ਤਰਨਤਾਰਨ, 5 ਅਪ੍ਰੈਲ 2025 – ਬੀਤੀ ਦੋ ਅਪ੍ਰੈਲ ਵਾਲੇ ਦਿਨ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਮਾੜੀ ਗੌੜ ਸਿੰਘ ਦੇ ਨੌ ਸਾਲਾ ਬੱਚੇ ਗੁਰਪਿਆਰ ਸਿੰਘ ਦੀ ਭੇਦ ਭਰੇ ਹਾਲਾਤ ਵਿਚ ਪਿੰਡ ਦੀ ਨਹਿਰ ਤੋਂ ਲਾਸ਼ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
ਪੁਲਸ ਵੱਲੋਂ ਮ੍ਰਿਤਕ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਮੁਖ ਸਿੰਘ ਦੱਸਿਆ ਕਿ ਦੋ ਅਪ੍ਰੈਲ ਵਾਲੇ ਦਿਨ ਗੁਰਪਿਆਰ ਸਿੰਘ ਘਰ ਦੇ ਗੇਟ ਅੱਗੇ ਖਲੋਤਾ ਸੀ ਅਤੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਮੁੰਡਾ ਗੁੰਮਸ਼ੁਦਾ ਹੋ ਗਿਆ ਹੈ।
ਪਰਿਵਾਰ ਨੇ ਸ਼ੰਕਾ ਜ਼ਾਹਿਰ ਕੀਤੀ ਕਿ ਪਿੰਡ ਦੀ ਹੀ ਰਹਿਣ ਵਾਲੀ ਇਕ ਔਰਤ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਅਗਵਾ ਕੀਤਾ ਗਿਆ ਸੀ। ਪਰਿਵਾਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਮੁੰਡੇ ਗੁਰਪਿਆਰ ਸਿੰਘ ਦੀ ਭੇਦ ਭਰੇ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ, ਉਥੇ ਮ੍ਰਿਤਕ ਦੀ ਮਾਂ ਸਰਬਜੀਤ ਕੌਰ ਰੋ-ਰੋ ਕੇ ਬੋਲ ਰਹੀ ਕਿ ਉਸਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਪਾਸੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਇਸ ਮਾਮਲੇ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੌਕੇ ’ਤੇ ਪਹੁੰਚੇ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਥਾਣਾ ਭਿੱਖੀਵਿੰਡ ਦੀ ਪੁਲਸ ਨੂੰ ਦਰਖਾਸਤ ਦਿੱਤੀ ਗਈ ਸੀ ਕਿ ਉਨ੍ਹਾਂ ਦਾ ਨੌ ਸਾਲਾ ਮੁੰਡਾ ਗੁਰਪਿਆਰ ਸਿੰਘ ਕਿਧਰੇ ਗੁੰਮ ਹੋ ਗਿਆ ਹੈ ਅਤੇ ਮਿਤੀ ਚਾਰ ਅਪ੍ਰੈਲ ਨੂੰ ਨੌਜਵਾਨ ਦੀ ਲਾਸ਼ ਪਿੰਡ ਦੀ ਨਹਿਰ ਤੋਂ ਬਰਾਮਦ ਹੋਈ ਹੈ।
ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਪਿੰਡ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਨੂੰ ਵੀ ਖੰਗਾਲਿਆ ਗਿਆ ਹੈ ਅਤੇ ਬੱਚੇ ਦੇ ਅਗਵਾ ਹੋਣ ਦੀ ਅਜਿਹੀ ਕੋਈ ਵੀ ਗੱਲ ਸਾਹਮਣੇ ਨਹੀਂ ਆਈ ਸੀ ਪ੍ਰੰਤੂ ਅੱਜ ਜਦੋਂ ਨੌਜਵਾਨ ਦੀ ਲਾਸ਼ ਪਿੰਡ ਦੀ ਨਹਿਰ ਤੋਂ ਭੇਦ ਭਰੇ ਹਾਲਾਤ ਵਿਚ ਬਰਾਮਦ ਕੀਤੀ ਗਈ ਹੈ, ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ। ਡੀ.ਐੱਸ.ਪੀ ਨੇ ਕਿਹਾ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਤੋਂ ਬਾਅਦ ਹੀ ਬੱਚੇ ਦੀ ਮੌਤ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ।
