ਪਟਿਆਲਾ, 5 ਦਸੰਬਰ 2023 – ਬੇਅੰਤ ਸਿੰਘ ਕਤਲ ਮਾਮਲੇ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਅੱਜ ਸਵੇਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੇ ਭਾਈ ਰਾਜੋਆਣਾ ਨਾਲ ਮੁਲਾਕਾਤ ਮਗਰੋਂ ਕੀਤੀ ਹੈ।
ਹਰ ਰੋਜ਼ ਦੀ ਤਰ੍ਹਾਂ ਮੰਗਲਵਾਰ ਸਵੇਰੇ ਜਦੋਂ ਜੇਲ੍ਹ ਸਟਾਫ਼ ਉਨ੍ਹਾਂ ਕੋਲ ਖਾਣਾ ਲੈ ਕੇ ਪਹੁੰਚਿਆ ਤਾਂ ਉਨ੍ਹਾਂ ਨੇ ਖਾਣ ਤੋਂ ਇਨਕਾਰ ਕਰ ਦਿੱਤਾ। ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕੇਂਦਰੀ ਜੇਲ੍ਹ ਪਟਿਆਲਾ ਪਹੁੰਚੀ ਅਤੇ ਉਸ ਨੂੰ ਮਿਲਣ ਤੋਂ ਬਾਅਦ ਜਦੋਂ ਉਹ ਬਾਹਰ ਆਈ ਤਾਂ ਉਸ ਨੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਿੱਤੀ ਗਈ ਚਿੱਠੀ ਬਾਰੇ ਦੱਸਿਆ।
ਕਮਲਦੀਪ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਇਨਸਾਫ਼ ਲੈਣ ਲਈ ਭੁੱਖ ਹੜਤਾਲ ’ਤੇ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲੀ ਵਾਰ ਉਹ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੜਤਾਲ ‘ਤੇ ਗਏ ਸਨ। ਉਸ ਸਮੇਂ ਭਰੋਸਾ ਦਿੱਤਾ ਗਿਆ ਸੀ ਪਰ ਭਰੋਸੇ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
ਇਸ ਸੁਨੇਹੇ ਵਿੱਚ ਉਨ੍ਹਾਂ ਨੇ ਜ਼ਿਕਰ ਕੀਤਾ ਹੈ ਕਿ ਉਹ ਆਪਣੀ ਅਪੀਲ ਵਾਪਸ ਲੈਣਾ ਚਾਹੁੰਦੇ ਹਨ ਅਤੇ ਉਸਦੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਸਦੀ ਅਪੀਲ ਵਾਪਸ ਨਹੀਂ ਲਈ ਜਾਂਦੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਜੋ ਵੀ ਭਰੋਸਾ ਦੇ ਰਹੀਆਂ ਹਨ, ਉਨ੍ਹਾਂ ਦੇ ਸਾਰੇ ਭਰੋਸੇ ਸਿਆਸੀ ਜਾਪਦੇ ਹਨ ਅਤੇ ਇਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲੇਗਾ। ਇਸ ਕਾਰਨ ਉਹ ਆਪਣੀ ਅਪੀਲ ਵਾਪਸ ਲੈਣ ਲਈ ਭੁੱਖ ਹੜਤਾਲ ‘ਤੇ ਬੈਠੇ ਹਨ।
ਜਿਸ ਤੋਂ ਬਾਅਦ ਉਨ੍ਹਾਂ 5 ਦਸੰਬਰ ਤੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਸਨ ਪਰ ਉਨ੍ਹਾਂ ਦੇ ਭਰੋਸੇ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲਿਆ ਜਿਸ ਕਰਕੇ ਬਲਵੰਤ ਸਿੰਘ ਭੁੱਖ ਹੜਤਾਲ ‘ਤੇ ਚਲੇ ਗਏ।