ਮੋਹਾਲੀ, 19 ਜੁਲਾਈ 2025 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ ਵਿਚ ਪੇਸ਼ੀ ਹੋਣੀ ਹੈ। ਅੱਜ ਉਨ੍ਹਾਂ ਦੀ 14 ਦਿਨ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋ ਗਈ ਹੈ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਫੇਰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਨੂੰ ਦੇਖਦੇ ਹੋਏ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਭਾਰੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਮੋਹਾਲੀ ਅਦਾਲਤ ਲਿਜਾਇਆ ਜਾਵੇਗਾ।
ਇਹ ਵੀ ਦੱਸ ਦਈਏ ਕਿ ਮਜੀਠੀਆ ਨੇ ਬੈਰਕ ਬਦਲਣ ਲਈ ਪਟੀਸ਼ਨ ਵੀ ਦਾਇਰ ਕੀਤੀ ਹੈ, ਜਿਸ ‘ਤੇ 17 ਜੁਲਾਈ ਨੂੰ ਅਦਾਲਤ ‘ਚ ਸੁਣਵਾਈ ਹੋਈ ਸੀ ਅਤੇ ਇਸ ਦੌਰਾਨ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਨਹੀਂ ਕੀਤਾ ਸੀ ਜਿਸ ਤੋਂ ਬਾਅਦ ਇਸ ਮਾਮਲੇ ‘ਤੇ ਹੁਣ ਸੁਣਵਾਈ ਹੁਣ 22 ਜੁਲਾਈ ਨੂੰ ਹੋਵੇਗੀ। ਇਹ ਵੀ ਜ਼ਿਕਰਯੋਗ ਹੈ ਕਿ ਇਹ ਮਾਮਲਾ ਹਾਈ ਕੋਰਟ ਵਿੱਚ ਵੀ ਪਹੁੰਚ ਗਿਆ ਹੈ ਅਤੇ ਜਿਸ ‘ਤੇ ਹਾਈਕੋਰਟ ਵਿੱਚ ਸੁਣਵਾਈ 29 ਜੁਲਾਈ ਨੂੰ ਹੋਵੇਗੀ।
ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸੇ ਦਿਨ ਹੀ ਸੂਬੇ ਵਿੱਚ 26 ਥਾਵਾਂ ‘ਤੇ ਮਜੀਠੀਆ ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਉਸੇ ਦਿਨ ਹੀ ਸਵੇਰੇ 11:30 ਵਜੇ ਤੋਂ ਬਾਅਦ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ। ਦਾਅਵਾ ਕੀਤਾ ਗਿਆ ਕਿ ਇਹ ਮਜੀਠੀਆ ਤੋਂ ਬਰਾਮਦ ਕੀਤੇ ਗਏ ਹਨ।

ਮਜੀਠੀਆ ਦੇ ਮਾਮਲੇ ’ਚ ਪੁਲਿਸ ਪਹਿਲਾਂ 26 ਜੂਨ ਤੋਂ 1 ਜੁਲਾਈ ਤੱਕ ਦਾ ਰਿਮਾਂਡ ਲੈ ਚੁੱਕੀ ਹੈ। ਇਸ ਤੋਂ ਬਾਅਦ 2 ਜੁਲਾਈ ਤੋਂ 6 ਜੁਲਾਈ ਤੱਕ 4 ਦਿਨ ਦਾ ਪੁਲਿਸ ਰਿਮਾਂਡ ਵੀ ਵਿਜੀਲੈਂਸ ਬਿਊਰੋ ਵੱਲੋਂ ਲਿਆ ਗਿਆ ਸੀ। ਉਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਜਿਸ ਦੀ ਮਿਆਦ ਅੱਜ ਪੂਰੀ ਹੋ ਰਹੀ ਹੈ।
