ਚੰਡੀਗੜ੍ਹ, 10 ਫਰਵਰੀ 2024 – ਫਰੀਦਕੋਟ ‘ਚ 2015 ਦੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਇਸ ਮਾਮਲੇ ਵਿਚ ਭਗੌੜੇ ਡੇਰਾ ਸਿਰਸਾ ਦੇ ਪ੍ਰਮੁੱਖ ਮੈਂਬਰ ਰਹੇ ਪ੍ਰਦੀਪ ਕਲੇਰ ਨੂੰ ਉਤਰ ਪ੍ਰਦੇਸ਼ ਦੇ ਅਯੁੱਧਿਆ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਯੂਪੀ ਦੇ ਇੱਕ ਮੰਤਰੀ ਵੱਲੋਂ ਸੋਸ਼ਲ ਮੀਡੀਆ ‘ਤੇ ਅਯੁੱਧਿਆ ‘ਚ ਰਾਮ ਮੰਦਿਰ ਦੇ ਉਦਘਾਟਨ ਦੌਰਾਨ ਸੇਵਾ ਕਰਦਿਆਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਸ ਤੋਂ ਬਾਅਦ ਇਹ ਖੁਲਾਸਾ ਹੋਇਆ ਸੀ ਕਿ ਪ੍ਰਦੀਪ ਕਲੇਰ ਅਯੁੱਧਿਆ ‘ਚ ਹੈ। ਫੇਰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਪ੍ਰਦੀਪ ਕਲੇਰ ਦੀ ਪੈੜ ਨੱਪੀ ਅਤੇ ਫੇਰ ਫੇਰ ਉੱਥੇ ਪੁਲਿਸ ਟੀਮਾਂ ਭੇਜ ਕੇ ਪ੍ਰਦੀਪ ਕਲੇਰ ਨੂੰ ਗ੍ਰਿਫਤਾਰ ਕਰ ਲਿਆ।
ਤੁਹਾਨੂੰ ਦੱਸ ਦਈਏ ਕਿ ਪ੍ਰਦੀਪ ਡੇਰਾ ਸੱਚਾ ਸੌਦਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਸੀ ਤੇ ਅਦਾਲਤ ਨੇ ਉਸਨੂੰ ਭਗੌੜਾ ਕਰਾਰ ਦਿੱਤਾ ਸੀ। ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸ ਅਦਾਲਤ ਵਿੱਚ ਚੱਲ ਰਹੇ ਹਨ। ਇਨ੍ਹਾਂ ਵਿੱਚੋਂ ਪਹਿਲਾ ਮਾਮਲਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਪਾਵਨ ਸਰੂਪ ਚੋਰੀ ਹੋਣ ਦਾ ਹੈ। ਦੂਜਾ ਮਾਮਲਾ ਉਸੇ ਗੁਰਦੁਆਰਾ ਸਾਹਿਬ ਦੇ ਬਾਹਰ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਲਗਾਉਣ ਦਾ ਹੈ। ਤੀਜੇ ਮਾਮਲੇ ‘ਚ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕਰਨ ਦਾ ਦੋਸ਼ ਹੈ। ਪੰਜਾਬ ਪੁਲਿਸ ਦੀ ਐਸਆਈਟੀ ਵੀ ਤਿੰਨਾਂ ਮਾਮਲਿਆਂ ਵਿੱਚ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ।