ਦੁਬਈ ‘ਚ ਲਾਵਾਰਿਸ ਪਏ ਜਗਤਾਰ ਦਾ ਮ੍ਰਿਤਕ ਸਰੀਰ ਡਾ.ਓਬਰਾਏ ਦੀ ਬਦੌਲਤ ਭਾਰਤ ਪੁੱਜਾ

  • ਕਰੀਬ ਡੇਢ ਮਹੀਨਾ ਪਹਿਲਾਂ ਆਪਣੇ ਹੱਥੀਂ ਮੌਤ ਨੂੰ ਲਾ ਲਿਆ ਸੀ ਗਲ਼ੇ
  • ਪੀੜਤ ਪਰਿਵਾਰ ਨੂੰ ਟਰੱਸਟ ਦੇਵੇਗਾ ਤਿੰਨ ਹਜ਼ਾਰ ਰੁਪਏ ਪੈਨਸ਼ਨ : ਡਾ.ਓਬਰਾਏ

ਅੰਮ੍ਰਿਤਸਰ, 16 ਅਪ੍ਰੈਲ 2022 – ਆਪਣੇ ਚੰਗੇਰੇ ਭਵਿੱਖ ਲਈ ਖਾੜੀ ਮੁਲਕਾਂ ‘ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਫਿਲੌਰ ਤਹਿਸੀਲ ਦੇ ਪਿੰਡ ਕਤਪਾਲੋਂ ਨਾਲ ਸਬੰਧਿਤ 40 ਸਾਲਾ ਜਗਤਾਰ ਸਿੰਘ ਪੁੱਤਰ ਮੋਹਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਜਗਤਾਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਢਾਈ ਮਹੀਨੇ ਪਹਿਲਾਂ ਦੁਬਈ ਆਇਆ ਸੀ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਤਾਰ ਨੂੰ ਭੇਜਣ ਵਾਲੇ ਏਜੰਟ ਨੇ ਧੋਖਾ ਕਰਦਿਆਂ ਉਸ ਨੂੰ ਕੰਪਨੀ ਦਾ ਵੀਜ਼ਾ ਕਹਿ ਕੇ ਵਿਜ਼ਟਰ ਵੀਜ਼ੇ ‘ਤੇ ਹੀ ਦੁਬਈ ਭੇਜ ਦਿੱਤਾ ਸੀ। ਦੁਬਈ ਜਾ ਕੇ ਕੋਈ ਕੰਮਕਾਰ ਨਾ ਮਿਲਣ ਕਾਰਨ ਉਸ ਨੂੰ ਦੋ ਵੇਲਿਆਂ ਦੀ ਰੋਟੀ ਵੀ ਨਸੀਬ ਨਹੀਂ ਸੀ ਹੁੰਦੀ। ਉਨ੍ਹਾਂ ਦੱਸਿਆ ਕਿ ਜਗਤਾਰ ਕੋਈ ਕੰਮਕਾਰ ਨਾ ਹੋਣ ਦੇ ਨਾਲ-ਨਾਲ ਆਪਣਾ ਵਿਜ਼ਟਰ ਵੀਜ਼ਾ ਵੀ ਖਤਮ ਹੋਣ ਕਾਰਨ ਬਹੁਤ ਪ੍ਰੇਸ਼ਾਨ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਬੀਤੀ 5 ਮਾਰਚ ਨੂੰ ਆਪਣੇ ਹੱਥੀਂ ਮੌਤ ਨੂੰ ਗਲ਼ੇ ਲਾ ਲਿਆ।

ਉਨ੍ਹਾਂ ਦੱਸਿਆ ਕਿ ਦੁਬਈ ਪੁਲਿਸ ਨੇ ਭਾਰਤੀ ਦੂਤਾਵਾਸ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਉਕਤ ਨੌਜਵਾਨ ਦੀ ਪਿਛਲੇ ਡੇਢ ਮਹੀਨੇ ਤੋਂ ਲਾਵਾਰਿਸ ਪਈ ਮ੍ਰਿਤਕ ਦੇਹ ਸਬੰਧੀ ਉਸ ਦੇ ਵਾਰਸਾਂ ਨੂੰ ਜਾਣੂ ਕਰਵਾਉਣ ਲਈ ਕਿਹਾ ਸੀ। ਜਿਸ ਉਪਰੰਤ ਸਾਰੀ ਜਾਣਕਾਰੀ ਲੈ ਕੇ ਉਨ੍ਹਾਂ ਟਰੱਸਟ ਦੀ ਦੋਆਬਾ ਟੀਮ ਦੇ ਇੰਚਾਰਜ ਅਮਰਜੋਤ ਸਿੰਘ ਰਾਹੀਂ ਪੀਡ਼ਤ ਪਰਿਵਾਰ ਨੂੰ ਇਸ ਅਣਹੋਣੀ ਤੋਂ ਜਾਣੂ ਕਰਵਾਇਆ ਸੀ। ਪਰਿਵਾਰ ਨਾਲ ਰਾਬਤਾ ਹੋਣ ‘ਤੇ ਉਨ੍ਹਾਂ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਜਗਤਾਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਫੈਸਲਾ ਕੀਤਾ ਹੈ ਕਿ ਜਗਤਾਰ ਦੇ ਪਰਿਵਾਰ ਨੂੰ ਗੁਜ਼ਾਰੇ ਲਈ ਟਰੱਸਟ ਵੱਲੋਂ ਤਿੰਨ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
ਪੀੜਤ ਪਰਿਵਾਰਾਂ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 302 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਮ੍ਰਿਤਕ ਦੇ ਭਰਾ ਪਰਵਿੰਦਰ ਸਿੰਘ, ਧਰਮਿੰਦਰ ਸਿੰਘ, ਰਮਨਦੀਪ ਸਿੰਘ ਅਤੇ ਚਾਚਾ ਗੁਰਮੇਜ ਸਿੰਘ ਤੇ ਸੋਢੀ ਸਿੰਘ ਨੇ ਡਾ.ਐਸ.ਪੀ.ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਗਤਾਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਸ਼ਨੀਵਾਰ ਨੂੰ ਕਿਸਾਨਾਂ ਨੂੰ ਮਿਲੇਗੀ 2000 ਕਰੋੜ ਰੁਪਏ ਤੋਂ ਵੱਧ ਰਾਸ਼ੀ

ਕ੍ਰਿਕਟਰ ਹਰਭਜਨ ਨੇ ਕਿਸਾਨਾਂ ਦੀਆਂ ਧੀਆਂ ਦੀ ਪੜ੍ਹਾਈ ਲਈ ਆਪਣੀ ਰਾਜ ਸਭਾ ਦੀ ਤਨਖਾਹ ਦੇਣ ਦਾ ਕੀਤਾ ਐਲਾਨ