ਤਲਵੰਡੀ ਸਾਬੋ (ਬਠਿੰਡਾ), 9 ਅਪ੍ਰੈਲ 2025:ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਨਵ-ਨਿਯੁਕਤ ਜਥੇਦਾਰ ਬਾਬਾ ਟੇਕ ਸਿੰਘ ਨੇ ਅੱਜ ਤਖਤ ਸਾਹਿਬ ਵਿਖੇ ਸੇਵਾ ਸੰਭਾਲ ਲਈ ਹੈ। ਬਾਬਾ ਟੇਕ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਦਾ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ 7 ਮਾਰਚ ਨੂੰ ਹੋਈ ਇਕੱਤਰਤਾ ਵਿਚ ਲਿਆ ਗਿਆ ਸੀ।
ਅੱਜ ਦੇ ਸੇਵਾ ਸੰਭਾਲ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਸ. ਭੋਲਾ ਸਿੰਘ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ।
ਇਸ ਤੋਂ ਪਹਿਲਾਂ ਭਾਈ ਲਖਵਿੰਦਰ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਅਰਦਾਸ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗਿਆਨੀ ਜਰਨੈਲ ਸਿੰਘ ਨੇ ਲਿਆ।

