ਚੰਡੀਗੜ੍ਹ, 29 ਸਤੰਬਰ 2022 – ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਨਿੰਦਾ ਮਤਾ ਲਿਆਉਣ ਲਈ ਵਿਧਾਨ ਸਭਾ ਸਪੀਕਰ ਤੋਂ ਇਜਾਜ਼ਤ ਮੰਗੀ ਹੈ। ਉਨ੍ਹਾਂ ਨੇ ਪੱਤਰ ‘ਚ ਲਿਖਿਆ ਹੈ ਕਿ ਭਗਵੰਤ ਮਾਨ ਨੇ ਸਦਨ ਦੇ ਨੇਤਾ ਅਤੇ ਮੁੱਖ ਮੰਤਰੀ ਦੇ ਤੌਰ ‘ਤੇ ਸਹੀ ਵਿਵਹਾਰ ਨਹੀਂ ਕੀਤਾ। ਗਵਰਨਰ ਨੂੰ ਹਨੇਰੇ ਵਿੱਚ ਰੱਖਿਆ। ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਨੂੰ ਬਿਨਾਂ ਦੱਸੇ ਗੁਪਤ ਤਰੀਕੇ ਨਾਲ ਭਰੋਸੇ ਦਾ ਮਤਾ ਪੇਸ਼ ਕੀਤਾ।
ਬਾਜਵਾ ਨੇ ਕਿਹਾ ਕਿ ਰਾਜਪਾਲ ਨੇ ਭਰੋਸੇ ਦਾ ਮਤਾ ਪੇਸ਼ ਕਰਨ ਲਈ 22 ਸਤੰਬਰ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਨਿਯਮਾਂ ਦੇ ਖਿਲਾਫ ਕਹਿ ਕੇ ਰੱਦ ਕਰ ਦਿੱਤਾ ਸੀ, ਫਿਰ ਸਰਕਾਰ ਨੇ 27 ਸਤੰਬਰ ਨੂੰ ਸੈਸ਼ਨ ਬੁਲਾਉਣ ਦੀ ਸਿਫਾਰਿਸ਼ ਕੀਤੀ ਸੀ। ਰਾਜਪਾਲ ਦੇ ਵਿਧਾਨਕ ਕੰਮਾਂ ਦੀ ਸੂਚੀ ਮੰਗਣ ‘ਤੇ ਸਰਕਾਰ ਨੇ ਉਨ੍ਹਾਂ ਨੂੰ ਜੀਐਸਟੀ, ਪਰਾਲੀ ਅਤੇ ਬਿਜਲੀ ਵਰਗੇ ਭਖਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਕਿਹਾ ਸੀ।
ਇਸ ਤੋਂ ਬਾਅਦ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦੇ ਦਿੱਤੀ। ਬਾਜਵਾ ਨੇ ਕਿਹਾ ਕਿ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ‘ਚ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਟਰੱਸਟ ਵੋਟ ਬਾਰੇ ਪੁੱਛਿਆ ਸੀ, ਪਰ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਸੂਚਿਤ ਕੀਤੇ ਗਏ ਕੰਮ ਨੂੰ ਬਾਈਪਾਸ ਕਰਦੇ ਹੋਏ ਮੁੱਖ ਮੰਤਰੀ ਨੇ ਭਰੋਸੇ ਦੀ ਵੋਟ ਬਾਰੇ ਮਤਾ ਪੇਸ਼ ਕੀਤਾ।