ਮੋਹਾਲੀ, 14 ਅਗਸਤ 2025 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਕਰੀਬ 12:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 28 ਤਰੀਕ ਨੂੰ ਹੋਵੇਗੀ।
ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਦੁਪਹਿਰ ਦੇ ਖਾਣੇ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕੀਤੀ ਜਾਣੀ ਹੈ। ਮਜੀਠੀਆ ਨੂੰ ਬੀਤੇ ਦਿਨ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਸੀ। ਅਦਾਲਤ ਨੇ ਜ਼ਮਾਨਤ ਅਰਜ਼ੀ ‘ਤੇ ਦੋ ਘੰਟਿਆਂ ਤੋਂ ਵੱਧ ਦਲੀਲਾਂ ਸੁਣਨ ਤੋਂ ਬਾਅਦ ਮੁੜ ਅੱਜ ਦੀ ਤਰੀਕ ਦੇ ਦਿੱਤੀ ਸੀ।

ਬੀਤੇ ਦਿਨ ਅਦਾਲਤ ‘ਚ ਸਰਕਾਰੀ ਧਿਰ ਦੀ ਤਰਫੋਂ ਵਿਸ਼ੇਸ਼ ਸਰਕਾਰੀ ਵਕੀਲ ਪ੍ਰੀਤ ਇੰਦਰ ਪਾਲ ਸਿੰਘ ਅਤੇ ਫੈਰੀ ਸੋਫਤ ਪੇਸ਼ ਹੋਏ, ਜਦਕਿ ਬਚਾਅ ਧਿਰ ਦੀ ਤਰਫ ਤੋਂ ਵਕੀਲ ਡੀ. ਐਸ. ਸੋਬਤੀ, ਐੱਚ. ਐਸ. ਧਨੋਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਅਗਵਾਈ ਕੀਤੀ।
