ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 6 ਨਵੰਬਰ 2022 – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਦੀ ਅਗਵਾਈ ਸਾਬਕਾ ਮੈਂਬਰ ਮਾਸਟਰ ਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ, ਜਦਕਿ ਜਨਰਲ ਪ੍ਰਬੰਧਕ ਵਜੋਂ ਸ਼੍ਰੋਮਣੀ ਕਮੇਟੀ ਅਧਿਕਾਰੀ ਸ. ਵਰਿੰਦਰ ਸਿੰਘ ਠਰੂ ਅਤੇ ਸ. ਹਰਪਾਲ ਸਿੰਘ ਜਥੇ ਨਾਲ ਗਏ ਹਨ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਅਤੇ ਸਕੱਤਰ ਸ. ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਇਸ ਮੌਕੇ ਜਥਾ ਆਗੂ ਮਾਸਟਰ ਪ੍ਰੀਤ ਸਿੰਘ ਨੇ ਆਖਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਦੀ ਅਗਵਾਈ ਕਰਨਾ ਉਨ੍ਹਾਂ ਦੀ ਖੁਸ਼ਕਿਸਮਤੀ ਹੈ।

ਇਸ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਭਾਵੇਂ ਪੂਰੀ ਦੁਨੀਆਂ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਸਜਾਏ ਜਾਂਦੇ ਹਨ, ਪਰੰਤੂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਦਾ ਹਿੱਸਾ ਬਣਨਾ ਸ਼ਰਧਾਲੂਆਂ ਲਈ ਸੁਭਾਗੇ ਪਲ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਸ਼ਰਧਾਲੂਆਂ ਦੇ ਵੀਜ਼ੇ ਕੱਟਣੇ ਨਹੀਂ ਚਾਹੀਦੇ, ਕਿਉਂਕਿ ਇਸ ਨਾਲ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ 1496 ਸ਼ਰਧਾਲੂਆਂ ਵਿੱਚੋਂ 586 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ, ਜਿਸ ਕਾਰਨ ਸ਼ਰਧਾਲੂਆਂ ਦੇ ਮਨਾਂ ਵਿਚ ਰੋਸ ਹੈ। ਇਹ ਅਤਿ ਅਹਿਮ ਮਾਮਲਾ ਹੈ, ਜਿਸ ਵੱਲ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਉਚੇਚਾ ਧਿਆਨ ਦੇਣਾ ਚਾਹੀਦਾ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਗਿਆ ਜਥਾ ਪਾਕਿਸਤਾਨ ਸਥਿਤ ਹੋਰਨਾਂ ਇਤਿਹਾਸਕ ਗੁਰ-ਅਸਥਾਨਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ 7 ਨਵੰਬਰ ਨੂੰ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਨਾ (ਸ਼ੇਖੂਪੁਰਾ) ਵਿਖੇ ਨਤਮਸਤਕ ਹੋਵੇਗਾ। 8 ਨਵੰਬਰ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਸਮੇਂ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। 9 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਸਨ ਅਬਦਾਲ ਲਈ ਰਵਾਨਾ ਹੋਣਗੇ ਅਤੇ 10 ਨਵੰਬਰ ਨੂੰ ਇਥੇ ਠਹਿਰਣ ਮਗਰੋਂ 11 ਨਵੰਬਰ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜਣਗੇ। 13 ਨਵੰਬਰ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਸ਼ਾਮ ਨੂੰ ਡੇਹਰਾ ਸਾਹਿਬ ਲਾਹੌਰ ਵਿਖੇ ਵਾਪਸ ਪਰਤ ਆਵੇਗਾ। 14 ਨਵੰਬਰ ਨੂੰ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੋਰ ਵਿਖੇ ਰੁਕੇਗਾ, ਜਿਥੋਂ 15 ਨਵੰਬਰ ਨੂੰ ਜਥੇ ਦੀ ਭਾਰਤ ਵਾਪਸੀ ਹੋਵੇਗੀ।

ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਟਾਰੀ ਸਰਹੱਦ ’ਤੇ ਐਂਟਰੀ ਫਾਰਮ ਆਦਿ ਭਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਅਤੇ ਇਸ ਦੇ ਨਾਲ ਹੀ 5 ਬੱਸਾਂ ਇਮੀਗ੍ਰੇਸ਼ਨ ਕੇਂਦਰ ਤੋਂ ਸਰਹੱਦ ਤੱਕ ਸ਼ਰਧਾਲੂਆਂ ਲੈਜਾਣ ਲਈ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਲਈ ਲੰਗਰ ਅਤੇ ਚਾਹ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਯਾਤਰਾ ਬ੍ਰਾਂਚ ਦੇ ਇੰਚਾਰਜ ਸ. ਰਾਜਿੰਦਰ ਸਿੰਘ ਰੂਬੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ, ਸ. ਮੇਜਰ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਤਾ-ਪਿਤਾ ਬਣੇ ਆਲੀਆ-ਰਣਬੀਰ, ਘਰ ਧੀ ਦਾ ਹੋਇਆ ਜਨਮ

ਕਪੂਰਥਲਾ ਦੀ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 2 ਮੋਬਾਈਲ, 1 ਸਿਮ ਕਾਰਡ ਬਰਾਮਦ