ਚੰਡੀਗੜ੍ਹ, 5 ਮਈ 2022 – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਨੂੰ ਇਕ ਮੰਗ-ਪੱਤਰ ਸੌਂਪਿਆ।
ਅਕਾਲੀ ਦਲ ਦੇ ਪੰਜ ਮੈਂਬਰੀ ਵਫ਼ਦ ਨੇ ਮੰਗ ਪੱਤਰ ਸੌਂਪਦਿਆਂ ਮੁੱਖ ਤੌਰ ‘ਤੇ 2 ਮੰਗਾਂ ਰੱਖੀਆਂ, ਜਿਨ੍ਹਾਂ ‘ਚੋਂ ਪਹਿਲੀ ਮੰਗ ਇਹ ਹੈ ਕਿ ਜਦੋਂ ਤੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਦੋਂ ਤੋਂ ਫ਼ਿਰਕੂ ਹਿੰਸਾ ਸ਼ੁਰੂ ਹੋ ਗਈਆਂ ਹਨ, ਜੋ ਪਹਿਲਾਂ ਬਹੁਤ ਘੱਟ ਸਨ। ਪਟਿਆਲਾ ਹਿੰਸਾ ‘ਚ ਮੁੱਖ ਮੰਤਰੀ ਨੂੰ 4 ਦਿਨ ਪਹਿਲਾਂ ਪੁਲਿਸ ਅਤੇ ਇੰਟੈਲੀਜੈਂਸ ਤੋਂ ਜਾਣਕਾਰੀ ਮਿਲੀ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਸੀ.ਬੀ.ਆਈ. ਜਾਂ ਸਿਟਿੰਗ ਜੱਜ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।
ਦੂਜਾ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਹਨ, ਜੋ ਪੰਜਾਬ ਦੇ ਸਾਰੇ ਫ਼ੈਸਲੇ ਆਪ ਹੀ ਲੈ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਤੰਤਰ ਕਾਰਜ ਪ੍ਰਣਾਲੀ ਦੀ ਉਲੰਘਣਾ ਕਰਕੇ ਦਿੱਲੀ ਸਰਕਾਰ ਨਾਲ ਸਮਝੌਤੇ ਕਰ ਰਹੀ ਹੈ। ਇਸੇ ਕਰਕੇ ਸੁਖਬੀਰ ਬਾਦਲ ਨੇ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇ ਕੇ ਇਨ੍ਹਾਂ ਮਾਮਲਿਆਂ ਬਾਰੇ ਛੇਤੀ ਲੋਕ ਹਿੱਤ ਫ਼ੈਸਲਾ ਲੈਣ ਦੀ ਅਪੀਲ ਕੀਤੀ।