ਮੋਹਾਲੀ 30 ਅਪ੍ਰੈਲ 2024 – ਅੱਜ ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੀ ਰਿਹਾਇਸ਼ ਉੱਤੇ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਦੇ ਯਤਨਾਂ ਸਦਕਾ ਵੱਖੋ-ਵੱਖ ਕਿਸਾਨ ਯੂਨੀਅਨਾਂ ਅਤੇ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਸ਼ਾਮਿਲ ਹੋਏ ਮੈਂਬਰਾਂ ਨੂੰ ਅਕਾਲੀ ਪਰਿਵਾਰ ਦਾ ਹਿੱਸਾ ਬਣਨ ਉੱਤੇ ਵਧਾਈ ਦਿੱਤੀ। ਉਨ੍ਹਾਂ ਆਖਿਆ ਕਿ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਅਕਾਲੀ ਦਲ ਵੱਲ ਆਉਣਾ ਕਾਂਗਰਸ ਅਤੇ ਆਪ ਪਾਰਟੀ ਦੀਆਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਵਧੀਕੀਆਂ ਦੀ ਨਿਸ਼ਾਨੀ ਹੈ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਰੋਪੜ ਵਿਖੇ ਮੁੱਖ ਮੰਤਰੀ ਦੇ ਫਲੌਪ ਰੋਡ ਸ਼ੋਅ ਦੌਰਾਨ ਮੁਲਾਜ਼ਮਾਂ ਉੱਤੇ ਕੀਤੇ ਲਾਠੀਚਾਰਜ ਨੂੰ ਲੋਕਤੰਤਰ ਦੀ ਇੰਤਾਹ ਦੱਸਿਆ।
ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਪੱਤਰਕਾਰ ਰਜਿੰਦਰ ਤੱਗੜ ਦੇ ਹੱਕ ਵਿੱਚ ਬੋਲਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਪ੍ਰੈੱਸ ਦੀ ਆਜ਼ਾਦੀ ਖ਼ਤਮ ਕਰਨ ‘ਤੇ ਲੱਗੀ ਹੋਈ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਆਪਣੀਆ ਨਲਾਇਕੀਆਂ ਅਤੇ ਕਮਜ਼ੋਰੀਆਂ ਨੂੰ ਛੁਪਾਉਣ ਖਾਤਰ ਪੱਤਰਕਾਰਾਂ ਨੂੰ ਗ੍ਰਿਫ਼ਤਾਰ ਕਰ ਡਰਾ ਧਮਕਾ ਰਹੀ ਹੈ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਅਕਾਲੀ ਦਲ ਪੱਤਰਕਾਰਾਂ ਉੱਤੇ ਹੋ ਰਹੇ ਹਮਲਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਨਿਰਪੱਖ ਪੱਤਰਕਾਰ ਰਜਿੰਦਰ ਤੱਕੜ ਨੂੰ ਮੋਹਾਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਜੇਲ੍ਹ ਵਿੱਚ ਸੁੱਟਣਾ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਦਾ ਘਾਣ ਹੈ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਲੋਕਰਾਜ ਦੇ ਚੌਥੇ ਥੰਮ ਵਜੋਂ ਕੰਮ ਕਰਨ ਵਾਲੀ ਪ੍ਰੈੱਸ ਦੀ ਆਵਾਜ਼ ਨੂੰ ਦਬਾਇਆ ਜਾਣ ਲੱਗਾ ਹੈ। ਉਨ੍ਹਾਂ ਆਖਿਆ ਕਿ ਪੱਤਰਕਾਰਾਂ ਉੱਤੇ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ ਹਨ।
ਇਸ ਮੌਕੇ ਬੀਬੀ ਬਲਵਿੰਦਰ ਕੌਰ ਚੰਦੂਮਾਜਰਾ, ਕਿਸਾਨ ਜਥੇਬੰਦੀ ਚੜੂਨੀ ਮੋਹਾਲੀ ਦੇ ਪ੍ਰਧਾਨ ਮੈਡਮ ਜਸਵਿੰਦਰ ਕੌਰ, ਨਿਰਮਲਾ ਦੇਵੀ, ਬਲਜੀਤ ਕੌਰ, ਕੁਲਵੰਤ ਕੌਰ, ਮਨਜੀਤ ਕੌਰ, ਹਰਜਿੰਦਰ ਕੌਰ, ਇੰਦਰਜੀਤ ਕੌਰ ਤੋਂ ਇਲਾਵਾ ਹੋਰ ਸਾਥੀ ਮੌਜੂਦ ਸਨ।