ਚੰਡੀਗੜ੍ਹ, 15 ਸਤੰਬਰ 2022 – ਕਬੂਤਰਬਾਜ਼ੀ ਦੇ ਮਾਮਲੇ ਵਿੱਚ ਫਸੇ ਦਲੇਰ ਸਿੰਘ ਮਹਿੰਦੀ ਨੂੰ ਵੱਡੀ ਰਾਹਤ ਦਿੰਦਿਆਂ ਹਾਈ ਕੋਰਟ ਨੇ ਅੱਜ ਉਸ ਨੂੰ ਸੁਣਾਈ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਸਜ਼ਾ ਖ਼ਿਲਾਫ਼ ਦਲੇਰ ਮਹਿੰਦੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਅਪੀਲ ਨੂੰ ਸਵੀਕਾਰ ਕਰ ਲਿਆ ਹੈ।
ਦਲੇਰ ਮਹਿੰਦੀ ਨੂੰ 19 ਸਾਲ ਪੁਰਾਣੇ ਕਬੂਤਰਬਾਜ਼ੀ ਮਾਮਲੇ ਵਿੱਚ ਪਟਿਆਲਾ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ ਸੀ, ਉਸੇ ਸਜ਼ਾ ਦੇ ਫੈਸਲੇ ਨੂੰ ਦਲੇਰ ਮਹਿੰਦੀ ਨੇ ਹਾਈਕੋਰਟ ਵਿੱਚ ਅਪੀਲ ਦਾਇਰ ਕਰਕੇ ਚੁਣੌਤੀ ਦਿੱਤੀ ਸੀ, ਅੱਜ ਹਾਈਕੋਰਟ ਉਸਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਉਸਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਪੁਲਸ ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ‘ਤੇ ਸਾਲ 2003 ‘ਚ ਦਲੇਰ ਮਹਿੰਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਟ੍ਰਾਇਲ ਕੋਰਟ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਦਲੇਰ ਮਹਿੰਦੀ ਪਟਿਆਲਾ ਜੇਲ੍ਹ ‘ਚ ਹੈ। ਇਸ ਮਾਮਲੇ ‘ਚ ਦਲੇਰ ਮਹਿੰਦੀ ਦੇ ਭਰਾ ਸ਼ਮਸ਼ੇਰ ਸਿੰਘ ਵੀ ਸਹਿ-ਦੋਸ਼ੀ ਸਨ ਪਰ ਸਾਲ 2017 ‘ਚ ਉਨ੍ਹਾਂ ਦੀ ਮੌਤ ਹੋ ਗਈ ਸੀ। ਦੱਸ ਦਈਏ ਕਿ ਕਬੂਤਰਬਾਜ਼ੀ ਮਾਮਲੇ ‘ਚ ਹਾਈਕੋਰਟ ਨੇ ਦਲੇਰ ਮਹਿੰਦੀ ਦੀ ਸਜ਼ਾ ਸਸਪੈਂਡ ਕਰ ਦਿੱਤੀ ਹੈ। ਫ਼ਿਲਹਾਲ ਉਹ ਹਾਲੇ ਵੀ ਪਟਿਆਲਾ ਜੇਲ੍ਹ ‘ਚ ਬੰਦ ਹੈ।