- ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਬਹੁਤੀਆਂ ਦਾ ਮੌਕੇ ਤੇ ਕੀਤਾ ਨਿਪਟਾਰਾ :ਡਾ.ਬਲਜੀਤ ਕੌਰ
ਚੰਡੀਗੜ੍ਹ, ਜੂਨ 7, 2023 – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ’ ਤਹਿਤ ਮਲੋਟ ਸ਼ਹਿਰ ਦੇ ਵਾਰਡ ਨੰ.2 ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜਾ ਲਿਆ। ਇਸ ਮੌਕੇ ਮਲੋਟ ਦੇ ਵਸਨੀਕਾਂ ਨੇ ਅਪਣੀਆਂ ਵੱਖ ਵੱਖ ਮੁਸਕਲਾਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ। ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਹੁਤੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕਰ ਦਿੱਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਜਲਦੀ ਕਾਰਵਾਈ ਕਰਨ ਲਈ ਕਿਹਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦਾ ਵਿਕਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ । ਜਿਸ ਤਹਿਤ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਸਿਸਟਮ ਅਤੇ ਸਾਫ-ਸੁਥਰੇ ਵਾਤਾਵਰਨ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਲੋਟ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਨਾਲ ਬਰਸਾਤ ਦੇ ਮੌਸਮ ਵਿਚ ਲੋਕਾਂ ਦੇ ਘਰਾਂ ਵਿੱਚ ਪਾਣੀ ਨਹੀਂ ਜਾਵੇਗਾ।
ਮੰਤਰੀ ਨੇ ਸ਼ਹਿਰ ਵਿੱਚ ਪਾਣੀ ਦੀ ਕਿੱਲਤ ਸਬੰਧੀ ਬੋਲਦਿਆਂ ਕਿਹਾ ਕਿ ਮਲੋਟ ਸਹਿਰ ਦੇ ਵਾਰਡ ਨੰ. 2 ‘ਚ ਪਾਣੀ ਅਤੇ ਸੀਵਰੇਜ਼ ਦੀ ਬਹੁਤ ਵੱਡੀ ਮੁਸ਼ਕਿਲ ਹੈ ਜੋ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ਉਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਮਲੋਟ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ।