ਡਾ. ਬਲਬੀਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ

  • ਕਿਹਾ, ਦਿੱਲੀ ਮਾਡਲ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ

ਚੰਡੀਗੜ੍ਹ, 10 ਜਨਵਰੀ 2023 – ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸਾਂਭ ਲਿਆ। ਡਾ. ਬਲਬੀਰ ਸਿੰਘ ਦੇ ਅਹੁਦਾ ਸਾਂਭਣ ਮੌਕੇ ਉਨ੍ਹਾਂ ਦੇ ਕੈਬਨਿਟ ਸਾਥੀ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ, ਬਾਗ਼ਬਾਨੀ ਤੇ ਸੁਤੰਤਰਤਾ ਸੈਨਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਤੋਂ ਇਲਾਵਾ ਸ. ਕੁਲਵੰਤ ਸਿੰਘ, ਸ. ਹਰਮੀਤ ਸਿੰਘ ਪਠਾਣਮਾਜਰਾ, ਸ. ਅਜੀਤਪਾਲ ਸਿੰਘ ਕੋਹਲੀ, ਸ. ਕੁਲਵੰਤ ਸਿੰਘ ਸ਼ੁਤਰਾਣਾ, ਸ. ਗੁਰਲਾਲ ਸਿੰਘ ਘਨੌਰ (ਸਾਰੇ ਵਿਧਾਇਕ) ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਮੌਜੂਦ ਰਹੇ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 50,000 ਤੋਂ ਵੱਧ ਵੋਟਾਂ ਨਾਲ ਜੇਤੂ ਰਹਿ ਕੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਬਣੇ ਡਾ. ਬਲਬੀਰ ਸਿੰਘ ਨੇ ਇਸ ਮੌਕੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦੁਆਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਉਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਵਿਕਾਸ ਮਾਡਲ ਨੂੰ ਦੇਸ਼-ਵਿਦੇਸ਼ ਵਿੱਚ ਲੋਕਾਂ ਵੱਲੋਂ ਅਥਾਹ ਪਿਆਰ ਦਿੱਤਾ ਗਿਆ ਹੈ, ਇਸ ਲਈ ਦਿੱਲੀ ਮਾਡਲ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚ ਪਹੁੰਚਾਇਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਤਰਜੀਹੀ ਖੇਤਰ ਹਨ। ਇਸ ਲਈ ਉਨ੍ਹਾਂ ਦੀ ਤਰਜੀਹ ਹੋਵੇਗੀ ਕਿ ਪੰਜਾਬ ਵਾਸੀਆਂ ਨੂੰ ਉੱਚ-ਮਿਆਰੀ ਪ੍ਰਾਇਮਰੀ, ਸੈਕੰਡਰੀ ਅਤੇ ਆਲ੍ਹਾ ਦਰਜੇ ਦੀਆਂ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਖੇਤਰ ਦੇ ਆਪਸੀ ਤਾਲਮੇਲ ਨਾਲ ਸਿਹਤ ਖੇਤਰ ਨੂੰ ਬੁਲੰਦੀਆਂ ‘ਤੇ ਪਹੁੰਚਾਇਆ ਜਾਵੇਗਾ।

ਇਸ ਮੌਕੇ ਹਾਜ਼ਰ ਕੈਬਨਿਟ ਮੰਤਰੀਆਂ ਨੇ ਉਮੀਦ ਜਤਾਈ ਕਿ ਡਾ. ਬਲਬੀਰ ਸਿੰਘ ਇੱਕ ਮਿਹਨਤੀ, ਯੋਗ ਅਤੇ ਦੂਰਅੰਦੇਸ਼ ਆਗੂ ਹੋਣ ਦੇ ਨਾਤੇ ਆਪਣੇ ਵਿਭਾਗਾਂ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਡਾ. ਬਲਬੀਰ ਸਿੰਘ ਖ਼ੁਦ ਨਾਮਵਰ ਡਾਕਟਰ ਹਨ ਅਤੇ ਸਿਹਤ ਖੇਤਰ ਦੀਆਂ ਬਾਰੀਕੀਆਂ ਨੂੰ ਭਲੀਭਾਂਤ ਜਾਣਦੇ ਹਨ।

ਅੱਖਾਂ ਦੇ ਮਾਹਰ ਡਾਕਟਰ ਅਤੇ ਸਮਾਜ-ਸੇਵੀ ਡਾ. ਬਲਬੀਰ ਸਿੰਘ ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਕਿਸਾਨਾਂ ਅਤੇ ਗ਼ਰੀਬਾਂ ਦਾ ਇਲਾਜ ਬਹੁਤ ਹੀ ਘੱਟ ਕੀਮਤ ‘ਤੇ ਕਰ ਰਹੇ ਹਨ। ਉਨ੍ਹਾਂ ਲੱਖਾਂ ਮਰੀਜ਼ਾਂ ਦਾ ਬਹੁਤ ਘੱਟ ਖ਼ਰਚੇ ‘ਤੇ ਇਲਾਜ ਕੀਤਾ ਅਤੇ ਹਜ਼ਾਰਾਂ ਮਰੀਜ਼ਾਂ ਨੂੰ ਮੁਫ਼ਤ ਵਿੱਚ ਦਵਾਈਆਂ ਵੰਡਣ ਤੋਂ ਇਲਾਵਾ 30,000 ਤੋਂ ਵੱਧ ਨੇਤਰਹੀਣ ਮਰੀਜ਼ਾਂ ਨੂੰ ਅੱਖਾਂ ਦੀ ਰੌਸ਼ਨੀ ਦਿੱਤੀ ਹੈ। ਡਾ. ਬਲਬੀਰ ਸਿੰਘ ਤੋਂ ਇਲਾਜ ਕਰਵਾਉਣ ਲਈ ਸਮੁੱਚੇ ਉੱਤਰੀ ਭਾਰਤ, ਖ਼ਾਸਕਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਆਦਿ ਰਾਜਾਂ ਤੋਂ ਮਰੀਜ਼ ਪਟਿਆਲਾ ਆਉਂਦੇ ਹਨ। ਵੱਖ-ਵੱਖ ਸੂਬਾ ਸਰਕਾਰਾਂ ਤੋਂ ਕਈ ਐਵਾਰਡ ਪ੍ਰਾਪਤ ਕਰਨ ਵਾਲੇ ਡਾ. ਬਲਬੀਰ ਸਿੰਘ, ਮਾਰੂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੀਆਂ ਸਰਹੱਦਾਂ ‘ਤੇ ਮੁਫ਼ਤ ਦਵਾਈਆਂ ਅਤੇ ਡਾਕਟਰੀ ਸੇਵਾ ਦਾ ਲੰਗਰ ਵੀ ਲਗਾ ਚੁੱਕੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਸੁਰੱਖਿਆ ‘ਚ ਹੋਈ ਕੁਤਾਹੀ, ਸੁਰੱਖਿਆ ਘੇਰਾ ਤੋੜ ਕੇ ਔਰਤ ਨੇ ਪੈਰਾਂ ਨੂੰ ਲਾਏ ਹੱਥ

ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ; ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ