ਭਗਵੰਤ ਮਾਨ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ

  • ਕਿਸੇ ਵੀ ਅਸੁਖਾਵੀਂ ਸਥਿਤੀ ਦਾ ਸਾਹਮਣਾ ਕਰਨ ਵਾਲਾ ਮੋਹਰੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਨੂੰ ਰਾਹਤ ਲਈ ਅਖੀਰ ਵਿੱਚ ਵਿਚਾਰਿਆ ਜਾਂਦੈ; ਮੁੱਖ ਮੰਤਰੀ ਮਾਨ ਨੇ ਸਰਬ ਪਾਰਟੀ ਮੀਟਿੰਗ ਵਿੱਚ ਪੰਜਾਬ ਨੂੰ ਵਿਸ਼ੇਸ਼ ਪੈਕੇਜ ਅਤੇ ਭਾਰੀ ਟੈਕਸ ਤੋਂ ਰਾਹਤ ਦੇਣ ‘ਤੇ ਜ਼ੋਰ ਦਿੱਤਾ
  • ਦੇਸ਼ ਦੀ ਖੜਗ ਭੁਜਾ ਦੇ ਯੋਗਦਾਨ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ: ਮੁੱਖ ਮੰਤਰੀ ਵੱਲੋਂ ਸਾਰੀਆਂ ਪਾਰਟੀਆਂ ਨੂੰ ਸੂਬੇ ਲਈ ਵਿਸ਼ੇਸ਼ ਦਰਜਾ ਹਾਸਲ ਕਰਨ ਵਾਸਤੇ ਇੱਕਜੁੱਟ ਹੋਣ ਦੀ ਅਪੀਲ

ਚੰਡੀਗੜ੍ਹ, 11 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸੂਬੇ ਨੂੰ ਵਿਸ਼ੇਸ਼ ਪੈਕੇਜ ਅਤੇ ਭਾਰੀ ਟੈਕਸਾਂ ਤੋਂ ਰਾਹਤ ਦੇਣ ਸਬੰਧੀ ਕੇਸ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਕਿਹਾ ਕਿ ਹਮੇਸ਼ਾ ਸਰਹੱਦ ਪਾਰੋਂ ਜੰਗ ਦੇ ਜ਼ਖ਼ਮਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੀਨੇ ‘ਤੇ ਝੱਲਣ ਵਾਲਾ ਪੰਜਾਬ ਇਨ੍ਹਾਂ ਹੱਕੀ ਮੰਗਾਂ ਦਾ ਹੱਕਦਾਰ ਹੈ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਜੰਗ ਹੋਵੇ ਜਾਂ ਕੋਈ ਹੋਰ ਔਖੀ ਘੜੀ, ਪੰਜਾਬ ਅਤੇ ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਹਰ ਜੰਗ ਅਤੇ ਤਣਾਅ ਵਾਲੇ ਮਾਹੌਲ ਦੌਰਾਨ ਹਮੇਸ਼ਾ ਪੰਜਾਬ ਨੂੰ ਸੇਕ ਝੱਲਣਾ ਪੈਂਦਾ ਹੈ ਅਤੇ ਇਸ ਲਈ ਸੂਬੇ ਨੂੰ ਇਸ ਵਡਮੁੱਲੇ ਯੋਗਦਾਨ ਲਈ ਵਿਸ਼ੇਸ਼ ਤਵੱਜੋਂ ਮਿਲਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਸਾਰੀਆਂ ਧਿਰਾਂ ਨੂੰ ਇਸ ਨੇਕ ਕਾਰਜ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦਾ ਅੰਨ ਭੰਡਾਰ ਹੋਣ ਦੇ ਨਾਲ-ਨਾਲ ਪੰਜਾਬ ਹਮੇਸ਼ਾ ਭਾਰਤ ਦੀ ਖੜਗ ਭੁਜਾ ਰਿਹਾ ਹੈ ਪਰ ਹਮੇਸ਼ਾ ਇਸਦੇ ਯੋਗਦਾਨ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਜਦੋਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਪਾਰਟੀ ਲੀਹਾਂ ਤੋਂ ਉੱਪਰ ਉੱਠ ਕੇ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਹੋਰ ਅੱਗੇ ਵਧਾਉਣ ਲਈ ਇਹ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੂਬੇ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇੱਕਜੁੱਟ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋੜ ਦੀ ਇਸ ਘੜੀ ਵਿੱਚ ਥੋੜ੍ਹੇ ਸਮੇਂ ਦੇ ਨੋਟਿਸ ‘ਤੇ ਆਉਣ ਲਈ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸਮੂਹ ਆਗੂਆਂ ਨੂੰ ਸੂਬੇ ਅਤੇ ਇਸਦੇ ਲੋਕਾਂ ਦੀ ਬਿਹਤਰੀ ਲਈ ਸੰਕਟ ਦੀ ਘੜੀ ਦੌਰਾਨ ਇੱਕਜੁੱਟ ਸਟੈਂਡ ਦਿਖਾਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੈਕੇਜ ਜੰਮੂ-ਕਸ਼ਮੀਰ ਅਤੇ ਹੋਰਾਂ ਨੂੰ ਦਿੱਤੇ ਗਏ ਪੈਕੇਜ ਦੀ ਤਰਜ਼ ‘ਤੇ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਡਾਕਟਰਾਂ, ਅਧਿਆਪਕਾਂ, ਆਂਗਣਵਾੜੀ ਅਤੇ ਹੋਰ ਕਰਮਚਾਰੀਆਂ ਲਈ ਸਰਹੱਦੀ ਖੇਤਰ ਭੱਤੇ ਦੀ ਮੰਗ ਵੀ ਭਾਰਤ ਸਰਕਾਰ ਕੋਲ ਉਠਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਐਤਵਾਰ ਤੋਂ ਸੂਬੇ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧਣ ਕਰਕੇ ਪੰਜਾਬ, ਖਾਸ ਕਰਕੇ ਸਰਹੱਦੀ ਖੇਤਰਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਬੰਬਾਰੀ ਦੌਰਾਨ ਭਾਰੀ ਨੁਕਸਾਨ ਝੱਲਣ ਵਾਲੇ ਬਹਾਦਰ ਨਾਗਰਿਆਂ ਅਤੇ ਹੋਰਾਂ ਨੂੰ ਸੂਬਾ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਦੂਜੀ ਰੱਖਿਆ ਪੰਕਤੀ ਵਜੋਂ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਹੋਰ ਅਪਗ੍ਰੇਡ ਕੀਤਾ ਜਾਵੇਗਾ ਤਾਂ ਜੋ ਇਹ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਹੋਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਦੇ ਏਐਸਆਈ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਮਿਲੀ ਜ਼ਮਾਨਤ

ਫਿਰੋਜ਼ਪੁਰ ਡਰੋਨ ਹਮਲੇ ‘ਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਅਧੀਨ ਦਿੱਤਾ ਜਾ ਰਿਹਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ