗ ਹੈ ਕਿ ਅਰੋੜਾ ਨੇ ਇਸ ਤੋਂ ਪਹਿਲਾਂ ਪੰਜਾਬ ਦੀ ਮੋਹਾਲੀ ਦੀ ਜ਼ਿਲਾ ਅਦਾਲਤ ‘ਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰਦਿਆਂ ਅਰੋੜਾ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਅਰੋੜਾ ਨੇ 11 ਨਵੰਬਰ ਨੂੰ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਸੁੰਦਰ ਸ਼ਾਮ ਅਰੋੜਾ ‘ਤੇ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ ਇੱਕ ਕੇਸ ਵਿੱਚ ਆਪਣੇ ਬਚਾਅ ਲਈ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਜਿਸ ਦੌਰਾਨ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ। ਅਰੋੜਾ ਰਿਸ਼ਵਤ ਦੀ ਰਕਮ ਘਰੋਂ ਲੈ ਕੇ ਆਇਆ ਸੀ।

ਵਿਜੀਲੈਂਸ ਦੀ ਜਾਂਚ ਅਨੁਸਾਰ ਅਰੋੜਾ ਸਭ ਤੋਂ ਪਹਿਲਾਂ ਹੁਸ਼ਿਆਰਪੁਰ ਤੋਂ ਕੇਆਈਏ ਕਾਰ ਵਿੱਚ ਸਵਾਰ ਹੋ ਕੇ ਮੁਹਾਲੀ ਏਅਰਪੋਰਟ ਰੋਡ ਪਹੁੰਚਿਆ। ਫਿਰ ਆਪਣੀ ਕਾਰ ਬਦਲ ਕੇ ਕੰਪਨੀ ਦੇ ਇਕ ਸਾਥੀ ਦੀ ਇਨੋਵਾ ਕ੍ਰਿਸਟਾ ਕਾਰ ਤੋਂ ਰਿਸ਼ਵਤ ਦੀ ਰਕਮ ਲੈ ਕੇ ਏਆਈਜੀ ਮਨਮੋਹਨ ਕੁਮਾਰ ਕੋਲ ਪਹੁੰਚ ਗਿਆ ਸੀ।
ਸੁੰਦਰ ਸ਼ਾਮ ਅਰੋੜਾ ਦੇ ਨਾਲ ਇਨੋਵਾ ਕਾਰ ਦੇ ਮਾਲਕ ਦਾ ਪੀਏ ਵੀ ਮੌਜੂਦ ਸੀ। ਜਿਸ ਸਮੇਂ ਅਰੋੜਾ ਏ.ਆਈ.ਜੀ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਰਿਸ਼ਵਤ ਵਜੋਂ ਦੇਣ ਲੱਗਾ, ਉਸੇ ਸਮੇਂ ਜਾਲ ਵਿਛਾ ਕੇ ਬੈਠੀ ਵਿਜੀਲੈਂਸ ਟੀਮ ਨੇ ਉਸ ਨੂੰ ਕਾਬੂ ਕਰ ਲਿਆ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।
