ਲੁਧਿਆਣਾ, 3 ਅਪ੍ਰੈਲ 2025: ਲੁਧਿਆਣਾ ਪੱਛਮੀ ਹਲਕੇ ਵਿਚ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਸਿਆਸੀ ਮੈਦਾਨ ਸਜਣਾ ਸ਼ੁਰੂ ਹੋ ਚੁੱਕਿਆ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਤੇ ਉਨ੍ਹਾਂ ਦੇ ਹੱਕ ਵਿਚ ਰੈਲੀਆਂ ਵੀ ਸ਼ੁਰੂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਹੁਣ ਭਾਰਤੀ ਜਨਤਾ ਪਾਰਟੀ ਨੇ ਵੀ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਬਜ਼ਰਵਰ ਨਿਯੁਕਤ ਕੀਤੇ ਹਨ। ਭਾਜਪਾ ਵੱਲੋਂ ਪੰਜਾਬ ਭਾਜਪਾ ਦੇ ਕੋ-ਇੰਚਾਰਜ ਅਤੇ ਕੌਮੀ ਸਕੱਤਰ ਵਿਧਾਇਕ ਡਾ. ਨਰਿੰਦਰ ਸਿੰਘ ਰੈਣਾ ਨੂੰ ਇਨ੍ਹਾਂ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਬਜ਼ਰਵਰਾਂ ਦੀ ਸੂਚੀ ਵਿਚ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਮੋਨਾ ਜੈਸਵਾਲ ਦਾ ਨਾਂ ਵੀ ਸ਼ਾਮਲ ਹੈ।

ਇੱਥੇ ਦੱਸ ਦਈਏ ਕਿ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਸੀ, ਜਿਸ ਮਗਰੋਂ ਇਹ ਸੀਟ ਖ਼ਾਲੀ ਹੋ ਗਈ ਸੀ। ਇਸ ਸੀਟ ‘ਤੇ ਛੇਤੀ ਹੀ ਜ਼ਿਮਨੀ ਚੋਣ ਦਾ ਐਲਾਨ ਹੋ ਸਕਦਾ ਹੈ, ਪਰ ਉਸ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਪੱਧਰ ‘ਤੇ ਸਰਗਰਮੀਆਂ ਸ਼ੁਰੂ ਕਰ ਵੀ ਦਿੱਤੀਆਂ ਹਨ। ਆਮ ਆਦਮੀ ਪਾਰਟੀ ਪਹਿਲਾਂ ਹੀ ਆਪਣੇ ਉਮੀਦਵਾਰ ਦਾ ਐਲਾਨ ਕਰ ਚੁੱਕੀ ਹੈ, ਉੱਥੇ ਹੀ ਕਾਂਗਰਸ ਅਤੇ ਭਾਜਪਾ ਵੱਲੋਂ ਵੀ ਉਮੀਦਵਾਰ ਦੇ ਐਲਾਨ ਲਈ ਮੰਥਨ ਕੀਤਾ ਜਾ ਰਿਹਾ ਹੈ।

