ਜਲੰਧਰ, 21 ਅਗਸਤ 2024 – ਸੁਪਰੀਮ ਕੋਰਟ ਵੱਲੋਂ ਐਸਸੀ ਰਿਜ਼ਰਵੇਸ਼ਨ ਵਿੱਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਝਾਅ ਖ਼ਿਲਾਫ਼ ਦੇਸ਼ ਭਰ ਵਿੱਚ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਵਿੱਚ ਭਾਰਤ ਬੰਦ ਦਾ ਸੱਦਾ ਬੇਅਸਰ ਹੁੰਦਾ ਨਜ਼ਰ ਆ ਰਿਹਾ ਹੈ। ਜਲੰਧਰ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਬਠਿੰਡਾ ਅਤੇ ਹੁਸ਼ਿਆਰਪੁਰ ਵਰਗੇ ਵੱਡੇ ਸ਼ਹਿਰਾਂ ਵਿੱਚ ਬੰਦ ਦਾ ਸੱਦਾ ਬੇਅਸਰ ਰਿਹਾ। ਹਾਲਾਂਕਿ ਬੰਦ ਦੇ ਮੱਦੇਨਜ਼ਰ ਇਹਤਿਆਤ ਵਜੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਵਿੱਚ ਭਾਰਤ ਬੰਦ ਦਾ ਸੱਦਾ ਲਗਭਗ ਫੇਲ੍ਹ ਹੁੰਦਾ ਜਾ ਰਿਹਾ ਹੈ। ਜਿੱਥੇ ਸੂਬੇ ਭਰ ਵਿੱਚ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਹਨ, ਉੱਥੇ ਸੜਕੀ ਆਵਾਜਾਈ ਵੀ ਆਮ ਵਾਂਗ ਚੱਲ ਰਹੀ ਹੈ। ਕਾਰੋਬਾਰੀ ਇਕਾਈਆਂ ਅਤੇ ਬਾਜ਼ਾਰ ਆਮ ਦਿਨਾਂ ਵਾਂਗ ਖੁੱਲ੍ਹੇ ਹਨ। ਇੱਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਬੱਸਾਂ ਵੀ ਆਮ ਦਿਨਾਂ ਵਾਂਗ ਚੱਲ ਰਹੀਆਂ ਹਨ। ਇਹਤਿਆਤ ਵਜੋਂ ਸੂਬੇ ਭਰ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ।
ਸੂਬੇ ਦੇ ਜਲੰਧਰ ਵਿੱਚ ਦਲਿਤ-ਆਦੀਵਾਸੀ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਹੁਜਨ ਸਮਾਜ ਪਾਰਟੀ ਵੱਲੋਂ ਰਾਮਾ ਮੰਡੀ ਚੌਕ, ਬੂਟਾਪਿੰਡ ਚੌਕ, ਪਠਾਨਕੋਟ ਚੌਕ ਤੇ ਹੋਰ ਥਾਵਾਂ ’ਤੇ ਭਾਰਤ ਬੰਦ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਰ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਲੋਕਾਂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਮਜਬੂਰ ਨਹੀਂ ਕਰਨਗੇ। ਲੋਕਾਂ ਦੇ ਕੰਮ ਜਾਰੀ ਰਹਿਣਗੇ ਅਤੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।
ਵਾਲਮੀਕਿ ਸਮਾਜ ਦੇ ਆਗੂਆਂ ਨੇ ਉਕਤ ਬੰਦ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ- ਉਹ ਇਸ ਬੰਦ ਦਾ ਸਮਰਥਨ ਨਹੀਂ ਕਰਦੇ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਦੀ ਪੁਲਿਸ ਵੀ ਬੰਦ ਨੂੰ ਲੈ ਕੇ ਚੌਕਸ ਹੈ। ਸ਼ਹਿਰ ਅਤੇ ਦਿਹਾਤੀ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜਿਥੇ ਵੀ ਚੌਕ ਨੂੰ ਜਾਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਉਥੇ ਪੁਲਸ ਨੇ ਤੁਰੰਤ ਧਰਨੇ ਨੂੰ ਪਾਸੇ ਕਰ ਦਿੱਤਾ।
ਪੰਜਾਬ ਜਲੰਧਰ ਬਹੁਜਨ ਸਮਾਜ ਪਾਰਟੀ ਦੇ ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ ਅਤੇ ਸੀਨੀਅਰ ਆਗੂ ਜਗਦੀਸ਼ ਨੇ ਕਿਹਾ ਕਿ ਉਹ ਸ਼ਹਿਰ ਭਰ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ। ਅਸੀਂ SC ST ਰਾਖਵੇਂਕਰਨ ਸਬੰਧੀ ਲਏ ਫੈਸਲੇ ਦਾ ਵਿਰੋਧ ਕਰਦੇ ਹਾਂ।
ਇਸ ਦੇ ਮੱਦੇਨਜ਼ਰ 21 ਅਗਸਤ ਨੂੰ ਦੇਸ਼ ਭਰ ਵਿੱਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅਸੀਂ ਇਸ ਦਾ ਪੂਰਾ ਸਮਰਥਨ ਕਰਦੇ ਹਾਂ। ਇਹ ਧਰਨਾ ਅੱਜ ਬਸਪਾ ਵੱਲੋਂ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਕੁਝ ਜਥੇਬੰਦੀਆਂ ਨੇ ਵੀ ਉਨ੍ਹਾਂ ਨਾਲ ਜੁੜਨ ਦਾ ਫੈਸਲਾ ਕੀਤਾ ਹੈ।
ਵਾਲਮੀਕਿ ਸਭਾ ਦੇ ਚੇਅਰਮੈਨ ਰਾਜਕੁਮਾਰ ਰਾਜੂ ਨੇ ਕਿਹਾ ਹੈ ਕਿ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਜਦੋਂ ਲੋਕਾਂ ਵਿੱਚ ਇਹ ਅਫਵਾਹ ਚੱਲ ਰਹੀ ਹੈ ਕਿ ਭਾਰਤ ਬੰਦ ਹੋਣ ਜਾ ਰਿਹਾ ਹੈ ਤਾਂ ਇਹ ਪੂਰੀ ਤਰ੍ਹਾਂ ਗਲਤ ਹੈ। ਸਾਰੇ ਕਾਰੋਬਾਰੀਆਂ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਜੇਕਰ ਕੋਈ ਦੁਕਾਨ ਬੰਦ ਕਰਵਾਉਣ ਲਈ ਆਇਆ ਤਾਂ ਅਸੀਂ ਇਸ ਦਾ ਪੂਰਾ ਵਿਰੋਧ ਕਰਾਂਗੇ।
ਪੰਜਾਬ ਵਿੱਚ ਧਰਨੇ ਦਾ ਸਭ ਤੋਂ ਵੱਧ ਅਸਰ ਜਲੰਧਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪਰ ਪ੍ਰਦਰਸ਼ਨ ‘ਤੇ ਮੀਂਹ ਦਾ ਖਤਰਾ ਮੰਡਰਾ ਰਿਹਾ ਹੈ। ਕਿਉਂਕਿ ਜ਼ਿਲ੍ਹੇ ਵਿੱਚ ਸੰਘਣੇ ਬੱਦਲ ਹਨ। ਕਈ ਥਾਵਾਂ ‘ਤੇ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ।