“ਬਿੱਲ ਲਿਆਓ ਇਨਾਮ ਪਾਓ” ਯੋਜਨਾ: ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਚੀਮਾ

  • ਬਿੱਲਾਂ ‘ਚ ਬੇਨਿਯਮੀਆਂ ਕਰਨ ਵਾਲਿਆਂ ਨੂੰ 9.07 ਕਰੋੜ ਰੁਪਏ ਦੇ ਜੁਰਮਾਨੇ, 135 ਨਵੀਆਂ ਰਜਿਸਟ੍ਰੇਸ਼ਨਾਂ ਹੋਈਆਂ
  • ਯੋਜਨਾ ਦੇ ਜੁਲਾਈ 2025 ਦੇ ਡਰਾਅ ਵਿੱਚ 257 ਜੇਤੂਆਂ ਨੇ ਜਿੱਤੇ 15,30,015 ਰੁਪਏ

ਚੰਡੀਗੜ੍ਹ, 10 ਅਗਸਤ 2025 – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ” ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕੀਤਾ। ਜ਼ਿੰਮੇਵਾਰ ਖਪਤਕਾਰ ਵਤੀਰੇ ਨੂੰ ਉਤਸ਼ਾਹਿਤ ਕਰਨ ਅਤੇ ਕਰ ਪਾਲਣਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ ਗਵਾਹੀ ਭਰੀ ਜਿਸ ਤਹਿਤ ਸਤੰਬਰ 2023 ਵਿੱਚ ਇਸਦੀ ਸ਼ੁਰੂਆਤ ਤੋਂ ਜੁਲਾਈ 2025 ਤੱਕ ‘ਮੇਰਾ ਬਿੱਲ ਐਪ’ ‘ਤੇ ਕੁੱਲ 1,76,832 ਬਿੱਲ ਅਪਲੋਡ ਕੀਤੇ ਗਏ। ਇਸ ਦੇ ਨਤੀਜੇ ਵਜੋਂ 5,644 ਜੇਤੂਆਂ ਨੇ 3,35,80,215 ਰੁਪਏ ਦੇ ਇਨਾਮ ਜਿੱਤੇ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਬਿੱਲ ਮੰਗਣ ਲਈ ਉਤਸ਼ਾਹਿਤ ਕਰਨ ਵਾਲੀ ਇਸ ਸਕੀਮ ਦਾ ਕਰ ਲਾਗੂਕਰਨ ‘ਤੇ ਡੂੰਘਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ੀ ਪਾਏ ਗਏ ਅਦਾਰਿਆਂ ਵਿਰੁੱਧ 9,07,06,102 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਜੁਰਮਾਨੇ ਵਿੱਚੋਂ, 7,30,92,230 ਰੁਪਏ ਵਸੂਲ ਕੀਤੇ ਜਾ ਚੁੱਕੇ ਹਨ, ਜੋ ਕਿ ਵਿੱਤੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਸਦਕਾ 135 ਨਵੀਆਂ ਰਜਿਸਟ੍ਰੇਸ਼ਨਾਂ ਹੋਣ ਨਾਲ ਕਰ ਦਾਇਰੇ ਦਾ ਹੋਰ ਵਿਸਤਾਰ ਹੋਇਆ ਹੈ।

ਵਿੱਤ ਮੰਤਰੀ ਨੇ 7 ਅਗਸਤ ਨੂੰ ਪਟਿਆਲਾ ਵਿੱਚ ਕਰ ਅਤੇ ਆਬਕਾਰੀ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਜੁਲਾਈ 2025 ਲਈ ਕੱਢੇ ਗਏ ਲੱਕੀ ਡਰਾਅ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜੁਲਾਈ 2025 ਦੌਰਾਨ ‘ਮੇਰਾ ਬਿੱਲ’ ਐਪ ‘ਤੇ 6,345 ਬਿੱਲ ਅਪਲੋਡ ਕੀਤੇ ਗਏ ਅਤੇ ਡਰਾਅ ਦੇ ਨਤੀਜੇ ਵਜੋਂ 257 ਜੇਤੂਆਂ ਨੇ ਕੁੱਲ 15,30,015 ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਲੋੜੀਂਦੇ ਵੇਰਵੇ ਜਿਸ ਵਿੱਚ ਮੁੱਖ ਤੌਰ ‘ਤੇ ਜੇਤੂ ਦਾ ਖਾਤਾ ਨੰਬਰ ਸ਼ਾਮਲ ਹੈ, ਪ੍ਰਾਪਤ ਹੋਣ ‘ਤੇ ਜੇਤੂਆਂ ਦੇ ਖਾਤਿਆਂ ਵਿੱਚ ਤੁਰੰਤ ਇਨਾਮੀ ਰਾਸ਼ੀ ਟ੍ਰਾਂਸਫਰ ਕਰ ਦਿੰਦਾ ਹੈ। ਜੇਤੂਆਂ ਨੂੰ ਜਲਦੀ ਤੋਂ ਜਲਦੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ ਅਤੇ ਕੁਸ਼ਲਤਾ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ।

ਲੋਕਾਂ ਦੀ ਨਿਰੰਤਰ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਖਰੀਦਾਂ ਲਈ ਬਿੱਲ ਮੰਗ ਕੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਰ ਇੱਕ ਅਪਲੋਡ ਕੀਤਾ ਗਿਆ ਬਿੱਲ ਨਾ ਸਿਰਫ਼ ਜਿੱਤਣ ਦਾ ਮੌਕਾ ਦਿੰਦਾ ਹੈ, ਸਗੋਂ ਕਰ ਚੋਰੀ ਨੂੰ ਰੋਕਣ ਅਤੇ ਕਰ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਯਤਨਾਂ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਪੈਟਰੋਲੀਅਮ ਉਤਪਾਦਾਂ (ਕੱਚਾ ਤੇਲ, ਪੈਟਰੋਲ, ਡੀਜ਼ਲ, ਏਵੀਏਸ਼ਨ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ ਸਮੇਤ), ਸ਼ਰਾਬ, ਰਾਜ ਤੋਂ ਬਾਹਰ ਦੀ ਖਰੀਦਦਾਰੀ, ਅਤੇ ਬਿਜਨਸ ਤੋਂ ਬਿਜਨਸ (ਬੀ 2 ਬੀ) ਲੈਣ-ਦੇਣ ਨਾਲ ਸਬੰਧਤ ਬਿੱਲਾਂ ਨੂੰ ਯੋਜਨਾ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰਾਅ ਲਈ ਸਿਰਫ਼ ਪਿਛਲੇ ਮਹੀਨੇ ਕੀਤੀਆਂ ਗਈਆਂ ਖਰੀਦਦਾਰੀ ਦੇ ਬਿੱਲਾਂ ‘ਤੇ ਵਿਚਾਰ ਕੀਤਾ ਜਾਂਦਾ ਹੈ, ਜਿਸ ਨਾਲ ਯੋਜਨਾ ਦੀ ਨਿਰਪੱਖਤਾ ਅਤੇ ਸੰਚਾਲਨ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਇਆ ਜਾਂਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਦੀ ਸਫਲਤਾ ਨਾਗਰਿਕ-ਸੰਚਾਲਿਤ ਸ਼ਾਸਨ ਦੀ ਸ਼ਕਤੀ ਦਾ ਪ੍ਰਮਾਣ ਹੈ ਅਤੇ ਇੱਕ ਵਧੇਰੇ ਜਵਾਬਦੇਹ ਅਤੇ ਆਮ ਲੋਕਾਂ ਦੀ ਹਿੱਸੇਦਾਰੀ ਵਾਲੇ ਵਿੱਤੀ ਢਾਂਚੇ ਦੇ ਨਿਰਮਾਣ ਪ੍ਰਤੀ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਕੀਮ ਦਾ ਦੋਹਰਾ ਪ੍ਰਭਾਵ ਚੌਕਸ ਖਪਤਕਾਰਾਂ ਨੂੰ ਇਨਾਮ ਦੇਣ ਦੇ ਨਾਲ-ਨਾਲ ਸੂਬੇ ਦੇ ਕਰ ਲਾਗੂਕਰਨ ਢਾਂਚੇ ਨੂੰ ਹੋਰ ਮਜੂਬਤ ਕਰ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

Bishop Cotton School ਤੋਂ ਲਾਪਤਾ ਵਿਦਿਆਰਥੀਆਂ ਨੂੰ ਲੈ ਕੇ ਵੱਡਾ ਖੁਲਾਸਾ

ਅਮਰੀਕਾ ‘ਚ ਮਸ਼ਹੂਰ ਰੈਪਰ ਦਾ ਘਰ ‘ਚ ਗੋਲੀਆਂ ਮਾਰ ਕੇ ਕਤਲ