ਚੰਡੀਗੜ੍ਹ, 8 ਜੂਨ 2022 – ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਪਿਛਲੇ ਦਿਨੀਂ ਕਾਂਗਰਸ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਭਾਜਪਾ ‘ਚ ਸ਼ਾਮਲ ਹੋਏ ਸਨ ਅਤੇ ਫਿਰ ਉਨ੍ਹਾਂ ਤੋਂ ਬਾਅਦ 5 ਸਾਬਕਾ ਵਿਧਾਇਕ ਅਤੇ ਮੰਤਰੀ ਵੀ ਭਾਜਪਾ ‘ਚ ਸ਼ਾਮਲ ਹੋ ਗਏ ਸਨ ਪਰ ਹੁਣ ਭਾਜਪਾ ਜਲਦ ਹੀ ਅਕਾਲੀ ਦਲ ਵੱਲ ਰੁਖ ਕਰਦੀ ਨਜ਼ਰ ਆ ਰਹੀ ਹੈ। ਸੂਤਰਾਂ ਤੋਂ ਮੀ ਜਾਣਕਾਰੀ ਅਨੁਸਾਰ ਕਈ ਅਕਾਲੀ ਆਗੂਆਂ ਦੀ ਗੱਲ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਚੱਲ ਰਹੀ ਹੈ।
ਅਜਿਹੇ ‘ਚ ਹੀ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਤੋਂ ਅਕਾਲੀ ਦਲ ਨੂੰ ਕਰਾਰਾ ਝਟਕਾ ਦੇ ਸਕਦੀ ਹੈ। ਅੰਮ੍ਰਿਤਸਰ ਵਿੱਚ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਦੀਆਂ ਅੰਮ੍ਰਿਤਸਰ ਪੂਰਬੀ ਤੋਂ ਭਾਜਪਾ ਦੇ ਉਮੀਦਵਾਰ ਆਈਏਐਸ ਜਗਮੋਹਨ ਰਾਜੂ ਨਾਲ ਤਸਵੀਰਾਂ ਵਾਇਰਲ ਹੋਈਆਂ ਹਨ। ਅਮਰਪਾਲ ਸਿੰਘ ਬੋਨੀ ਨੇ ਜਗਮੋਹਨ ਰਾਜੂ ਨੂੰ ਸਨਮਾਨਿਤ ਕੀਤਾ ਅਤੇ ਪ੍ਰਧਾਨ ਮੰਤਰੀ ਦੀ ਸ਼ਲਾਘਾ ਵੀ ਕੀਤੀ।
ਜੇਕਰ ਸਾਬਕਾ ਵਿਧਾਇਕ ਬੋਨੀ ਭਾਜਪਾ ਵਿੱਚ ਜਾਂਦੇ ਹਨ ਤਾਂ ਇਹ ਅਕਾਲੀ ਦਲ ਲਈ ਵੱਡਾ ਝਟਕਾ ਹੋਣ ਵਾਲਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਹੋਣ ਦੇ ਨਾਲ-ਨਾਲ ਬੋਨੀ ਬਿਕਰਮ ਮਜੀਠੀਆ ਖਿਲਾਫ ਡਰੱਗਜ਼ ਕੇਸ ਵਿੱਚ ਸਰਕਾਰੀ ਗਵਾਹ ਵੀ ਹਨ। ਹਾਲਾਂਕਿ ਅਕਾਲੀ ਦਲ ਦਾ ਕਹਿਣਾ ਹੈ ਕਿ ਬੋਨੀ ਵੱਲੋਂ ਦਿੱਤਾ ਗਿਆ ਬਿਆਨ ਝੂਠਾ ਸੀ ਅਤੇ ਇਹ ਬਿਆਨ ਡਰਾ ਧਮਕਾ ਕੇ ਲਿਆ ਗਿਆ ਸੀ।
ਮੀਟਿੰਗ ਵਿੱਚ ਸਾਬਕਾ ਵਿਧਾਇਕ ਬੋਨੀ ਨੇ ਜਿੱਥੇ ਜਗਮੋਹਨ ਰਾਜੂ ਨੂੰ ਸਨਮਾਨਿਤ ਕੀਤਾ, ਉੱਥੇ ਹੀ ਆਈਏਐਸ ਰਾਜੂ ਦੇ ਸਾਹਮਣੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਵੀ ਕੀਤੀ। ਬੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 8 ਸਾਲ ਪੂਰੇ ਹੋਣ ‘ਤੇ ਵਧਾਈ ਦਿੱਤੀ। ਬੋਨੀ ਅਜਨਾਲਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਦੀ ਭਲਾਈ ਲਈ ਲਿਆਂਦੀਆਂ ਵੱਖ-ਵੱਖ ਸਕੀਮਾਂ ਤੋਂ ਬਹੁਤ ਪ੍ਰਭਾਵਿਤ ਹਨ। ਉਹ ਇਨ੍ਹਾਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ।