ਚੰਡੀਗੜ੍ਹ, 7 ਸਤੰਬਰ 2025 – ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ‘ਚ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਕੇਸ਼ ‘ਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 20 ਸਤੰਬਰ ਤੱਕ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੀ ਅਗਲੀ ਪੇਸ਼ੀ 20 ਸਤੰਬਰ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੀ ਨਿਰਧਾਰਿਤ ਕੀਤੀ ਗਈ ਹੈ।
ਉੱਥੇ ਹੀ ਮਜੀਠੀਆ ਦੀ ਬੈਰਕ ਬਦਲੇ ਜਾਣ ਦੇ ਮਾਮਲੇ ਦੀ ਸੁਣਵਾਈ 9 ਸਤੰਬਰ ਨੂੰ ਹੋਣੀ ਹੈ। ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਅੱਜ ਬਿਕਰਮ ਮਜੀਠੀਆ ਨੇ ਨਾਭਾ ਜੇਲ੍ਹ ਵਿਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ। ਮਜੀਠੀਆ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਲੇ ਤੱਕ ਚਲਾਨ ਦੀ ਕਾਪੀ ਵੀ ਨਹੀਂ ਮਿਲੀ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਵੱਲੋਂ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਕੇ ਮੋਹਾਲੀ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਗਿਆਰਾਂ ਦਿਨ ਦੇ ਕਰੀਬ ਪੁਲੀਸ ਰਿਮਾਂਡ ਉੱਤੇ ਰੱਖਣ ਮਗਰੋਂ 6 ਜੁਲਾਈ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਭੇਜਿਆ ਗਿਆ ਸੀ। ਵਿਜੀਲੈਂਸ ਵੱਲੋਂ ਇਸ ਮਾਮਲੇ ’ਚ ਮਜੀਠੀਆ ਖ਼ਿਲਾਫ਼ 40 ਹਜ਼ਾਰ ਪੰਨਿਆਂ ਦਾ ਚਲਾਨ ਵੀ ਅਦਾਲਤ ਵਿਚ ਪੇਸ਼ ਕੀਤਾ ਜਾ ਚੁੱਕਿਆ ਹੈ। ਬੈਰਕ ਬਦਲੇ ਜਾਣ ਦੇ ਮਾਮਲੇ ਸਬੰਧੀ ਅਦਾਲਤ ਵੱਲੋਂ ਜੇਲ੍ਹ ਸੁਪਰਡੈਂਟ ਨਾਭਾ ਅਤੇ ਏ ਡੀ ਜੀ ਪੀ ਜੇਲ੍ਹਾਂ ਕੋਲੋਂ ਰਿਪੋਰਟ ਮੰਗਵਾਈ ਗਈ ਸੀ, ਜਿਸ ਉੱਤੇ ਦੋਹਾਂ ਧਿਰਾਂ ਵੱਲੋਂ ਬਹਿਸ ਵੀ ਕੀਤੀ ਜਾ ਚੁੱਕੀ ਹੈ।

