ਬਠਿੰਡਾ, 27 ਮਈ 2022 – ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਆਰਟੀਓ ਬਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਬੱਸ ਪਰਮਿਟ ਜਾਰੀ ਕਰਨੇ ਦੇ ਮਾਮਲੇ ਵਿਚ ਇਹ ਕਾਰਵਾਈ ਹੋਈ ਹੈ। ਕੁਝ ਦਿਨ ਪਹਿਲਾਂ ਹੀ ਟ੍ਰਾਂਸਪੋਰਟ ਮੰਤਰੀ ਨੇ ਬਠਿੰਡਾ ਦਾ ਦੌਰਾ ਕੀਤਾ ਸੀ ਅਤੇ ਟ੍ਰਾਂਸਪੋਰਟ ਪ੍ਰਧਾਨ ਸਕੱਤਰ ਤੋਂ ਰਿਪੋਰਟ ਮੰਗੀ ਸੀ। ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਪੰਜਾਬ ਦੇ ਰਾਜਪਾਲ ਦੇ ਹੁਕਮ ਅਨੁਸਾਰ ਬਲਵਿੰਦਰ ਸਿੰਘ, ਪੀ.ਸੀ.ਐਸ., ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ, ਬਠਿੰਡਾ ਨੂੰ ਪੰਜਾਬ ਸੇਵਾਵਾਂ ਨਿਯਮਾਂਵਲੀ, 1970 ਦੇ ਨਿਯਮ 4(1)(ਏ) ਅਧੀਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਵਿਭਾਗੀ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਜਦਕਿ ਇਸ ਅਧਿਕਾਰੀ ਦਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਹੋਵੇਗਾ ਪਰ ਉਹ ਪ੍ਰਵਾਨਗੀ ਤੋਂ ਬਿਨ੍ਹਾਂ ਹੈਡਕੁਆਰਟਰ ਨਹੀਂ ਛੱਡ ਸਕਣਗੇ।