- ਰਾਜੋਆਣਾ ਪਿਛਲੇ 30 ਸਾਲਾਂ ਤੋਂ ਜੇਲ੍ਹ ‘ਚ ਬੰਦ
ਚੰਡੀਗੜ੍ਹ, 1 ਅਗਸਤ 2025 – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਪਿਛਲੇ 30 ਸਾਲਾਂ ਤੋਂ ਜੇਲ੍ਹ ‘ਚ ਬੰਦ ਹਨ। ਹਾਲਾਂਕਿ ਉਨ੍ਹਾਂ ਦੀ ਸਜ਼ਾ ਵਾਲੀ ਪਟੀਸ਼ਨ ‘ਤੇ ਅਜੇ ਤੱਕ ਵੀ ਕੋਈ ਵੀ ਫੈਸਲਾ ਨਹੀਂ ਆਇਆ ਹੈ। ਦੱਸ ਦਈਏ ਕਿ ਉਨ੍ਹਾਂ ਨੂੰ ਸਜ਼ਾ ਸੁਣਾਏ ਨੂੰ ਵੀ 18 ਸਾਲ ਪੂਰੇ ਹੋ ਗਏ ਹਨ, ਜਿਸ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਆਇਆ ਹੈ।
ਜਿਸਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਫਾਂਸੀ ਨੂੰ ਲੈ ਕੇ ਫੈਸਲਾ ਜਲਦੀ ਲਿਆ ਜਾਵੇ। ਕਮਲਦੀਪ ਕੌਰ ਨੇ ਕਿਹਾ ਕਿ 31 ਜੁਲਾਈ 2007 ਨੂੰ ਚੰਡੀਗੜ੍ਹ ਦੀ ਸੈਸ਼ਨ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ, ਜਿਸਨੂੰ ਹੁਣ 18 ਸਾਲ ਪੂਰੇ ਹੋ ਗਏ ਹਨ ਪਰ ਹਾਲੇ ਵੀ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਨੇ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਹੈ। ਕਮਲਦੀਪ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 25 ਮਾਰਚ 2012 ਨੂੰ ਦੇਸ਼ ਦੇ ਤਤਕਾਲੀਨ ਰਾਸ਼ਟਰਪਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਕੋਲ ਇਹ ਅਪੀਲ ਪਾਈ ਸੀ, ਜਿਸ ‘ਤੇ ਅੱਜ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ‘ਚ ਰਾਜੋਆਣਾ ਨੂੰ 22 ਦਸੰਬਰ 1995 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਹੀ ਰਾਜੋਆਣਾ ਜੇਲ੍ਹ ਵਿੱਚ ਬੰਦ ਹੈ। ਕਮਲਦੀਪ ਕੌਰ ਨੇ ਕਿਹਾ ਕਿ ਹੁਣ ਤਾਂ ਪਟੀਸ਼ਨ ਪਾਏ ਨੂੰ ਵੀ 13 ਸਾਲ ਬੀਤ ਗਏ ਹਨ ਅਤੇ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕਈ ਵਾਰ ਨਿਰਦੇਸ਼ ਦੇ ਚੁੱਕਿਆ ਹੈ ਕਿ ਇਸ ਪਟੀਸ਼ਨ ‘ਤੇ ਫੈਸਲਾ ਲਿਆ ਜਾਵੇ, ਪਰ ਇਸਦੇ ਬਾਵਜੂਦ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਕੇ ਉਨ੍ਹਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ।

