ਚੰਡੀਗੜ੍ਹ, 13 ਜੁਲਾਈ 2025 – ਅਕਾਲੀ ਆਗੂ ਬਿਕਰਮ ਮਜੀਠੀਆ ਦੇ ਵਕੀਲ ਵੱਲੋਂ ਕੋਰਟ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਮਜੀਠੀਆ ਨੂੰ ਜੇਲ੍ਹ ਵਿੱਚ ਮੁਕੱਦਮੇ ਅਧੀਨ ਅਤੇ ਸਜ਼ਾਯਾਫ਼ਤਾ ਕੈਦੀਆਂ ਤੋਂ ਵੱਖਰਾ ਰੱਖਿਆ ਜਾਣਾ ਚਾਹੀਦਾ ਹੈ। ਇਸ ਮੰਗ ਸਬੰਧੀ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ।
ਇਹ ਪਟੀਸ਼ਨ ਸ਼ੁੱਕਰਵਾਰ ਨੂੰ ਦਾਇਰ ਕੀਤੀ ਗਈ ਸੀ, ਜਿਸ ‘ਤੇ ਮੋਹਾਲੀ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ S3 ਯਾਨੀ ਕਿ ਔਰੇਂਜ ਸ਼੍ਰੇਣੀ ਵਿੱਚ ਆਉਂਦੇ ਹਨ, ਜਿਸ ਤਹਿਤ ਉਨ੍ਹਾਂ ਨੂੰ ਇੱਕ ਵੱਖਰੀ ਬੈਰਕ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ।
ਤੁਹਾਨੂੰ ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸੇ ਦਿਨ ਹੀ ਸੂਬੇ ਵਿੱਚ 26 ਥਾਵਾਂ ‘ਤੇ ਮਜੀਠੀਆ ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਉਸੇ ਦਿਨ ਹੀ ਸਵੇਰੇ 11:30 ਵਜੇ ਤੋਂ ਬਾਅਦ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ। ਦਾਅਵਾ ਕੀਤਾ ਗਿਆ ਕਿ ਇਹ ਮਜੀਠੀਆ ਤੋਂ ਬਰਾਮਦ ਕੀਤੇ ਗਏ ਹਨ।

ਮਜੀਠੀਆ ਦੇ ਮਾਮਲੇ ’ਚ ਪੁਲਿਸ ਪਹਿਲਾਂ 26 ਜੂਨ ਤੋਂ 1 ਜੁਲਾਈ ਤੱਕ ਦਾ ਰਿਮਾਂਡ ਲੈ ਚੁੱਕੀ ਹੈ। ਇਸ ਤੋਂ ਬਾਅਦ 2 ਜੁਲਾਈ ਤੋਂ 6 ਜੁਲਾਈ ਤੱਕ 4 ਦਿਨ ਦਾ ਪੁਲਿਸ ਰਿਮਾਂਡ ਵੀ ਵਿਜੀਲੈਂਸ ਬਿਊਰੋ ਵੱਲੋਂ ਲਿਆ ਗਿਆ ਸੀ। ਉਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ।
